ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਬੈਂਸ ਨੇ ਕਿਹਾ ਕਿ ਜੋ ਵਾਅਦੇ ਕੈਪਟਨ ਸਰਕਾਰ ਵੱਲੋਂ ਸੱਤਾ ‘ਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਗਏ ਸੀ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ‘ਚ ਲਗਾਤਾਰ ਹੋ ਰਹੀਆਂ ਹਿੰਸਕ ਘਟਨਾਵਾਂ ‘ਤੇ ਧਿਆਨ ਦੇਣ ਲਈ ਕਿਹਾ।



ਬੈਂਸ ਨੇ ਸੂਬਾ ਸਰਕਾਰ ‘ਤੇ ਤਨਜ਼ ਕਰਦੇ ਹੋਏ ਅੱਗੇ ਸੁਨੀਲ ਜਾਖੜ ਦੇ ਅਸਤੀਫੇ ਬਾਰੇ ਬੋਲਦਿਆਂ ਕਿਹਾ ਕਿ ਕੈਪਟਨ ਆਪਣੇ ਆਪ ਨੂੰ ਬਚਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਮਿਸ਼ਨ 13 ਫੇਲ੍ਹ ਹੋ ਗਿਆ ਹੈ। ਇੰਨਾ ਹੀ ਨਹੀਂ ਬੈਂਸ ਨੇ ਨਵਜੋਤ ਸਿੱਧੂ ਦੀ ਇੱਕ ਵਾਰ ਫੇਰ ਤਾਰੀਫ ਕਰਦਿਆਂ ਕਿਹਾ ਕਿ ਸਿੱਧੂ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਪਰ ਹਾਰ ਦਾ ਸਾਰਾ ਠੀਕਰਾ ਉਨ੍ਹਾਂ ਦੇ ਸਿਰ ਭੰਨ੍ਹ ਦਿੱਤਾ ਗਿਆ। ਨਵਜੋਤ ਸਿੱਧੂ ਜਦੋਂ ਚਾਹੁਣ ਉਨ੍ਹਾਂ ਦੀ ਪਾਰਟੀ ਨੂੰ ਅਪਣਾ ਸਕਦੇ ਹਨ।



ਬੈਂਸ ਨੇ ਸੂਬਾ ਸਰਕਾਰ ਦੇ ਨਾਲ-ਨਾਲ ਸ਼ੋਮਣੀ ਅਕਾਲੀ ਦਲ ਦਿੱਲੀ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਪਾਰਟੀ ਤੋਂ ਬਰਖ਼ਾਸਤ ਕਰਨ ‘ਤੇ ਅਕਾਲੀ ਦਲ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਗੁਰੂ ਦੀ ਗੋਲਕ ਨੂੰ ਆਪਣੇ ਸਿਆਸੀ ਫਾਇਦੇ ਲਈ ਵਰਤਿਆ ਹੈ।