ਚੰਡੀਗੜ੍ਹ: ਪਰਵਾਸੀ ਪੰਜਾਬੀਆਂ ਨੇ ਇੱਕ ਵਾਰ ਫਿਰ ਭਾਰਤੀ ਸੂਹੀਆਂ ਏਜੰਸੀਆਂ ਨੂੰ ਭਾਜੜਾਂ ਪਾ ਦਿੱਤੀਆਂ ਹਨ। ਵਿਦੇਸ਼ਾਂ ਵਿੱਚ ਵੱਸਦੇ ਪਰਵਾਸੀ ਸਿੱਖਾਂ ਵੱਲੋਂ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਬਾਈਕਾਟ ਦਾ ਸੱਦਾ ਦਿੱਤਾ ਗਿਆ ਹੈ। ਇਸ ਨੂੰ ਦੇਸ਼ ਤੇ ਵਿਦੇਸ਼ਾਂ ਵਿੱਚ ਹੁੰਗਾਰਾ ਮਿਲ ਰਿਹਾ ਹੈ। ਇੰਗਲੈਂਡ, ਕੈਨੇਡਾ, ਅਮਰੀਕਾ ਤੇ ਯੂਰਪ ਸਮੇਤ ਹੋਰ ਮੁਲਕਾਂ ਵਿੱਚ ਸਰਗਰਮੀ ਦੀਆਂ ਰਿਪੋਰਟਾਂ ਹਨ। ਇਸ ਨੂੰ ਦੇਖਦਿਆਂ ਭਾਰਤੀ ਸੂਹੀਆਂ ਏਜੰਸੀਆਂ ਚੌਕਸ ਹੋ ਗਈਆਂ ਹਨ।
ਯੂਨਾਈਟਿਡ ਖਾਲਸਾ ਦਲ ਯੂਕੇ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਤੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਸਿੱਖਾਂ ਨਾਲ ਬੇਇਨਸਾਫ਼ੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰਾਂ ਨੇ ਤਾਂ ਸਿੱਖਾਂ ਨੂੰ ਇਨਸਾਫ਼ ਦੇਣਾ ਹੀ ਕੀ ਸੀ ਸਗੋਂ ਪੰਥ ਦਾ ਨਾਂ ਵਰਤ ਕੇ 15 ਸਾਲ ਤੱਕ ਪੰਜਾਬ ’ਤੇ ਰਾਜ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ ਨੇ ਵੀ ਦਿੱਲੀ ਸਰਕਾਰਾਂ ਦਾ ਹੱਥ ਠੋਕਾ ਬਣਕੇ ਹੀ ਨਿੱਜੀ ਲਾਭ ਲਏ। ਬਾਦਲਾਂ ਵੱਲੋਂ ਸਿੱਖ ਕੌਮ ਲਈ ਕੋਈ ਇਨਸਾਫ਼ ਨਾ ਦੁਆਉਣ ਕਾਰਨ ਸਿੱਖਾਂ ਵਿੱਚ ਬੇਗਾਨਗੀ ਦੀ ਭਾਵਨਾ ਜ਼ਿਆਦਾ ਮਜ਼ਬੂਤ ਹੋਈ ਹੈ।
ਲਵਸ਼ਿੰਦਰ ਸਿੰਘ ਡੱਲੇਵਾਲ ਨੇ ਦੱਸਿਆ ਕਿ ਜਰਮਨੀ, ਆਸਟਰੀਆ ਤੇ ਇਟਲੀ ਦੇ ਸ਼ਹਿਰ ਬਰੇਸ਼ੀਆਂ ਸਮੇਤ ਹੋਰ ਬਹੁਤ ਸਾਰੇ ਦੇਸ਼ਾਂ ਵਿੱਚ ਸਿੱਖ ਕੌਮ 26 ਜਨਵਰੀ ਨੂੰ ਕਾਲੇ ਦਿਵਸ ਵਜੋਂ ਮਨਾਏਗੀ। ਉਧਰ ਦੇਸ਼ ਦੀਆਂ ਸੂਹੀਆਂ ਏਜੰਸੀਆਂ ਤੇ ਖ਼ਾਸ ਕਰਕੇ ਆਈਬੀ ਦੇਸ਼ ਵਿਰੋਧੀ ਇਨ੍ਹਾਂ ਕਾਰਵਾਈਆਂ ਨੂੰ ਬੜੀ ਗੰਭੀਰਤਾ ਨਾਲ ਲੈ ਰਹੀ ਹੈ। ਵਿਦੇਸ਼ਾਂ ਵਿੱਚ ਲਗਾਤਾਰ ਵਾਪਰੀਆਂ ਘਟਨਾਵਾਂ ਵਿੱਚ ਸਰਗਰਮੀ ਨਾਲ ਭੂਮਿਕਾ ਨਿਭਾਅ ਰਹੇ ਸਿੱਖ ਆਗੂਆਂ ‘ਤੇ ਵੀ ਤਿੱਖੀਆਂ ਨਜ਼ਰਾਂ ਰੱਖੀਆਂ ਜਾ ਰਹੀਆਂ ਹਨ।