ਚੰਡੀਗੜ੍ਹ: ਚੋਣ ਕਮਿਸ਼ਨ ਦੀ ਕਾਰਵਾਈ ਮਗਰੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੋਹਰੀ ਮੈਂਬਰ ਕੁੰਵਰ ਵਿਜੇ ਪ੍ਰਤਾਪ ਦੀ ਮੁੜ ਬਹਾਲੀ ਲਈ ਹੁਣ ਬਰਗਾੜੀ ਮੋਰਚਾ ਵੀ ਨਿੱਤਰ ਆਇਆ ਹੈ। ਮੋਰਚੇ ਦੇ ਪੰਥਕ ਆਗੂਆਂ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਤੇ ਕੁੰਵਰ ਵਿਜੇ ਪ੍ਰਤਾਪ ਨੂੰ ਮੁੜ ਤੋਂ ਐਸਆਈਟੀ ਵਿੱਚ ਬਹਾਲ ਕਰਨ ਦੀ ਮੰਗ ਕੀਤੀ।



ਚੋਣ ਕਮਿਸ਼ਨ ਕੋਲ ਪੁੱਜੇ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜੀ ਜਥੇਦਾਰ ਧਿਆਨ ਸਿੰਘ ਮੰਡ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੀ ਸ਼ਾਮਲ ਸਨ। ਚੰਡੀਗੜ੍ਹ ਦੇ ਸੈਕਟਰ 17 ਸਥਿਤ ਪੰਜਾਬ ਦੇ ਮੁੱਖ ਚੋਣ ਦਫ਼ਤਰ ਨੇੜੇ ਉਕਤ ਸਿੱਖ ਆਗੂਆਂ ਨੇ ਸ਼ਾਂਤੀਪੂਰਨ ਰੋਸ ਧਰਨਾ ਵੀ ਦਿੱਤਾ।

ਇਸ ਤੋਂ ਪਹਿਲਾਂ ਬੀਤੀ 12 ਅਪਰੈਲ ਨੂੰ ਧਿਆਨ ਸਿੰਘ ਮੰਡ ਵੱਲੋਂ ਯੂਨਾਈਟਿਡ ਅਕਾਲੀ ਦਲ ਦੇ ਸਾਂਝੇ ਪੰਥਕ ਆਗੂਆਂ ਅਤੇ 16 ਅਪਰੈਲ ਨੂੰ ਕਾਂਗਰਸ, ਆਮ ਆਦਮੀ ਪਾਰਟੀ ਤੇ ਹੋਰਨਾਂ ਦਲਾਂ ਦੇ ਸਾਂਝੇ ਵਫ਼ਦ ਨੇ ਦਿੱਲੀ ’ਚ ਮੁੱਖ ਚੋਣ ਕਮਿਸ਼ਨਰ ਨੂੰ ਕੁੰਵਰ ਵਿਜੇ ਪ੍ਰਤਾਪ ਬਾਰੇ ਕੀਤਾ ਫੈਸਲਾ ਮੁੜ ਵਿਚਾਰਨ ਦੀ ਅਪੀਲ ਕੀਤੀ ਸੀ। ਪੰਥਕ ਆਗੂਆਂ ਦਾ ਕਹਿਣਾ ਹੈ ਕਿ IG ਸ੍ਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਮਾਮਲੇ ਦੀ ਜਾਂਚ ਬਹੁਤ ਈਮਾਨਦਾਰੀ ਨਾਲ ਕਰ ਰਹੇ ਸਨ ਅਤੇ ਜਾਂਚ ਸਮੇਂ ਸਿਰ ਪੂਰੀ ਹੋ ਕੇ ਪੀੜਤਾਂ ਨੂੰ ਇਨਸਾਫ ਮਿਲੇ ਇਸ ਲਈ ਆਈਜੀ ਨੂੰ ਮੁੜ ਬਹਾਲ ਕੀਤਾ ਜਾਵੇ।