Sangrur by election 2022: ਸੰਗਰੂਰ ਲੋਕ ਸਭਾ ਸੀਟ ਲਈ ਉੱਪ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀਆਂ ਹਨ। ਇਸ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਬਿਆਨਬਾਜ਼ੀਆਂ ਦਾ ਦੌਰ ਵੀ ਜਾਰੀ ਹੈ। ਇਸੇ ਕੜੀ `ਚ ਸੰਗਰੂਰ ਲੋਕ ਸਭਾ ਸੀਟ ਲਈ ਜਿਮਨੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਚੋਣ ਪ੍ਰਚਾਰ ਕਰਦੇ ਨਜ਼ਰ ਆਏ।ਇਸ ਦੌਰਾਨ ਉਨ੍ਹਾਂ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਦਿਖਾਈ ਦਿਤਾ।


ਸਿਮਰਨਜੀਤ ਸਿੰਘ ਮਾਨ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਪੰਜਾਬ ਦੇ ਡੁੱਬ ਰਹੇ ਵਪਾਰ ਨੂੰ ਬਚਾਉਣ, ਵਿਗੜ ਰਹੀ ਆਰਥਿਕ ਦਸ਼ਾ ਨੂੰ ਸੁਧਾਰਨ ਤੇ ਆਰਥਿਕ ਪੱਖੋਂ ਕਮਜ਼ੋਰ ਹੋ ਰਹੀ ਕਿਸਾਨੀ ਨੂੰ ਪੈਰਾਂ ਸਿਰ ਕਰਨ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪਾਕਿਸਤਾਨ ਨਾਲ ਵਪਾਰਕ ਸਬੰਧਤ ਸੁਵੱਲੇ ਬਣਾਉਣ ਲਈ ਨਾਲ ਲਗਦੇ ਬਾਰਡਰ ਵਪਾਰ ਲਈ ਖੋਲ੍ਹੇ ਜਾਣ। 


ਉਨ੍ਹਾਂ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਸਿਆਸੀ ਕਤਲ ਕਰਾਰ ਦਿੰਦਿਆਂ ਪੰਜਾਬ ਸਰਕਾਰ ’ਤੇ ਮੂਸੇਵਾਲੇ ਦੇ ਕਤਲ ਦੀ ਸਾਜਿਸ਼ ’ਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਰਾਹੁਲ ਗਾਂਧੀ ’ਤੇ ਤਸ਼ਦੱਦ ਬਾਰੇ ਉਨ੍ਹਾਂ ਵੱਲੋਂ ਦਿੱਤੇ ਬਿਆਨ ਤੇ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਕਿੰਤੂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਜਬਰ ਜ਼ੁਲਮ ਤੇ ਤਸ਼ਦੱਦ ਦੇ ਖ਼ਿਲਾਫ਼ ਆਵਾਜ਼ ਉਠਾਈ ਹੈ ਤਸ਼ੱਦਦ ਦਾ ਸ਼ਿਕਾਰ ਭਾਵੇਂ ਕੋਈ ਵੀ ਹੋਵੇ। 


ਉਧਰ, ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਉਨ੍ਹਾਂ ਦੇ ਪੁੱਤਰ ਈਮਾਨ ਸਿੰਘ ਮਾਨ ਵੱਲੋਂ ਲਗਾਤਾਰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਈਮਾਨ ਸਿੰਘ ਮਾਨ ਵੱਲੋਂ ਐਤਵਾਰ ਨੂੰ ਮੁਲਸਿਮ ਭਾਈਚਾਰੇ ਦੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਆਪਣੇ ਪਿਤਾ ਲਈ ਵੋਟਾਂ ਦੀ ਮੰਗ ਕੀਤੀ ਤੇ ਭਰੋਸਾ ਦਿਵਾਇਆ ਕਿ ਸਿਮਰਨਜੀਤ ਸਿੰਘ ਮਾਨ ਹਰ ਵਰਗ ਦੇ ਲੋਕਾਂ ਅਤੇ ਘੱਟ ਗਿਣਤੀਆਂ ਦੇ ਹੱਕ ਵਿੱਚ ਆਵਾਜ਼ ਉਠਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਖੜ੍ਹਨਗੇ।


ਉਨ੍ਹਾਂ ਕਿਹਾ ਕਿ ਭਾਜਪਾ ਦੇ ਲੀਡਰਾਂ ਨੇ ਪੈਗੰਬਰ ਹਜਰਤ ਮੁਹੰਮਦ ਬਾਰੇ ਗਲਤ ਟਿੱਪਣੀਆਂ ਕਰਕੇ ਦੁਨੀਆਂ ਭਰ ਵਿੱਚ ਮੁਸਲਿਮ ਵਰਗ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਆਰਐਸਐਸ ਨਾਲ ਮਿਲੀਭੁਗਤ ਕਰਕੇ ਘੱਟ ਗਿਣਤੀਆਂ ਉਪਰ ਦਬਾਅ ਪਾਉਣ ਦੀ ਕੋਝੀ ਚਾਲ ਹੈ।