ਚੰਡੀਗੜ੍ਹ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਰਵਾਹ ਨਾ ਕਰਦਿਆਂ ਕਈ ਸਿੱਖ ਲੀਡਰ ਰਾਸ਼ਟਰੀ ਸਿੱਖ ਸੰਗਤ ਵੱਲੋਂ 25 ਅਕਤੂਬਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਕਰਾਏ ਗਏ ਸਮਾਗਮ ਵਿੱਚ ਸ਼ਾਮਲ ਹੋਏ ਸੀ। ਹੁਣ ਇਨ੍ਹਾਂ ਸਿੱਖਾਂ ਖਿਲਾਫ ਕਾਰਵਾਈ ਦੀ ਮੰਗ ਉੱਠੀ ਹੈ।
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ਼ਨੀਵਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਨੇ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਅਕਾਲ ਤਖ਼ਤ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੰਥਕ ਕਾਰਵਾਈ ਦੀ ਮੰਗ ਕੀਤੀ ਹੈ।
ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਵਿੱਚ ਕੇਂਦਰੀ ਕੈਬਨਿਟ ਮੰਤਰੀ ਹਰਦੀਪ ਸਿੰਘ ਪੁਰੀ, ਨਾਮਧਾਰੀ ਆਗੂ ਠਾਕੁਰ ਦਲੀਪ ਸਿੰਘ, ਸੁਪਰੀਮ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਸੂਰੀ, ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਗੁਰਚਰਨ ਸਿੰਘ ਗਿੱਲ, ਸਾਬਕਾ ਮੰਤਰੀ ਹਰਸ਼ਰਨ ਸਿੰਘ ਬੱਲੀ, ਹਰਵਿੰਦਰ ਸਿੰਘ ਲਵਲੀ, ਇੰਦਰਪ੍ਰੀਤ ਸਿੰਘ ਬਖਸ਼ੀ ਤੇ ਤਖ਼ਤ ਹਜ਼ੂਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਤਾਰਾ ਸਿੰਘ, ਬਖਸ਼ੀਸ਼ ਸਿੰਘ ਹਰਿਆਣਾ ਸ਼ਾਮਲ ਹੋਏ ਸਨ।
ਕਾਬਲੇਗੌਰ ਹੈ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ ਦਿੱਲੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ ਸੀ। ਇਸ ਬਾਰੇ ਸ੍ਰੀ ਅਕਾਲ ਤਖ਼ਤ ਤੋਂ ਸਮੁੱਚੀ ਸਿੱਖ ਕੌਮ ਨੂੰ ਸਮਾਗਮ ਦਾ ਬਾਈਕਾਟ ਕਰਨ ਦੀ ਹਦਾਇਤ ਕੀਤੀ ਗਈ ਸੀ ਪਰ ਕੁਝ ਸਿੱਖ ਆਗੂਆਂ ਨੇ ਇਸ ਸਮਾਗਮ ਵਿੱਚ ਸ਼ਮੂਲੀਅਤ ਕੀਤੀ, ਜੋ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਹੈ।