ਚੰਡੀਗੜ੍ਹ: ਪੰਜਾਬ ਦੇ ਸਕੂਲਾਂ ਵਿੱਚ 12ਵੀਂ ਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਦੀ ਵਿਵਾਦਤ ਕਿਤਾਬ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸਿੱਖ ਗੁਰੂਆਂ ਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਬਾਰੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਭਰੋਸਾ ਦਿੱਤਾ ਹੈ ਕਿ ਵਿਵਾਦਤ ਕਿਤਾਬਾਂ ਨੂੰ ਜ਼ਬਤ ਕੀਤਾ ਜਾਵੇਗਾ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਪੰਜਾਬ ਦੇ ਸਕੂਲਾਂ ਵਿੱਚ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਦੀ ਵਿਵਾਦਤ ਕਿਤਾਬ ਪੜ੍ਹਾਉਣ ਵਿਰੁੱਧ ਸਿੱਖਿਆ ਬੋਰਡ ਦੇ ਬਾਹਰ ਲੜੀਵਾਰ ਧਰਨਾ ਚੱਲ ਰਿਹਾ ਹੈ। ਮੰਗਲਵਾਰ ਨੂੰ ਸਿੱਖਿਆ ਮੰਤਰੀ ਪਰਗਟ ਸਿੰਘ ਧਰਨੇ ਵਿੱਚ ਪੁੱਜੇ।

ਉਨ੍ਹਾਂ ਸਿੱਖ ਗੁਰੂਆਂ ਤੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਬਾਰੇ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਵਾਦਤ ਕਿਤਾਬ ਦੇ ਪੰਨੇ ਫਰੋਲੇ ਤੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਵਿਵਾਦਤ ਕਿਤਾਬਾਂ ਨੂੰ ਜ਼ਬਤ ਕੀਤਾ ਜਾਵੇਗਾ ਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵਿਦਿਆਰਥੀਆਂ ਤਕ ਸਹੀ ਪਾਠਕ੍ਰਮ ਪੁੱਜਦਾ ਕੀਤਾ ਜਾਵੇਗਾ ਤੇ ਕਿਤਾਬ ਛਾਪਣ ਤੋਂ ਪਹਿਲਾਂ ਉਸ ਦੀ ਘੋਖ ਕੀਤੀ ਜਾਵੇਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਕੋਲੋਂ ਮੰਗ ਪੱਤਰ ਵੀ ਹਾਸਲ ਕੀਤਾ।      

ਉਧਰ, ਧਰਨਾਕਾਰੀਆਂ ਨੇ ਕਿਹਾ ਕਿ ਜੇਕਰ ਬੱਚਿਆਂ ਨੂੰ ਗਲਤ ਇਤਿਹਾਸ ਪੜ੍ਹਾਇਆ ਜਾਵੇਗਾ ਤਾਂ ਫਿਰ ਉਨ੍ਹਾਂ ਤੋਂ ਚੰਗੇ ਭਵਿੱਖ ਦੀ ਉਮੀਦ ਕਿਵੇਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਾਧਾਰਨ ਮੁਆਫ਼ੀ ਦੇ ਯੋਗ ਨਹੀਂ ਹੈ, ਬਲਕਿ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਨਾਂ ਹੇਠ 1999 ਵਿੱਚ ਛਾਪੀ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦੇ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਸਟੈਂਡ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਜਿਨ੍ਹਾਂ ਤੋਂ ਸਿੱਖ ਪੰਥ ਨੂੰ ਸੁਚੇਤ ਰਹਿਣ ਦੀ ਲੋੜ ਹੈ।


ਇਹ ਵੀ ਪੜ੍ਹੋ: Corona Cases in India: ਦੇਸ਼ 'ਚ ਕੋਰੋਨਾ ਕੇਸਾਂ ਦਾ ਗ੍ਰਾਫ ਮੁੜ ਚੜ੍ਹਿਆ, 24 ਘੰਟਿਆਂ 'ਚ 7554 ਨਵੇਂ ਕੇਸ