ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਪਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਨੂੰ ਬੰਦੀ ਸਿੰਘਾਂ ਨਾਲ ਹਮਦਰਦੀ ਹੈ ਤਾਂ ਉਹ ਪ੍ਰਧਾਨਗੀ ਕਿਸੇ ਬੰਦੀ ਸਿੰਘ ਨੂੰ ਦੇਣ, ਦਮਦਮੀ ਟਕਸਾਲ ਦਾ ਮੁਖੀ ਵੀ ਕਿਸੇ ਬੰਦੀ ਸਿੰਘ ਨੂੰ ਬਣਾਉਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਪ੍ਰਧਾਨਗੀ ਭਾਈ ਜਗਤਾਰ ਸਿੰਘ ਹਵਾਰਾ ਨੂੰ ਸੌਂਪਣ, ਨਹੀਂ ਤਾਂ ਸੰਗਰੂਰ ਲੋਕ ਸਭਾ ਹਲਕੇ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਵਿੱਚ ਲੋਕਾਂ ਨੂੰ ਗੁੰਮਰਾਹ ਨਾ ਕਰਨ।



ਉਨ੍ਹਾਂ ਬਾਦਲ ਪਰਿਵਾਰ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਪੰਥ ਦੇ ਨਾਮ ਉੱਪਰ ਰਾਜਨੀਤੀ ਕੀਤੀ ਤੇ ਪੰਥ ਦਾ ਵੱਡਾ ਨੁਕਸਾਨ ਕੀਤਾ ਹੈ। ਉਨ੍ਹਾਂ ਭਗਵੰਤ ਮਾਨ ਦੀ ਸਰਕਾਰ ਨੂੰ ਨਿੰਦਦਿਆਂ ਕਿਹਾ ਕਿ ਅੱਜ ਹਰ ਪਾਸੇ ਉਨ੍ਹਾਂ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਸਾਹਮਣੇ ਆ ਰਹੀ ਹੈ। ਨਿੱਤ ਦਿਨ ਲੁੱਟਾਂ ਖੋਹਾਂ, ਡਾਕੇ ਅਤੇ ਦਿਨ ਦਿਹਾੜੇ ਹੋ ਰਹੇ ਕਤਲ ਇਸ ਸਰਕਾਰ ਦੀ ਨਾਕਾਮੀ ਦਰਸਾ ਰਹੇ ਹਨ।

ਮਾਨ ਨੇ ਸਿੱਧੂ ਮੂਸੇਵਾਲਾ ਦੇ ਕਤਲ ਲਈ ਸੂਬੇ ਦੀ ‘ਆਪ’ ਸਰਕਾਰ ਤੇ ਕੇਂਦਰ ਸਰਕਾਰ ਨੂੰ ਬਰਾਬਰ ਦਾ ਦੋਸ਼ੀ ਠਹਿਰਾਇਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਬਾਲਟੀ ਦੇ ਚੋਣ ਨਿਸ਼ਾਨ ਦਾ ਬਟਨ ਦਬਾ ਕੇ ਉਨ੍ਹਾਂ ਨੂੰ ਸੰਸਦ ਵਿਚ ਭੇਜਣ।  

ਇਸ ਦੇ ਨਾਲ ਹੀ ਮਾਨ ਨੇ ਸਿੱਧੂ ਮੂਸੇਵਾਲਾ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਪਾਰਟੀ ਚੋਣ ਪ੍ਰਚਾਰ ਦੌਰਾਨ ਸਿੱਧੂ ਮੂਸੇਵਾਲਾ ਦੀ ਫੋਟੋ ਵਾਲੇ ਜਿੰਨੇ ਮਰਜ਼ੀ ਪੋਸਟਰ ਲਾ ਲਵੇ, ਪਰ ਸਿੱਧੂ ਮੂਸੇਵਾਲਾ ਦੀ ਤਸਵੀਰ ਸਾਡੇ ਦਿਲ ਵਿੱਚ ਹੈ, ਜਿਸ ਬਾਰੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ।

ਮਾਨ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੂਰਾ ਪੰਥਕ ਸੀ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਟਰੈਕਟਰ-ਟਰਾਲੀ ਲਿਆਵੇਗਾ ਤੇ ਮਸਤੂਆਣਾ ਸਾਹਿਬ ਤੋਂ ਉਨ੍ਹਾਂ ਨੂੰ ਬਿਠਾ ਕੇ ਨਾਮਜ਼ਦਗੀ ਪੱਤਰ ਭਰਾਉਣ ਲਈ ਲਿਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਸੰਗਰੂਰ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਹਮਾਇਤ ਦਾ ਵਾਅਦਾ ਕੀਤਾ ਸੀ ਪਰ ਉਸ ਤੋਂ ਇੱਕ ਦਿਨ ਬਾਅਦ ਹੀ ਉਸ ਦਾ ਕਤਲ ਕਰ ਦਿੱਤਾ ਗਿਆ।

ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣ ਵਿੱਚ ਕਾਂਗਰਸ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ਦਾ ਸਹਾਰਾ ਲੈ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਚੋਣ ਗੀਤ ਰਿਲੀਜ਼ ਕੀਤਾ ਹੈ। ਇਸ ਵਿੱਚ ਮੂਸੇਵਾਲਾ ਦੀ ਲਾਸ਼ ਤੇ ਕਬਰ ਦੀ ਤਸਵੀਰ ਦਿਖਾਈ ਗਈ ਹੈ। ਗੀਤ ਵਿੱਚ ਕਿਹਾ ਗਿਆ ਹੈ ਕਿ ਜਿਸ ਦੇ ਪੁੱਤ ਨਹੀਂ ਮੁੜਦੇ, ਉਸ ਮਾਂ ਨੂੰ ਪੁੱਛੋ ਕਿ ਅਸੀਂ ਅਜਿਹੇ ਬਦਲਾਅ ਤੋਂ ਕੀ ਲੈਣਾ ਹੈ?