ਮਾਨ ਦੀ ਕਾਨਫਰੰਸ 'ਚ ਖਾਲਿਸਤਾਨੀ ਨਾਅਰੇ, 'ਸਿੱਖਾਂ ਦੇ ਘਾਣ ਲਈ ਬਾਦਲ ਵੀ ਜ਼ਿੰਮੇਵਾਰ'
ਏਬੀਪੀ ਸਾਂਝਾ | 15 Jan 2019 11:58 AM (IST)
ਸੰਕੇਤਕ ਤਸਵੀਰ
ਸ੍ਰੀ ਮੁਕਤਸਰ ਸਾਹਿਬ: ਮੇਲਾ ਮਾਘੀ ਮੌਕੇ ਡੇਰਾ ਭਾਈ ਮਸਤਾਨ ਸਿੰਘ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ (ਅ) ਦੀ ਸਿਆਸੀ ਕਾਨਫਰੰਸ ਵਿੱਚ ਖਾਲਿਸਤਾਨ ਪੱਖੀ ਨਾਅਰੇ ਲੱਗੇ। ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਿੱਖ ਪੰਥ ਦੇ ਘਾਣ ਲਈ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇ ਸ੍ਰੀ ਹਰਮਿੰਦਰ ਸਾਹਿਬ ’ਤੇ ਹੋਏ ਹਮਲੇ ਤੇ ਦਿੱਲੀ ਦੇ ਸਿੱਖ ਕਤਲੇਆਮ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ ਤਾਂ ਕੋਟਕਪੂਰਾ ਵਿੱਚ ਸ਼ਾਂਤੀਪੂਰਵਕ ਧਰਨੇ ’ਤੇ ਬੈਠੀ ਸਿੱਖ ਸੰਗਤ ’ਤੇ ਗੋਲੀਆਂ ਚਲਵਾਉਣ ਵਾਲੇ ਪੁਲਿਸ ਅਫ਼ਸਰਾਂ ਨੂੰ ਬਚਾਉਣ ਲਈ ਕੋਝੇ ਹੱਥਕੰਢੇ ਅਪਣਾਉਣ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਵਾਰ ਹਨ। ਉਨ੍ਹਾਂ ਬਰਗਾੜੀ ਮੋਰਚੇ ਬਾਰੇ ਕਿਹਾ ਕਿ ਮੋਰਚੇ ਸਦਕਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ 24 ਵਿਅਕਤੀਆਂ ਦੀਆਂ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ ਤੇ ਦੋ ਜਣਿਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਬੁਲਾਰਿਆਂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਦੀ ਗੱਲ ਸਭ ਤੋਂ ਪਹਿਲਾਂ ਸਿਮਰਨਜੀਤ ਸਿੰਘ ਮਾਨ ਨੇ ਕੀਤੀ ਸੀ। ਇਸੇ ਕਰਕੇ ਇਸ ਨੂੰ ਪ੍ਰਵਾਨਗੀ ਮਿਲੀ ਹੈ।