ਸਿੱਖਸ ਫਾਰ ਜਸਟਿਸ ਦੇ ਨਵੇਂ ਐਲਾਨ ਮਗਰੋਂ ਸੁਰੱਖਿਆ ਏਜੰਸੀਆਂ ਚੌਕਸ
ਏਬੀਪੀ ਸਾਂਝਾ | 26 Aug 2020 10:30 AM (IST)
ਸਿੱਖਸ ਫਾਰ ਜਸਟਿਸ (ਐਸਐਫਜੇ) ਵੱਲੋਂ ਰੈਫਰੈਂਡਮ 2020 ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੇ ਭਾਰਤੀ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾਈ ਹੋਈ ਹੈ। ਹੁਣ ਐਸਐਫਜੇ ਨੇ ਮਹੀਨੇ ਦੇ ਅਖ਼ੀਰ ਵਿੱਚ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਇਸ ਦੀ ਸੂਹ ਮਿਲਣ ਮਗਰੋਂ ਖ਼ੁਫ਼ੀਆ ਏਜੰਸੀਆਂ ਨੇ ਅਲਰਟ ਜਾਰੀ ਕਰ ਦਿੱਤਾ ਹੈ।
ਚੰਡੀਗੜ੍ਹ: ਸਿੱਖਸ ਫਾਰ ਜਸਟਿਸ (ਐਸਐਫਜੇ) ਵੱਲੋਂ ਰੈਫਰੈਂਡਮ 2020 ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੇ ਭਾਰਤੀ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾਈ ਹੋਈ ਹੈ। ਹੁਣ ਐਸਐਫਜੇ ਨੇ ਮਹੀਨੇ ਦੇ ਅਖ਼ੀਰ ਵਿੱਚ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਇਸ ਦੀ ਸੂਹ ਮਿਲਣ ਮਗਰੋਂ ਖ਼ੁਫ਼ੀਆ ਏਜੰਸੀਆਂ ਨੇ ਅਲਰਟ ਜਾਰੀ ਕਰ ਦਿੱਤਾ ਹੈ। ਪਿਛਲੇ ਵਰ੍ਹੇ ਜੁਲਾਈ ਵਿੱਚ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵੱਲੋਂ ਐਸਐਫਜੇ ਨੂੰ ਗੈਰਕਾਨੂੰਨੀ ਸੰਸਥਾ ਗਰਦਾਨਿਆ ਗਿਆ ਸੀ। ਇਸ ਮਗਰੋਂ ਕੇਂਦਰ ਸਰਕਾਰ ਨੇ ਹੋਰ ਵੀ ਕਾਫੀ ਸਖਤੀ ਕੀਤੀ ਹੈ। ਇਸ ਦੇ ਬਾਵਜੂਦ ਐਸਐਫਜੇ ਨੇ ਆਪਣੀਆਂ ਸਰਗਰਮੀਆਂ ਬੰਦ ਨਹੀਂ ਕੀਤੀਆਂ। ਹੁਣ ਐਸਐਫਜੇ ਨੇ 31 ਅਗਸਤ ਨੂੰ ਦਿਲਾਵਰ ਸਿੰਘ ਦੀ ਬਰਸੀ ਮੌਕੇ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ’ਤੇ 31 ਅਗਸਤ, 1995 ਵਿੱਚ ਚੰਡੀਗੜ੍ਹ ’ਚ ਸਿਵਲ ਸਕੱਤਰੇਤ ਦੇ ਬਾਹਰ ਕਾਰ ਬੰਬ ਹਮਲਾ ਕੀਤਾ ਗਿਆ ਸੀ। ਇਸ ਵਿੱਚ ਮੁੱਖ ਮੰਤਰੀ ਤੇ 16 ਹੋਰ ਲੋਕ ਹਲਾਕ ਹੋ ਗਏ ਸਨ। ਪੰਜਾਬ ਪੁਲਿਸ ਦਾ ਮੁਲਾਜ਼ਮ ਦਿਲਾਵਰ ਸਿੰਘ ਇਸ ਹਮਲੇ ਦਾ ਫ਼ਿਦਾਈਨ ਹਮਲਾਵਰ ਸੀ। ਐਸਐਫਜੇ ਨੇ ਆਪਣੇ ਬੰਦ ਦੇ ਸੱਦੇ ਦੌਰਾਨ ਅੰਮ੍ਰਿਤਸਰ ਜਾ ਕੇ ਅਕਾਲ ਤਖ਼ਤ ਵਿਖੇ ਅਰਦਾਸ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦੇ ਆਉਣ-ਜਾਣ ਦੇ ਸਫ਼ਰ ਦਾ ਖ਼ਰਚਾ ਚੁੱਕਣ ਦੀ ਪੇਸ਼ਕਸ਼ ਕੀਤੀ ਹੈ। ਇਸ ਸਬੰਧੀ ਸੂਬੇ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਤੇ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਕੋਈ ਅਣਸੁਖਾਵੀਂ ਘਟਨਾ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਆਖਿਆ ਗਿਆ ਹੈ।