Sangrur by election 2022: ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਲਈ ਕੱਲ੍ਹ ਵੀਰਵਾਰ ਨੂੰ ਵੋਟਾਂ ਪੈ ਰਹੀਆਂ ਹਨ। ਚੋਣਾਂ ਵਿੱਚ ਕਾਫੀ ਚਰਚਾ ਬਟੋਰ ਰਹੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ (ਬਾਦਲ), ਬੀਜੇਪੀ ਤੇ ਕਾਂਗਰਸ ਦਾ ਰਿਮੋਟ ਕੰਟਰੋਲ ਦਿੱਲੀ ਦੇ ਹੱਥ ਵਿੱਚ ਸੀ ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦਾ ਰਿਮੋਟ ਕੰਟਰੋਲ ਅਰਵਿੰਦ ਕੇਜਰੀਵਾਲ ਦੇ ਹੱਥ ਵਿੱਚ ਹੈ, ਜਿਸ ਦੀ ਅਸਫ਼ਲਤਾ ਤਿੰਨ ਮਹੀਨਿਆਂ ਵਿੱਚ ਹੀ ਸਾਹਮਣੇ ਆ ਗਈ ਹੈ।



ਉਨ੍ਹਾਂ ਕਿਹਾ ਕਿ ਪਾਰਲੀਮੈਂਟ ਵਿੱਚ ਜਾ ਕੇ ਉਹ ਬੰਦੀ ਸਿੰਘਾਂ ਦੀ ਰਿਹਾਈ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਪੰਜਾਬ ਦੇ ਸਾਰੇ ਵਰਗਾਂ ਤੋਂ ਇਲਾਵਾ ਪੰਜਾਬ ਦੇ ਹਿਤਾਂ ਲਈ ਆਵਾਜ਼ ਬੁਲੰਦ ਕਰਨਗੇ। ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਧਰਮ ਦੇ ਨਾਂ ’ਤੇ ਲੋਕਾਂ ਨੂੰ ਲੜਾ ਰਹੀਆਂ ਹਨ ਤੇ ਲੋਕ ਇਨ੍ਹਾਂ ਪਾਰਟੀਆਂ ਦੀਆਂ ਚਾਲਾਂ ਤੋਂ ਗੁੰਮਰਾਹ ਨਾ ਹੋਣ। ਮਾਨ ਨੇ ਕਿਹਾ ਕਿ ਉਹ ਸੰਸਦ ਮੈਂਬਰ ਬਣ ਕੇ ਵਾਹਗਾ ਬਾਰਡਰ ਦਾ ਰਸਤਾ ਖੋਲ੍ਹਣ ਲਈ ਪੂਰੀ ਵਾਹ ਲਾਉਣਗੇ ਤਾਂ ਜੋ ਪਾਕਿਸਤਾਨ ਨਾਲ ਲੱਗਦੀਆਂ ਸਰਹੱਦਾਂ ਵਪਾਰ ਲਈ ਖੁੱਲ੍ਹ ਸਕਣ ਤੇ ਪੰਜਾਬ ਦੀਆਂ ਵਸਤਾਂ ਦੀ ਮੰਗ ਵਧ ਸਕੇ।

ਉਧਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸੰਗਰੂਰ ਸੰਸਦੀ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ’ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੇ ਦੋਸ਼ ਲਾਏ ਹਨ। ਪਾਰਟੀ ਦੇ ਆਗੂ ਗੋਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੂੰ ਇਸ ਸਬੰਧੀ ਇੱਕ ਸ਼ਿਕਾਇਤ ਵੀ ਦਿੱਤੀ ਗਈ ਹੈ।

ਪਾਰਟੀ ਨੇ ਦੋਸ਼ ਲਾਇਆ ਹੈ ਕਿ ਦਿਹਾਤੀ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਫ਼ਸਰਾਂ ਵੱਲੋਂ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬਰਨਾਲਾ, ਸੰਗਰੂਰ ਤੇ ਮਾਲੇਰਕੋਟਲਾ ਵਿੱਚ ਤਾਇਨਾਤ ਵਿਜੀਲੈਂਸ ਦੇ ਅਫ਼ਸਰਾਂ ਵੱਲੋਂ ਵੀ ਸਰਕਾਰੀ ਧਿਰ ਦੇ ਉਮੀਦਵਾਰ ਦੀ ਹਮਾਇਤ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ।