Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਜਨਤਕ ਹੋਣ ਤੋਂ ਬਾਅਦ ਇਸ ਮਾਮਲੇ ਉੱਤੇ ਸਿਆਸਤ ਗਰਮਾ ਗਈ ਹੈ। ਬਾਗ਼ੀ ਅਕਾਲੀਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀਆਂ ਵਿਰੋਧੀ ਧਿਰਾਂ ਵੀ ਇਸ ਨੂੰ ਲੈ ਕੇ ਸੁਖਬੀਰ ਬਾਦਲ ਨੂੰ ਘੇਰ ਰਹੀਆਂ ਹਨ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਆਸੀ ਚਲ ਦੱਸਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਆਪਣੀਆਂ ਸਿਆਸੀ ਚਾਲਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਬਾਦਲ ਪਰਿਵਾਰ ਦਾ ਫਰਜੰਦ ਹੁਣ ਆਪਣੇ ਕੀਤੇ ਦੀ ਮੁਆਫੀ ਮੰਗ ਰਿਹਾ ਹੈ ਪਰ ਉਸ ਨੂੰ ਇਕ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਗਲਤੀਆਂ ਲਈ ਮੁਆਫ਼ ਕੀਤਾ ਜਾ ਸਕਦਾ ਪਰ ਗੁਨਾਹ ਕਦੇ ਮਾਫ਼ ਨਹੀਂ ਹੁੰਦੇ। ਬਾਦਲ ਪਰਿਵਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਬੱਜਰ ਗੁਨਾਹ ਕੀਤੇ ਹਨ ਜਿਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।”
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਕਾਂਡ ਬਾਰੇ ਸਬੂਤ ਇਕੱਠੇ ਕਰ ਰਹੀ ਹੈ ਅਤੇ ਇਸ ਅਪਰਾਧ ਦੇ ਅਸਲ ਦੋਸ਼ੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਬਾਗ਼ੀ ਅਕਾਲੀ ਲੀਡਰਸ਼ਿਪ ਉਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਆਗੂ ਹੁਣ ਇਸ ਮੁੱਦੇ ’ਤੇ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਜਦਕਿ ਜਦੋਂ ਇਹ ਗੁਨਾਹ ਕੀਤੇ ਜਾ ਰਹੇ ਸਨ ਤਾਂ ਉਸ ਵੇਲੇ ਇਹ ਬਾਗੀ ਲੀਡਰਸ਼ਿਪ ਵੀ ਬਾਦਲ ਪਰਿਵਾਰ ਨਾਲ ਘਿਓ-ਖਿਚੜੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹੁਣ ਸਿਰਫ਼ ਫੋਕੀ ਬਿਆਨਬਾਜ਼ੀ ਕਰਕੇ ਪੰਜਾਬ ਨਾਲ ਕਮਾਏ ਧ੍ਰੋਹ ਤੋਂ ਮੁਕਤ ਨਹੀਂ ਹੋ ਸਕਦੇ।
ਜ਼ਿਕਰ ਕਰ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਸ਼ਬਦੀ ਵਾਰ ਹੁਸ਼ਿਆਰਪੁਰ ਵਿੱਚ ਵਣ-ਮਹਾਂਉਤਸਵ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸੰਬਧੋਨ ਕਰਦਿਆਂ ਕੀਤੇ।