ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਲਈ ਮਾਰਚ
ਏਬੀਪੀ ਸਾਂਝਾ | 27 Nov 2017 11:55 AM (IST)
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਮੀਟ, ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤੀ ਮਾਰਚ ਕੱਢਿਆ ਗਿਆ। ਮਾਰਚ ਦੀ ਸ਼ੁਰੂਆਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਮਾਰਚ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਹਰ ਧਰਮ ਦੇ ਲੋਕ ਆਉਂਦੇ ਹਨ ਪਰ ਜਦੋਂ ਉਹ ਕਿਸੇ ਵੀ ਰਸਤੇ ਰਾਹੀਂ ਹਰਿਮੰਦਰ ਸਾਹਿਬ ਨੂੰ ਜਾਣ ਲੱਗਦੇ ਹਨ ਤਾਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਦੇਖ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੁਕਾਨਾਂ ਨੂੰ ਜਲਦ ਤੋਂ ਜਲਦ ਇੱਥੋਂ ਹਟਾਇਆ ਜਾਵੇ। ਇਸ ਸ਼ਾਂਤੀ ਮਾਰਚ ਦੀ ਸ਼ੁਰੂਆਤ ਕਰਨ ਵਾਲੇ ਰਣਜੀਤ ਸਿੰਘ ਭੋਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਇਸ ਵੱਲ ਧਿਆਨ ਦੇਣ ਲਈ ਕਿਹਾ ਗਿਆ ਹੈ ਪਰ ਇਹ ਦੁਕਾਨਾਂ ਉਸੇ ਤਰ੍ਹਾਂ ਹੀ ਚੱਲ ਰਹੀਆਂ ਹਨ। ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੁਕਾਨਾਂ ਨੂੰ ਇੱਥੋਂ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਜਾਰੀ ਕਰਨ।