Punjab News: ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਅੱਜ ਬੈਂਸ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਅੱਜ ਲੁਧਿਆਣਾ ਵਿੱਚ ਸਵਾਗਤ ਕੀਤਾ ਜਾਵੇਗਾ। ਬੈਂਸ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ। ਦੱਸ ਦਈਏ ਕਿ ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ ਕਿ ਬੈਂਸ ਸਵੇਰੇ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਸਵਾਗਤ ਕਰਨ ਲਈ ਜ਼ਰੂਰ ਪਹੁੰਚਿਆ ਜਾਵੇ।
ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ।
ਕੀ ਸੀ ਪੂਰੀ ਮਾਮਲਾ
ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 'ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ 'ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਮੁੜ ਪਾਰਟੀ ਸੁਰਜੀਤ ਹੋਣ ਦੀ ਉਮੀਦ
ਬੈਂਸ ਦੇ ਜੇਲ੍ਹ ਜਾਣ ਤੋਂ ਬਾਅਦ ਮਹਾਂਨਗਰ ਵਿੱਚ ਲੋਕ ਇਨਸਾਫ ਪਾਰਟੀ ਦਾ ਗ੍ਰਾਫ ਡਿੱਗਿਆ ਹੈ। ਸਿਮਰਜੀਤ ਬੈਂਸ ਨੂੰ ਹੁਣ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਵੇਂ ਸਿਰੇ ਤੋਂ ਕੰਮ ਸ਼ੁਰੂ ਕਰਨ ਪਵੇਗਾ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਸਿਮਰਜੀਤ ਸਿੰਘ ਬੈਂਸ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਬੈਂਸ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਬੈਂਸ ਪਾਰਟੀ ਨੂੰ ਮਜ਼ਬੂਤ ਕਰਦੇ ਹਨ ਜਾਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ। ਦੱਸ ਦੇਈਏ ਕਿ ਸਿਮਰਜੀਤ ਬੈਂਸ ਦੇ ਬਾਹਰ ਆਉਣ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਇੱਕ ਵਾਰ ਫਿਰ ਤੋਂ ਲੋਕ ਇਨਸਾਫ਼ ਪਾਰਟੀ ਵਿੱਚ ਜਾਨ ਦੀ ਉਮੀਦ ਬੱਝੀ ਹੋਈ ਹੈ।
ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਦੇਣ ਜਾ ਰਹੀ ਵੱਡਾ ਤੋਹਫਾ, ਬਜਟ ਮਗਰੋਂ ਹੋਏਗਾ ਐਲਾਨ