ਸਿੱਖ ਸਿਆਸਤ ਗਰਮਾਈ! ਹਰਿਆਣਾ ਦੀ ਗੁਰਦੁਆਰਾ ਕਮੇਟੀ ਨਾਲ ਡਟੇ ਦਿੱਲੀ ਦੇ ਪ੍ਰਧਾਨ, ਸ਼੍ਰੋਮਣੀ ਕਮੇਟੀ ਨੇ ਦੱਸਿਆ ਆਰਐਸਐਸ ਦਾ ਦਖਲ
ਗੁਰਦੁਆਰਾ ਡੇਰਾ ਅੱਡਣਸ਼ਾਹੀ, ਸੰਤਪੁਰਾ (ਯਮੁਨਾਨਗਰ) ਦੇ ਮੁਖੀ ਬਾਬਾ ਕਰਮਜੀਤ ਸਿੰਘ ਨੂੰ ਹਰਿਆਣਾ ਦੀ ਐਡਹਾਕ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਸੌਂਪਣ ਮਗਰੋਂ ਸਿੱਖ ਸਿਆਸਤ ਗਰਮਾ ਗਈ ਹੈ।
ਚੰਡੀਗੜ੍ਹ: ਗੁਰਦੁਆਰਾ ਡੇਰਾ ਅੱਡਣਸ਼ਾਹੀ, ਸੰਤਪੁਰਾ (ਯਮੁਨਾਨਗਰ) ਦੇ ਮੁਖੀ ਬਾਬਾ ਕਰਮਜੀਤ ਸਿੰਘ ਨੂੰ ਹਰਿਆਣਾ ਦੀ ਐਡਹਾਕ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਮਾਨ ਸੌਂਪਣ ਮਗਰੋਂ ਸਿੱਖ ਸਿਆਸਤ ਗਰਮਾ ਗਈ ਹੈ। ਇੱਕ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਇਸ ਦਾ ਸਵਾਗਤ ਕੀਤਾ ਤਾਂ ਦੂਜਾ ਪਾਸੇ ਸ਼੍ਰੋਮਣੀ ਕਮੇਟੀ ਨੇ ਨਵੀਂ ਚੁਣੀ ਗਈ ਕਮੇਟੀ ਨੂੰ ਸਰਕਾਰੀ ਕਮੇਟੀ ਕਰਾਰ ਦਿੰਦਿਆਂ ਇਸ ਨੂੰ ਰੱਦ ਕਰ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਦਾ ਮੰਤਵ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਹੈ।
ਦਿੱਲੀ ਕਮੇਟੀ ਹੱਕ 'ਚ ਡਟੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਬਾਬਾ ਕਰਮਜੀਤ ਸਿੰਘ ਯਮੁਨਾਨਗਰ ਨੁੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਮੁਬਾਰਕਬਾਦ ਦਿੰਦਿਆਂ ਭਰੋਸਾ ਦੁਆਇਆ ਹੈ ਕਿ ਉਨ੍ਹਾਂ ਦੀ ਹਰਿਆਣਾ ਦੀ ਨਵੀਂ ਟੀਮ ਨੂੰ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਹੁਣ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਾਸਤੇ ਹਰਿਆਣਾ ਗੁਰਦੁਆਰਾ ਕਮੇਟੀ ਦੀ ਨਵੀਂ ਟੀਮ ਨਾਲ ਰਲ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਦਿੱਲੀ ਵਾਂਗ ਹਰਿਆਣਾ ਵਿੱਚ ਵੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਘਰ-ਘਰ ਪਹੁੰਚਾਉਣ ਦੀ ਮੁਹਿੰਮ ਵਿੱਢਣ ਵਾਸਤੇ ਭਰਪੂਰ ਸਹਿਯੋਗ ਦਿੱਤਾ ਜਾਵੇਗਾ।
ਸਭ ਕੁਝ ਆਰਐਸਐਸ ਦੇ ਇਸ਼ਾਰੇ ’ਤੇ ਹੋ ਰਿਹਾ
ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਅਜਿਹੀ ਕਿਸੇ ਵੀ ਸਰਕਾਰੀ ਕਮੇਟੀ ਨੂੰ ਪ੍ਰਵਾਨ ਨਹੀਂ ਕਰੇਗੀ ਤੇ ਇਸ ਦਾ ਵਿਰੋਧ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਇਹ ਪੰਥਕ ਸੰਸਥਾਵਾਂ ਨੂੰ ਤੋੜਨ ਦੀ ਇੱਕ ਚਾਲ ਹੈ ਜੋ ਆਰਐਸਐਸ ਦੇ ਇਸ਼ਾਰੇ ’ਤੇ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਇਹ ਚੋਣ ਗੁਰੂ ਘਰ ਦੀ ਥਾਂ ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕਰਵਾਈ ਗਈ ਹੈ, ਜੋ ਸਿੱਧ ਕਰਦੀ ਹੈ ਕਿ ਹਰਿਆਣਾ ਕਮੇਟੀ ਦਾ ਪੰਥਕ ਸਰੋਕਾਰਾਂ ਨਾਲ ਕੋਈ ਸਬੰਧ ਨਹੀਂ।
ਇਸ ਦੇ ਨਾਲ ਹੀ ਹਰਿਆਣਾ ਦੇ ਸਿੱਖ ਮੈਂਬਰ ਵੀ ਕਈ ਹਿੱਸਿਆਂ ਵਿੱਚ ਵੰਡੇ ਗਏ ਹਨ। ਹਾਸਲ ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਸੀਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਦੀਦਾਰ ਸਿੰਘ ਨਲਵੀ ਦਾ ਨਾਮ ਪੇਸ਼ ਕੀਤਾ ਗਿਆ ਸੀ। ਜਦੋਂ ਕੁਝ ਮੈਂਬਰ ਅਜੇ ਇਸ ਨੂੰ ਪ੍ਰਵਾਨਗੀ ਦੇ ਰਹੇ ਸਨ ਤਾਂ ਭੁਪਿੰਦਰ ਸਿੰਘ ਦਾ ਨਾਮ ਵੀ ਪੇਸ਼ ਕਰ ਦਿੱਤਾ ਗਿਆ। ਇਸ ਤੋਂ ਦੀਦਾਰ ਸਿੰਘ ਨਲਵੀ ਨਾਰਾਜ਼ ਹੋ ਗਏ ਤੇ ਉਹ ਮੀਟਿੰਗ ਵਿਚਾਲੇ ਛੱਡ ਕੇ ਬਾਹਰ ਆ ਗਏ।
ਉਨ੍ਹਾਂ ਨਾਲ ਗੁਰਮੀਤ ਸਿੰਘ ਕੈਥਲ, ਪਰਮਜੀਤ ਸਿੰਘ ਮੱਖਾ ਸਿਰਸਾ, ਬਲਦੇਵ ਸਿੰਘ ਅਤੇ ਸੁਜਿੰਦਰ ਸਿੰਘ ਪੰਚਕੂਲਾ ਵੀ ਉੱਠ ਕੇ ਬਾਹਰ ਆ ਗਏ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗ ਵਿੱਚ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਤੇ ਸਰਕਾਰ ਆਪਣੀ ਕਾਰਜਕਾਰਨੀ ਥੋਪ ਰਹੀ ਹੈ।
ਉਧਰ, ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ ਨਾਰਾਜ਼ ਹੋ ਗਏ ਹਨ। ਉਹ ਵਿਰੋਧ ਕਰਦੇ ਹੋਏ ਮੀਟਿੰਗ ਵਿਚਾਲੇ ਹੀ ਛੱਡ ਕੇ ਚਲੇ ਗਏ। ਉਨ੍ਹਾਂ ਹੋਰ ਮੈਂਬਰਾਂ ਨੂੰ ਵੀ ਮੀਟਿੰਗ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ, ਪਰ ਕੋਈ ਵੀ ਮੈਂਬਰ ਉਨ੍ਹਾਂ ਨਾਲ ਬਾਹਰ ਨਹੀਂ ਆਇਆ।