ਸਿਮਰਜੀਤ ਬੈਂਸ ਵੱਲੋਂ ਭਗੌੜਾ ਐਲਾਨਣ ਦੇ ਫੈਸਲੇ ਨੂੰ ਹਾਈ ਕੋਰਟ 'ਚ ਚੁਣੌਤੀ, ਕੱਲ੍ਹ ਹੋਏਗੀ ਸੁਣਵਾਈ
ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਹੇਠਲੀ ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਹੁਕਮਾਂ ਨੂੰ ਪੰਜਾਬ-ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ।
ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਹੇਠਲੀ ਅਦਾਲਤ ਵੱਲੋਂ ਭਗੌੜਾ ਐਲਾਨੇ ਜਾਣ ਹੁਕਮਾਂ ਨੂੰ ਪੰਜਾਬ-ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਹੈ। ਹੇਠਲੀ ਅਦਾਲਤ ਨੇ 12 ਅਪ੍ਰੈਲ ਦੇ ਹੁਕਮਾਂ 'ਚ ਬੈਂਸ ਨੂੰ ਭਗੌੜਾ ਕਰਾਰ ਦਿੱਤਾ ਸੀ। ਹੁਣ ਹਾਈਕੋਰਟ ਨੇ ਇਸ ਮਾਮਲੇ 'ਤੇ ਕੱਲ੍ਹ 25 ਮਈ ਨੂੰ ਸੁਣਵਾਈ ਕਰੇਗਾ। ਅਗਲੀ ਸੁਣਵਾਈ 'ਤੇ ਪੰਜਾਬ ਸਰਕਾਰ ਨੂੰ ਬੈਂਸ ਵਿਰੁੱਧ ਚੱਲ ਰਹੇ ਹੋਰ ਪੈਂਡਿੰਗ ਕੇਸਾਂ ਦੇ ਵੇਰਵੇ ਵੀ ਸੌਂਪਣ ਦੇ ਹੁਕਮ ਦਿੱਤੇ ਗਏ ਹਨ।
ਪਟੀਸ਼ਨ ਦਾਇਰ ਕਰਦੇ ਹੋਏ ਬੈਂਸ ਨੇ ਹਾਈਕੋਰਟ ਨੂੰ ਦੱਸਿਆ ਕਿ ਉਸ ਖਿਲਾਫ ਬਲਾਤਕਾਰ ਦੇ ਦੋਸ਼ 'ਚ ਇਹ ਐਫਆਈਆਰ ਸਿਆਸੀ ਰੰਜਿਸ਼ ਦਾ ਨਤੀਜਾ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਇਸੇ ਦੌਰਾਨ ਉਸ ਨੂੰ ਪਤਾ ਲੱਗਾ ਕਿ ਲੁਧਿਆਣਾ ਦੀ ਹੇਠਲੀ ਅਦਾਲਤ ਨੇ ਉਸ ਨੂੰ ਇਸ ਕੇਸ ਵਿੱਚ ਭਗੌੜਾ ਕਰਾਰ ਦੇ ਦਿੱਤਾ ਹੈ।
ਪਟੀਸ਼ਨਰ ਨੇ ਕਿਹਾ ਕਿ ਜਦੋਂ ਉਸ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਚੁੱਕੀ ਹੈ ਤਾਂ ਫਿਰ ਉਸ ਨੂੰ ਭਗੌੜਾ ਕਿਵੇਂ ਐਲਾਨਿਆ ਜਾ ਸਕਦਾ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇੱਕ ਭਗੌੜਾ ਘੋਸ਼ਿਤ ਕੀਤਾ ਜਾਂਦਾ ਹੈ ਜਦੋਂ ਅਦਾਲਤ ਨੂੰ ਲੱਗਦਾ ਹੈ ਕਿ ਵਿਅਕਤੀ ਕਾਨੂੰਨੀ ਪ੍ਰਕਿਰਿਆ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮਾਮਲੇ ਵਿੱਚ ਉਹ ਆਪਣੀਆਂ ਨਿਆਂਇਕ ਸ਼ਕਤੀਆਂ ਦੀ ਵਰਤੋਂ ਕਰ ਰਿਹਾ ਹੈ।
ਇਸ ਦੇ ਨਾਲ ਹੀ ਭਗੌੜਾ ਘੋਸ਼ਿਤ ਕਰਨ ਲਈ ਨਿਰਧਾਰਤ ਪ੍ਰਕਿਰਿਆ ਦਾ ਪਾਲਣ ਨਹੀਂ ਕੀਤਾ ਗਿਆ। ਉਸ ਦੇ ਘਰ ਦੇ ਬਾਹਰ ਨੋਟਿਸ ਨਹੀਂ ਚਿਪਕਾਇਆ ਗਿਆ ਸੀ ਜੋ ਉਸ ਨੂੰ ਭਗੌੜਾ ਐਲਾਨਣ ਲਈ ਜ਼ਰੂਰੀ ਹੈ। ਉਹ ਵਿਧਾਨ ਸਭਾ ਚੋਣ ਲੜ ਰਹੇ ਹਨ ਤਾਂ ਉਨ੍ਹਾਂ ਨੂੰ ਭਗੌੜਾ ਕਿਵੇਂ ਐਲਾਨਿਆ ਜਾ ਸਕਦਾ ਹੈ। ਹੁਣ ਇਸ ਪਟੀਸ਼ਨ 'ਤੇ ਹਾਈਕੋਰਟ 'ਚ 25 ਮਈ ਨੂੰ ਸੁਣਵਾਈ ਹੋਵੇਗੀ।