ਸੰਗਰੂਰ ਜ਼ਿਮਨੀ ਚੋਣ ਜਿੱਤਣ ਮਗਰੋਂ ਸਿਮਰਨਜੀਤ ਸਿੰਘ ਮਾਨ ਦਾ ਐਲਾਨ, ਸੰਸਦ 'ਚ ਗੂੰਜਣਗੇ ਇਹ ਮੁੱਦੇ
ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ..
ਚੰਡੀਗੜ੍ਹ: ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਹਰ ਵਰਗ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਮੈਂਬਰ ਚੁਣਿਆ ਹੈ ਤੇ ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਕਰਨ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾ ਦੇਣਗੇ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲੇ ਲੋਕ ਸਭਾ ਵਿੱਚ ਉਠਾਉਣਗੇ, ਸੰਗਰੂਰ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਨੇਪਰੇ ਚਾੜ੍ਹਨ ਦੀ ਕੋਸ਼ਿਸ਼ ਕਰਨਗੇ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨਗੇ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੀ ਸਭ ਤੋਂ ਵੱਡੀ ਮੁਸ਼ਕਲ ਘੱਗਰ ਨਦੀ ਦੀ ਹੈ ਤੇ ਇਸ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਜਿਸ ਦਾ ਸਬੂਤ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਮਿਲ ਗਿਆ ਹੈ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਸਤੀਫਾ ਦੇਣ ਕਾਰਨ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਆਪਣੇ ਮੁੱਖ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 5822 ਵੋਟਾਂ ਦੇ ਫਰਕ ਨਾਲ ਹਰਾਇਆ ਹੈ।
ਇਸ ਜਿੱਤ ਨਾਲ 77 ਸਾਲਾ ਸਿਮਰਨਜੀਤ ਸਿੰਘ ਮਾਨ ਤਕਰੀਬਨ ਦੋ ਦਹਾਕੇ ਬਾਅਦ ਸੰਸਦ ਭਵਨ ਜਾਣਗੇ। ਉਨ੍ਹਾਂ ਇਸ ਤੋਂ ਪਹਿਲਾਂ 1999 ਵਿੱਚ ਉਨ੍ਹਾਂ ਸੰਗਰੂਰ ਤੋਂ ਹੀ ਲੋਕ ਸਭਾ ਚੋਣ ਜਿੱਤੀ ਸੀ। ਪੰਜਾਬ ਦੀ ਸੱਤਾ ’ਤੇ ਕਾਬਜ਼ ‘ਆਪ’ ਸੌ ਦਿਨ ਦੀ ਕਾਰਗੁਜ਼ਾਰੀ ਮਗਰੋਂ ਆਪਣੇ ਪਲੇਠੇ ਇਮਤਿਹਾਨ ਵਿੱਚ ਮਾਤ ਖਾ ਗਈ ਹੈ।
ਉਧਰ, ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੀ ਹਾਰ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਲੋਕ ਫਤਵੇ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਦੇ ਰਹਿਣ ਦਾ ਅਹਿਦ ਲਿਆ ਹੈ।
ਭਗਵੰਤ ਮਾਨ ਨੇ ਟਵੀਟ ਕੀਤਾ, ‘‘ਸੰਗਰੂਰ ਦੇ ਲੋਕਾਂ ਦਾ ਫਤਵਾ ਸਿਰ ਮੱਥੇ.. ਮੈਂ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਦਿਨ-ਰਾਤ ਇਮਾਨਦਾਰੀ ਤੇ ਮਿਹਨਤ ਨਾਲ ਕੰਮ ਕਰਦਾ ਰਹਾਂਗਾ। ਮੈਂ ਤੁਹਾਡਾ ਪੁੱਤ ਹਾਂ ਤੇ ਤੁਹਾਡੇ ਪਰਿਵਾਰਾਂ ਦਾ ਭਵਿੱਖ ਰੋਸ਼ਨ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗਾ।’’