ਚੰਡੀਗੜ੍ਹ: ਕੋਟਕਪੂਰਾ ਤੇ ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ ਪੰਜਾਬ ਹਰਿਆਣਾ ਉੱਚ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਪੁਲਿਸ ਮੁਲਾਜ਼ਮਾਂ ਦੀ ਪਟੀਸ਼ਨ ਖਾਰਜ ਕਰਦਿਆਂ ਅਕਤੂਬਰ 2015 ਨੂੰ ਵਾਪਰੇ ਘਟਨਾਕ੍ਰਮ ਦੀ ਜਾਂਚ ਪੰਜਾਬ ਪੁਲਿਸ ਦੀ ਐਸਆਈਟੀ ਵੱਲੋਂ ਕੀਤੇ ਜਾਣ ਨੂੰ ਜਾਇਜ਼ ਠਹਿਰਾਇਆ। ਇਸ ਦੇ ਨਾਲ ਹੀ ਹਾਈਕੋਰਟ ਨੇ ਗੋਲ਼ੀਕਾਂਡ ਦੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਤੋਂ ਐਸਆਈਟੀ ਵੱਲੋਂ ਪੁੱਛਗਿੱਛ 'ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।


ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲਿਆਂ ਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਕੀਤੀ ਜਾਂਚ ਰਿਪੋਰਟ ਖ਼ਿਲਾਫ਼ ਪਾਈਆਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਐਸਐਸਪੀ ਚਰਨਜੀਤ ਸ਼ਰਮਾ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਖਿਲਾਫ ਪਾਈਆਂ ਗਈਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰਦੇ ਹੋਏ ਐਸਐਸਪੀ ਚਰਨਜੀਤ ਸ਼ਰਮਾ ਤੇ ਹੋਰ ਪੁਲਿਸ ਕਰਮੀਆਂ ਤੇ ਤਫ਼ਤੀਸ਼ ਦੀ ਲਾਈ ਸਟੇਅ ਨੂੰ ਵੀ ਹਟਾ ਦਿੱਤਾ ਹੈ। ਯਾਨੀ ਹੁਣ ਐਸਆਈਟੀ ਬੇਅਦਬੀ ਦੇ ਨਾਲ-ਨਾਲ ਗੋਲ਼ੀਕਾਂਡ ਦੇ ਮੁਲਜ਼ਮ ਪੁਲਿਸ ਮੁਲਾਜ਼ਮਾਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ।

ਪਟੀਸ਼ਨ ਵਿੱਚ ਸ਼ਰਮਾ ਵੱਲੋਂ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਵੀ ਖਾਰਜ ਕਰਨ ਦੀ ਮੰਗ ਕੀਤੀ ਗਈ ਸੀ ਪਰ ਅਦਾਲਤ ਨੇ ਪਟੀਸ਼ਨ ਦੀਆਂ ਸਾਰੀਆਂ ਮੰਗਾਂ ਰੱਦ ਕਰ ਦਿੱਤੀਆਂ ਤੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਨਿਯੁਕਤ ਐਸਆਈਟੀ ਹੀ ਕਰੇਗੀ।