ਚੰਡੀਗੜ੍ਹ: ਪੰਜਾਬ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਮੁਕੰਮਲ ਕਰਕੇ ਵੱਡੀ ਕਾਰਵਾਈ ਕਰਨ ਦੇ ਰੌਂਅ ਵਿੱਚ ਹੈ। ਇਸ ਦੇ ਸੰਕੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਕੇਸ ਵਿੱਚ ਅਗਲੇ ਦਿਨਾਂ ’ਚ ਹੋਰ ਅਹਿਮ ਖੁਲਾਸੇ ਹੋਣਗੇ। ਉਨ੍ਹਾਂ ਕਿਹਾ ਕਿ ਜਾਂਚ ਅਸਲ ਦੋਸ਼ੀਆਂ ਤੱਕ ਪਹੁੰਚ ਗਈ ਹੈ।


ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਸਰਗਰਮੀ ਤੋਂ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਵੱਡੀ ਕਾਰਵਾਈ ਹੋ ਸਕਦੀ ਹੈ। ਕੈਪਟਨ ਨੇ ਵੀ ਸਿੱਟ ਦੀ ਪਿੱਠ ਧਾਪੜਿਆਂ ਕਿਹਾ ਕਿ ਟੀਮ ਸਹੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਾਰਵਾਈ ਕਰ ਰਹੀ ਹੈ।

ਸੂਤਰਾਂ ਮੁਤਾਬਕ ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਮੰਤਰੀ ਵੀ ਕੈਪਟਨ 'ਤੇ ਦਬਾਅ ਬਣਾ ਰਹੇ ਹਨ। ਧਾਰਮਿਕ ਮਸਲਾ ਹੋਣ ਕਰਕੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੇ ਲੋਕ ਵੀ ਇਨਸਾਫ ਚਾਹੁੰਦੇ ਹਨ। ਕਾਂਗਰਸ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੋਈ ਵੱਡਾ ਐਸ਼ਨ ਲੈ ਕੇ ਸਿੱਖ ਵੋਟਰਾਂ ਦਾ ਧਿਆਨ ਖਿੱਚਣਾ ਚਾਹੁੰਦੀ ਹੈ।

ਦੂਜੇ ਪਾਸੇ ਸਿੱਟ ਦੀ ਜਾਂਚ ਵਿੱਚ ਕਈ ਸੀਨੀਅਰ ਅਫਸਰ ਤੇ ਸਿਆਸੀ ਲੀਡਰ ਨਿਸ਼ਾਨੇ 'ਤੇ ਆ ਰਹੇ ਹਨ। ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਹੁਣ ਤੱਕ ਦੀ ਜਾਂਚ ਵੀ ਇਸੇ ਦਿਸ਼ਾ ਵੱਲ ਜਾ ਰਹੀ ਹੈ। ਸਿੱਟ ਹੁਣ ਸਿਰਫ ਇਹ ਪਤਾ ਲਾਉਣਾ ਚਾਹ ਰਹੀ ਹੈ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ। ਇਸ ਸਵਾਲ ਦੇ ਜਵਾਬ ਮਗਰੋਂ ਵੱਡਾ ਖੁਲਾਸਾ ਹੋਣ ਦੇ ਕਿਆਸ ਲਾਏ ਜਾ ਰਹੇ ਹਨ।