ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ 4 ਘੰਟੇ ਤੱਕ ਪੁੱਛਗਿੱਛ ਕੀਤੀ। ਉਹ ਸਵੇਰੇ 11.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਪਹੁੰਚੇ। ਉਸ ਤੋਂ ਬਾਅਦ ਦੁਪਹਿਰ 3.30 ਵਜੇ ਤੱਕ ਪੁੱਛਗਿੱਛ ਕੀਤੀ ਗਈ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਕੋਟਕਪੂਰਾ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। 

 

 ਕੋਟਕਪੂਰਾ ਗੋਲੀਕਾਂਡ ਮਾਮਲਾ ਫਿਰ ਭਖਦਾ ਜਾ ਰਿਹਾ ਹੈ। ਜਦੋਂ ਕੋਟਕਪੂਰਾ ਗੋਲੀਕਾਂਡ ਹੋਇਆ ਸੀ ਤਾਂ ਉਸ ਸਮੇਂ ਸੁਮੇਧ ਸੈਣੀ ਪੰਜਾਬ ਦੇ ਡੀ.ਜੀ.ਪੀ. ਸਨ। ਇਸ ਕਰਕੇ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਘਟਨਾ ਵਾਲੇ ਦਿਨ ਪ੍ਰਦਰਸ਼ਨਕਾਰੀਆਂ 'ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ। ਹਾਲਾਂਕਿ ਪੰਜਾਬ ਪੁਲਿਸ ਨੇ ਅਜੇ ਤੱਕ ਪੂਰੀ ਪੁੱਛਗਿੱਛ ਬਾਰੇ ਰਸਮੀ ਤੌਰ 'ਤੇ ਕੁਝ ਨਹੀਂ ਕਿਹਾ ਹੈ।


ਹਾਈਕੋਰਟ ਤੋਂ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸੰਮਨ


ਸੁਮੇਧ ਸੈਣੀ ਅਤੇ ਹੋਰ ਮੁਲਜ਼ਮਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਇਸ ਕੇਸ ਨੂੰ ਕੇਂਦਰੀ ਏਜੰਸੀ ਕੋਲ ਤਬਦੀਲ ਕਰਨ ਦੀ ਮੰਗ ਕੀਤੀ ਗਈ ਸੀ। ਹਾਲਾਂਕਿ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਸੀ। ਜਿਸ ਤੋਂ ਬਾਅਦ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਸੈਣੀ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਸੀ।


ਸੈਣੀ ਨੇ 3 ਹਫ਼ਤਿਆਂ ਦਾ ਮੰਗਿਆ ਸੀ ਸਮਾਂ  


ਇਸ ਤੋਂ ਪਹਿਲਾਂ ਸੁਮੇਧ ਸੈਣੀ ਨੂੰ ਕਰੀਬ 25 ਦਿਨ ਪਹਿਲਾਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਸ ਸਮੇਂ ਉਸ ਨੇ 3 ਹਫਤਿਆਂ ਦਾ ਸਮਾਂ ਮੰਗਿਆ ਸੀ। ਸੈਣੀ ਨੇ ਐਸਆਈਟੀ ਨੂੰ ਪੱਤਰ ਭੇਜਿਆ ਸੀ। ਜਿਸ 'ਚ ਉਨ੍ਹਾਂ ਕਿਹਾ ਕਿ ਉਹ ਕਿਸੇ ਅਦਾਲਤੀ ਮਾਮਲੇ 'ਚ ਦਿੱਲੀ 'ਚ ਹਨ, ਇਸ ਲਈ ਪੇਸ਼ ਨਹੀਂ ਹੋ ਸਕਦੇ। ਉਸ ਤੋਂ ਬਾਅਦ ਅੱਜ ਉਸ ਨੂੰ ਦੁਬਾਰਾ ਬੁਲਾਇਆ ਗਿਆ।