Punjab News: ਬੇਅਦਬੀ ਤੇ ਗੋਲੀ ਕਾਂਡ ਸਬੰਧੀ ਬਾਦਲ ਪਰਿਵਾਰ ਖਿਲਾਫ ਐਕਸ਼ਨ ਤੋਂ ਸਿੱਖ ਜਥੇਬੰਦੀਆਂ ਸੰਤੁਸ਼ਟ ਨਜ਼ਰ ਆ ਰਹੀਆਂ ਹਨ। ਇਨਸਾਫ਼ ਮੋਰਚੇ ਸਣੇ ਸਿੱਖ ਲੀਡਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਪ੍ਰਸੰਸਾ ਕੀਤੀ ਹੈ। ਸਿੱਖ ਲੀਡਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਇਸ ਵਿੱਚ ਕਾਫੀ ਦੇਰ ਲੱਗੀ ਹੈ ਪਰ ਹੁਣ ਇਨਸਾਫ ਮਿਲਣ ਦੀ ਉਮੀਦ ਬੱਝ ਗਈ ਹੈ।
ਬਹਿਬਲ ਕਲਾਂ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੇ ਕੋਟਕਪੂਰਾ ਕਾਂਡ ਨਾਲ ਸਬੰਧਤ ਮਾਮਲੇ ਬਾਰੇ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ‘ਆਪ’ ਸਰਕਾਰ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਮੋਰਚਾ ਸਥਾਨ ’ਤੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੇ ਇੱਕ ਪਾਸੇ ਦੇ ਬੰਦ ਰਸਤੇ ਤੋਂ ਰੋਕਾਂ ਹਟਾ ਦਿੱਤੀਆਂ ਹਨ ਤੇ ਸ਼ਨੀਵਾਰ ਨੂੰ ਦੋਵੇਂ ਪਾਸੇ ਆਵਾਜਾਈ ਮੁਕੰਮਲ ਤੌਰ ’ਤੇ ਖੋਲ੍ਹ ਦਿੱਤੀ ਗਈ ਹੈ।
ਮੋਰਚੇ ਦੇ ਆਗੂ ਨਿਆਮੀਵਾਲਾ ਨੇ ਕਿਹਾ ਕਿ ਭਾਵੇਂ ਮੋਰਚੇ ਦੇ ਮੰਚ ਤੋਂ ਸਰਕਾਰ ਦੀ ਮਨਸ਼ਾ ’ਤੇ ਸ਼ੱਕ ਦੀਆਂ ਉਂਗਲਾਂ ਉੱਠਦੀਆਂ ਰਹੀਆਂ ਪਰ ਸਾਜ਼ਿਸ਼ਕਾਰਾਂ ਨੂੰ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਨਾਲ ਯਕੀਨ ਹੋਇਆ ਹੈ ਕਿ ਸਰਕਾਰ ਆਪਣੇ ਵਾਅਦੇ ’ਤੇ ਪੂਰੀ ਉੱਤਰੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕਿਹਾ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਤੇ ਉਹ ਵਧਾਈ ਦੇ ਪਾਤਰ ਹਨ।
ਉਨ੍ਹਾਂ ਮੋਰਚੇ ਦੇ ਸਭ ਸਹਿਯੋਗੀਆਂ ਤੇ ਦਰਦਮੰਦਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਠ ਸਾਲ ਤੋਂ ਜਿਨ੍ਹਾਂ ਵਿਅਕਤੀਆਂ ਨੂੰ ਦੋਸ਼ੀ ਕਹਿੰਦੇ ਆ ਰਹੇ ਸਨ, ਅਖੀਰ ਉਹ ਬੰਦੇ ਸਿਟ ਨੇ ਕੇਸ ਵਿੱਚ ਨਾਮਜ਼ਦ ਕੀਤੇ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ’ਚ ਸਾਰਿਆਂ ਦੇ ਮਸ਼ਵਰੇ ਮਗਰੋਂ 436 ਦਿਨਾਂ ਤੋਂ ਚੱਲ ਰਹੇ ਇਸ ਮੋਰਚੇ ਦੇ ਭਵਿੱਖ ਬਾਰੇ ਫ਼ੈਸਲਾ ਲਿਆ ਜਾਵੇਗਾ।
ਉਧਰ, ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਘਟਨਾਵਾਂ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਜਥੇਦਾਰ ਮੰਡ ਨੇ ਕਿਹਾ ਕਿ ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ’ਤੇ ਅਖ਼ੀਰ ਪੁਲਿਸ ਵੱਲੋਂ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਹੈ ਤੇ ਤਤਕਾਲੀ ਮੁੱਖ ਮੰਤਰੀ, ਗ੍ਰਹਿ ਮੰਤਰੀ, ਡੀਜੀਪੀ ਤੇ ਪੁਲਿਸ ਅਧਿਕਾਰੀਆਂ ਨੂੰ ਕਟਹਿਰੇ ਵਿੱਚ ਲਿਆਂਦਾ ਹੈ।