ਸ੍ਰੀ ਦਰਬਾਰ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਲਈ SIT ਗਠਿਤ
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਡੀਸੀਪੀ ਲਾਅ ਐਂਡ ਆਰਡਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਡੀਸੀਪੀ ਲਾਅ ਐਂਡ ਆਰਡਰ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਹ SIT ਦੋ ਦਿਨਾਂ ਵਿੱਚ ਜਾਂਚ ਰਿਪੋਰਟ ਪੇਸ਼ ਕਰੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਅਤੇ ਪੁਲਿਸ ਇਸ ਦੀ ਤਹਿ ਤੱਕ ਜਾਂਚ ਕਰੇਗੀ। ਰੰਧਾਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਹ ਘਟਨਾ ਦੇ ਹਰ ਪਹਿਲੂ ਦੀ ਜਾਣਕਾਰੀ ਹਾਸਲ ਕਰਨਗੇ।
ਮੁੱਢਲੀ ਜਾਂਚ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਸਵੇਰੇ 11:30 ਵਜੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਦਾਖ਼ਲ ਹੋਇਆ ਅਤੇ ਉਹ ਪਵਿੱਤਰ ਅਸਥਾਨ ਦੀ ਪਰਿਕਰਮਾ ਵਿੱਚ ਰੁਕਿਆ ਹੋਇਆ ਸੀ।
ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਨਾਲ ਲੱਗਦੇ ਬਾਜ਼ਾਰਾਂ ਦੀਆਂ ਸੀਸੀਟੀਵੀ ਫੁਟੇਜਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਮੁਲਜ਼ਮ ਕਿਸ ਰਸਤੇ ਤੋਂ ਆਇਆ ਸੀ ਅਤੇ ਕੀ ਉਸ ਦੇ ਨਾਲ ਕੋਈ ਸੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਇਸ ਸਾਰੀ ਘਟਨਾ ਦੀ ਜਾਂਚ ਕਰੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਜੇ ਤੱਕ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਜਲਦੀ ਹੀ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਏਗੀ ਕਿ ਗੁਰਦੁਆਰਿਆਂ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਣ, ਜੋ ਪੂਰੀ ਤਰ੍ਹਾਂ ਚਾਲੂ ਹੋਣੇ ਚਾਹੀਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :