Amrit Pal Singh News : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਹੁਣ ਵਧਣ ਵਾਲੀਆਂ ਹਨ। ਜਿੱਥੇ ਇੱਕ ਪਾਸੇ ਵਿਰੋਧੀ ਪਾਰਟੀਆਂ ਲਗਾਤਾਰ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੀਆਂ ਹਨ। ਹੁਣ ਸਿੱਖ ਜਥੇਬੰਦੀਆਂ ਵੀ ਉਸ ਤੋਂ ਨਾਰਾਜ਼ ਨਜ਼ਰ ਆ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਵੱਲੋਂ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਪੁਲਿਸ ਹਿਰਾਸਤ 'ਚੋਂ ਰਿਹਾਅ ਕਰਵਾਉਣ ਲਈ ਜਿਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਢਾਲ ਬਣਾਇਆ ਗਿਆ, ਉਸ ਤੋਂ ਸਿੱਖ ਜਥੇਬੰਦੀਆਂ ਨਾਰਾਜ਼ ਹੋ ਗਈਆਂ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ।

ਜਾਂਚ ਕਮੇਟੀ ਦਾ ਗਠਨ


ਸਿੱਖ ਜਥੇਬੰਦੀਆਂ ਵਿੱਚ ਵੱਧ ਰਹੀ ਨਾਰਾਜ਼ਗੀ ਦੇ ਮੱਦੇਨਜ਼ਰ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਇਹ ਜਾਂਚ ਕਮੇਟੀ ਘਟਨਾ ਦੀ ਜਾਂਚ ਕਰੇਗੀ ਅਤੇ ਇਹ ਵੀ ਦੱਸੇਗੀ ਕਿ ਕੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਧਰਨੇ ਜਾਂ ਮੁਜ਼ਾਹਰਿਆਂ ਵਿੱਚ ਠੀਕ ਹੈ ਜਾਂ ਨਹੀਂ। ਇਸ ਜਾਂਚ ਵਿੱਚ ਸਿੱਖ ਸੰਸਥਾ ਦੇ ਬੁੱਧੀਜੀਵੀਆਂ ਤੋਂ ਇਲਾਵਾ ਸਿੱਖ ਵਿਦਵਾਨਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਜਾਂਚ ਕਮੇਟੀ ਵੱਲੋਂ ਰਵਾਇਤਾਂ ਅਤੇ ਇਤਿਹਾਸ ਨੂੰ ਧਿਆਨ ਵਿੱਚ ਰੱਖ ਕੇ ਰਿਪੋਰਟ ਤਿਆਰ ਕੀਤੀ ਜਾਵੇਗੀ। ਇਹੀ ਰਿਪੋਰਟ 15 ਦਿਨਾਂ ਦੇ ਅੰਦਰ ਪੇਸ਼ ਕੀਤੀ ਜਾਵੇਗੀ। ਇਸ ਰਿਪੋਰਟ ਦੇ ਆਧਾਰ 'ਤੇ ਹੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ।

 



ਇਸ ਘਟਨਾ ਦੀ ਹਰ ਪਾਸੇ ਹੋ ਰਹੀ ਨਿੰਦਾ 


ਹਿੰਦੂ-ਸਿੱਖ ਏਕਤਾ ਮੰਚ ਦੇ ਪ੍ਰਧਾਨ ਜਸਬੀਰ ਸਿੰਘ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਸੁਖਜੀਤ ਸਿੰਘ ਖੋਸਾ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਥਾਣਾ ਅਜਨਾਲਾ ਵਿਖੇ ਧਰਨੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਲੈ ਕੇ ਜਾਣਾ ਸਿੱਖ ਮਰਿਆਦਾ ਦੇ ਖ਼ਿਲਾਫ਼ ਹੈ। ਦੱਸ ਦੇਈਏ ਕਿ ਅਜਨਾਲਾ ਦੀ ਘਟਨਾ ਦੀ ਸਿਆਸੀ ਪਾਰਟੀਆਂ ਵੱਲੋਂ ਵੀ ਨਿੰਦਾ ਕੀਤੀ ਜਾ ਰਹੀ ਹੈ। ਅਜਨਾਲਾ ਕਾਂਡ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਘੇਰਿਆ ਜਾ ਰਿਹਾ ਹੈ।