ਅੰਮ੍ਰਿਤਸਰ: ਸ਼ਹਿਰ ਵਿੱਚ ਬੀਤੇ ਕੱਲ੍ਹ ਵਾਪਰੇ ਭਿਆਨਕ ਰੇਲ ਹਾਦਸੇ ਤੋਂ ਬਾਅਦ ਵੱਡੇ ਸਿਆਸਤਦਾਨ ਘਟਨਾ ਵਾਲੇ ਸਥਾਨ ਦਾ ਦੌਰਾ ਕਰਨ ਤੇ ਪੀੜਤਾਂ ਦਾ ਹਾਲ-ਚਾਲ ਪੁੱਛਣ ਲਈ ਆ ਰਹੇ ਹਨ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਤੇ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਘਟਨਾ ਪ੍ਰਤੀ ਦੁਖ਼ ਜ਼ਾਹਰ ਕਰਦਿਆਂ ਪੀੜਤਾਂ ਦਾ ਹਾਲ-ਚਾਲ ਜਾਣਿਆ। ਦੋਵਾਂ ਲੀਡਰਾਂ ਨੇ ਇਕਸੁਰ ਹੁੰਦਿਆਂ ਨਵਜੋਤ ਕੌਰ ਸਿੱਧੂ ਦਾ ਬਚਾਅ ਕੀਤਾ। ਇਸ ਮੌਕੇ ਬੈਂਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਤੇ ਨੌਕਰੀ ਦੀ ਗੱਲ ਕਹੀ ਜਦਕਿ ਖਹਿਰਾ ਨੇ ਕਿਹਾ ਕਿ ਲੋਕਾਂ ਦਾ ਹੀ ਕਸੂਰ ਨਹੀਂ, ਰੇਲਵੇ ਨੂੰ ਵੀ ਆਪਣੀ ਗ਼ਲਤੀ ਮੰਨ ਲੈਣੀ ਚਾਹੀਦੀ ਹੈ ਤੇ ਰੇਲ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।


ਪੀੜਤਾਂ ਦਾ ਹਾਲ ਜਾਣਨ ਪੁੱਜੇ ਸਿਆਸਤਦਾਨਾਂ ਨੇ ਸਿਆਸੀ ਬਿਆਨਬਾਜ਼ੀ ਤੋਂ ਗੁਰੇਜ਼ ਨਹੀਂ ਕੀਤਾ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਨਵਜੋਤ ਕੌਰ ਸਿੱਧੂ ਦਾ ਬਚਾਅ ਕਰਦਿਆਂ ਕਿਹਾ ਕਿ ਭਾਵੇਂ ਉਹ ਨਵਜੋਤ ਕੌਰ ਸਿੱਧੂ ਦੇ ਵਿਰੋਧੀ ਹਨ ਪਰ ਉਨ੍ਹਾਂ ਦਾ ਕੋਈ ਕਸੂਰ ਨਹੀਂ। ਉਨ੍ਹਾਂ ਨਵਜੋਤ ਕੌਰ ਸਿੱਧੂ ਦੇ ਖਿਲਾਫ ਤਾਂ ਕੋਈ ਸ਼ਬਦ ਨਹੀਂ ਬੋਲਿਆ ਪਰ ਅਕਾਲੀ ਦਲ ਲੀਡਰ ਬਿਕਰਮ ਮਜੀਠੀਆ ਖਿਲਾਫ ਹਮਲਾ ਬੋਲਦਿਆਂ ਕਿਹਾ ਕਿ ਰੱਸੀ ਜਲ ਗਈ ਪਰ ਵੱਟ ਨਹੀਂ ਗਿਆ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਮਾਲੀ ਸਹਾਇਤਾ ਤੇ ਪਰਿਵਾਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ।

ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਾਰਤ ਤੇ ਪੰਜਾਬ ਭਾਰਤ ਦਾ ਸਿਸਟਮ ਭੰਗ ਹੋ ਚੁੱਕਾ ਹੈ। ਉਨ੍ਹਾਂ ਹਾਦਸੇ ਦਾ ਕਾਰਨ ਰੇਲਵੇ ’ਤੇ ਮੜ੍ਹਦਿਆਂ ਰੇਲ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਤੇ ਕਿਹਾ ਕਿ ਇਸ ਮਾਮਲੇ ਸਬੰਧੀ CBI ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਰਾਈ ਜਾਂਚ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਤਰਕਾਰੀ ਸਿਆਸੀ ਦਬਾਅ ਹੇਠ ਹਨ, ਇਸ ਕਾਰਨ ਉਨ੍ਹਾਂ ਤੋਂ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਅਕਾਲੀ ਦਲ ਵੱਲੋਂ ਨਵਜੋਤ ਕੌਰ ਸਿੱਧੂ ’ਤੇ ਕੀਤੇ ਜਾ ਰਹੇ ਹਮਲੇ ਬਾਰੇ ਖਹਿਰਾ ਨੇ ਕਿਹਾ ਕਿ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ ਦੀ ਨਵਜੋਤ ਕੌਰ ਸਿੱਧੂ ਨਾਲ ਲਾਗਤਬਾਜ਼ੀ ਹੈ ਤੇ ਇਸੇ ਕਰਕੇ ਉਹ ਸਿੱਧੂ ਖ਼ਿਲਾਫ਼ ਇਸ ਤਰ੍ਹਾਂ ਦੀ ਬਿਆਨਬਾਜ਼ੀ ਦੇ ਰਹੇ ਹਨ।