ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਸਿੱਖ ਰੈਫਰੈਂਸ ਲਾਇਬ੍ਰੇਰਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਕਮੇਟੀ ਕਾਇਮ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਿਤ ਕੀਤੀ ਗਈ ਇਸ ਪੰਜ ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ।


ਕਾਬਲੇਗੌਰ ਹੈ ਕਿ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਦੌਰਾਨ ਚੁੱਕਿਆ ਗਿਆ ਸਿੱਖ ਕੌਮ ਦਾ ਸਾਹਿਤਕ ਸਰਮਾਇਆ ਵਾਪਸ ਆਉਣ ਦੀਆਂ ਖ਼ਬਰਾਂ ਪ੍ਰਕਾਸ਼ਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨੀਂ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਦੀ ਇਕੱਤਰਤਾ ਕਰਕੇ ਵੱਡੀ ਗਿਣਤੀ ਵਿੱਚ ਸਾਹਿਤਕ ਖ਼ਜ਼ਾਨਾ ਵਾਪਸ ਨਾ ਮਿਲਣ ਦਾ ਦਾਅਵਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਬੰਧੀ ਉੱਚ ਪੱਧਰੀ ਸਬ ਕਮੇਟੀ ਬਣਾਉਣ ਦੀ ਸਿਫ਼ਾਰਸ਼ ਵੀ ਕੀਤੀ ਗਈ ਸੀ। ਇਸੇ ਦੌਰਾਨ ਲੌਂਗੋਵਾਲ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਤੇ ਕਾਰਜਸ਼ਾਲੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਸਮੇਂ ਆਖਿਆ ਸੀ ਕਿ ਜਲਦ ਹੀ ਉੱਚ ਪੱਧਰੀ ਜਾਂਚ ਕਮੇਟੀ ਗਠਤ ਹੋਵੇਗੀ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਲੌਂਗੋਵਾਲ ਨੇ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਆਈਆਂ ਖ਼ਬਰਾਂ ਦੀ ਤਹਿ ਤੱਕ ਜਾਣ ਲਈ ਬਣਾਈ ਗਈ ਕਮੇਟੀ ਪਾਰਦਰਸ਼ੀ ਢੰਗ ਨਾਲ ਜਾਂਚ ਕਰੇਗੀ। ਉਨ੍ਹਾਂ ਆਖਿਆ ਕਿ ਇਹ ਮਾਮਲਾ ਕਿਉਂਕਿ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਜਾਂਚ ਕਮੇਟੀ 1984 ਤੋਂ ਲੈ ਕੇ ਹੁਣ ਤੱਕ ਦਾ ਰਿਕਾਰਡ ਵਾਚਣ ਉਪਰੰਤ ਆਪਣੀ ਰਿਪੋਰਟ ਦੇਵੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੰਤਵ ਸੰਗਤਾਂ ਨੂੰ ਸੱਚਾਈ ਦੇ ਰੂਬਰੂ ਕਰਨਾ ਹੈ। ਉਨ੍ਹਾਂ ਇੱਕ ਵਾਰ ਫਿਰ ਸਪੱਸ਼ਟ ਕੀਤਾ ਕਿ ਜੇਕਰ ਇਸ ਮਾਮਲੇ ਸਬੰਧੀ ਕਿਸੇ ਕਿਸਮ ਦੀ ਊਣਤਾਈ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤੇ ਜੇਕਰ ਇਲਜ਼ਾਮ ਸਾਬਤ ਨਾ ਹੋਏ ਤਾਂ ਸਬੰਧਤਾਂ ਖ਼ਿਲਾਫ਼ ਵੀ ਕੇਸ ਅਵੱਸ਼ ਦਰਜ ਹੋਵੇਗਾ।