Navjot Sidhu on Farmers Income: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੰਦੋਲਨ ਜਾਰੀ ਹੈ। ਇਸ ਦੌਰਾਨ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੀ ਆਮਦਨ ਅਤੇ ਉਨ੍ਹਾਂ ਦੇ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ, ਇਸ ਤੋਂ ਵੱਡਾ ਕੋਈ ਭੁਲੇਖਾ ਨਹੀਂ ਹੋ ਸਕਦਾ। ਉਨ੍ਹਾਂ ਨੇ ਵਧਦੀ ਮਹਿੰਗਾਈ ਬਾਰੇ ਵੀ ਚਿੰਤਾ ਪ੍ਰਗਟਾਈ।
ਮਹਿੰਗਾਈ ਦੇ ਮੁੱਦੇ 'ਤੇ ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕਰਦਿਆਂ ਕਾਂਗਰਸੀ ਆਗੂ ਸਿੱਧੂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਕਿਸਾਨਾਂ ਲਈ ਖੇਤੀ ਦੇ ਖਰਚੇ ਵਧੇ ਹਨ ਅਤੇ ਉਨ੍ਹਾਂ ਦੀ ਆਮਦਨ ਵੀ ਘਟੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਸਰਕਾਰ ਬਣੀ ਹੈ, ਸਰੋਂ ਦੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ।
ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤੋਂ ਵੱਡਾ ਕੋਈ ਭੁਲੇਖਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਹ ਤੱਥਾਂ ਅਤੇ ਅੰਕੜਿਆਂ ਨਾਲ ਇਸ ਦੀ ਪੁਸ਼ਟੀ ਕਰਨਾ ਚਾਹੁੰਦੇ ਹਨ। ਪਿਛਲੇ 10 ਸਾਲਾਂ ਵਿਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਸਿੱਧੂ ਨੇ ਅੱਗੇ ਕਿਹਾ ਕਿ ਗਰੀਬਾਂ ਅਤੇ ਮਜ਼ਦੂਰਾਂ ਲਈ ਹਰ ਚੀਜ਼ ਦੀਆਂ ਕੀਮਤਾਂ ਵਧ ਰਹੀਆਂ ਹਨ। ਉਸ ਲਈ ਲੋੜੀਂਦੀਆਂ ਚੀਜ਼ਾਂ ਖਰੀਦਣਾ ਵੀ ਮੁਸ਼ਕਲ ਹੁੰਦਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮਹਿੰਗਾਈ ’ਤੇ ਕਾਬੂ ਪਾਉਣ ਦੀ ਮੰਗ ਕੀਤੀ।
ਇਸ ਮੌਕੇ ਕਿਸਾਨੀ ਅੰਦੋਲਨ ਵਿੱਚ ਖਾਲਿਸਤਾਨੀ ਨਾਅਰਿਆਂ ਬਾਰੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬੀਆਂ ਦਾ ਹੈ। ਸਭ ਤੋਂ ਵੱਧ ਪਰਮਵੀਰ ਚੱਕਰ ਪੰਜਾਬੀਆਂ ਨੇ ਲਏ ਹਨ। ਗਰੀਬਾਂ ਨੂੰ ਅਨਾਜ ਪੰਜਾਬ ਦੇ ਕਿਸਾਨਾਂ ਦਿੰਦੇ ਹਨ। ਸਿੱਧੂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸੂਬੇ ਨੂੰ ਤਾਂ ਪਹਿਲਾਂ ਹੀ 9 ਸੂਬਿਆਂ ਵਿੱਚ ਵੰਡਿਆ ਗਿਆ ਹੈ। ਸਿੱਖ ਲੰਗਰ ਵਰਤਾਉਂਦਾ ਹੈ ਤੇ ਹਮੇਸਾ ਹੀ ਸਰਬੱਤ ਦਾ ਭਲਾ ਮੰਗਦਾ ਹੈ। ਗੁਰੂ ਨਾਨਕ ਦੇ ਫਲਸਫੇ ਨਾਲ ਸਿੱਖ ਰਾਜ ਚਲਦਾ ਸੀ ਤੇ ਗੁਰੂ ਨਾਨਕ ਦੇ ਫਲਸਫੇ ਨਾਲ ਹੀ ਸਿੱਖ ਰਾਜ ਵਾਪਸ ਆਵੇਗਾ।