ਫ਼ਰੀਦਕੋਟ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲ਼ੀਕਾਂਡ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਨੇ ਪੰਜ ਪੁਲਿਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ। ਐਸਆਈਟੀ ਲਈ 27 ਅਪਰੈਲ ਤੋਂ ਪਹਿਲਾਂ ਗੋਲ਼ੀਕਾਂਡ ਮਾਮਲੇ ਵਿੱਚ ਅਦਾਲਤ ’ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ। ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮਗਰੋਂ ਕਾਇਮ ਕੀਤੀ ਇਸ ਐਸਆਈਟੀ ਨੇ ਛੇ ਮਹੀਨੇ ਲੰਮੀ ਪੜਤਾਲ ਮਗਰੋਂ ਇਸ ਦੋਸ਼ ਪੱਤਰ ਨੂੰ ਸਰਕਾਰੀ ਵਕੀਲਾਂ ਦੀ ਸਲਾਹ ਮਗਰੋਂ ਫ਼ਰੀਦਕੋਟ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਬੁੱਧਵਾਰ ਨੂੰ ਪੇਸ਼ ਕੀਤਾ ਜਾ ਸਕਦਾ ਹੈ।
ਐਸਆਈਟੀ ਨੇ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਬਾਜਾਖਾਨਾ ਥਾਣੇ ਵਿੱਚ ਦਰਜ ਹੋਈ ਐਫਆਈਆਰ ਨੰਬਰ 130 ਅ/ਧ 302, 307, 201, 120-ਬੀ ਤੇ ਅਸਲਾ ਐਕਟ ਵਿੱਚ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਤੇ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
ਪੁਲਿਸ ਜਿਹੜੀ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕਰਨ ਜਾ ਰਹੀ ਹੈ ਉਸ ਵਿੱਚ 160 ਦੇ ਕਰੀਬ ਗਵਾਹਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਤੇ ਅੱਧੀ ਦਰਜਨ ਸਰਕਾਰੀ ਵਾਹਨਾਂ ਨੂੰ ਸਬੂਤ ਵਜੋਂ ਕਬਜ਼ੇ ਵਿੱਚ ਲਿਆ ਗਿਆ ਹੈ। ਸਰਕਾਰੀ ਹਥਿਆਰਾਂ ਤੇ ਕਾਰਤੂਸਾਂ ਨੂੰ ਵੀ ਅਦਾਲਤ ਵਿੱਚ ਸਬੂਤ ਵਜੋਂ ਪੇਸ਼ ਕੀਤਾ ਜਾਵੇਗਾ। ਜਾਂਚ ਟੀਮ ਬਹਿਬਲ ਕਲਾਂ ਕਾਂਡ ਵਿੱਚ ਚਲਾਨ ਪੇਸ਼ ਕਰਨ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਸੀ ਪਰ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਇਹ ਹੋ ਨਾ ਸਕਿਆ।
ਗੋਲ਼ੀਕਾਂਡ 'ਚ ਨਾਮਜ਼ਦ ਪੁਲਿਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ
ਏਬੀਪੀ ਸਾਂਝਾ
Updated at:
15 Apr 2019 12:20 PM (IST)
ਚਾਰਜਸ਼ੀਟ ਵਿੱਚ ਪੰਜਾਬ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਐਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਤੇ ਬਾਜਾਖਾਨਾ ਦੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।
- - - - - - - - - Advertisement - - - - - - - - -