Punjab News : SIT ਹੁਣ ਪਰਲਜ਼ ਗਰੁੱਪ ਦੇ 60,000 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਕਰੇਗੀ। ਪੰਜਾਬ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਰਾਹੁਲ ਐਸ.ਦੀ ਅਗਵਾਈ ‘ਚ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ। ਇਸ ਟੀਮ ਵਿੱਚ 6 ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਜਿਸ ਤੋਂ ਬਾਅਦ ਹੁਣ ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। 

 



 

ਇਨ੍ਹਾਂ ਵਿੱਚ ਵਿਜੀਲੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਕੰਵਲਦੀਪ ਸਿੰਘ, ਏਆਈਜੀ ਦਲਜੀਤ ਸਿੰਘ ਰਾਣਾ, ਵਿਜੀਲੈਂਸ ਬਿਊਰੋ (ਹੈੱਡਕੁਆਰਟਰ) ਦੇ ਡੀਐਸਪੀ ਸਲਾਮੂਦੀਨ, ਹੈੱਡਕੁਆਰਟਰ ਵਿਖੇ ਰੋਪੜ ਰੇਂਜ ਦੇ ਡੀਐਸਪੀ ਨਵਦੀਪ ਸਿੰਘ, ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਦੇ ਇੰਸਪੈਕਟਰ ਮੋਹਿਤ ਧਵਨ ਅਤੇ ਆਰਥਿਕ ਅਪਰਾਧ ਸ਼ਾਖਾ ਦੀ ਇੰਸਪੈਕਟਰ ਮਾਧਵੀ ਕਲਿਆਣ ਸ਼ਾਮਲ ਹਨ। ਇਸ ਦੇ ਨਾਲ ਹੀ ਬੀਓਆਈ ਨੇ ਵਿਜੀਲੈਂਸ ਬਿਊਰੋ ਦੇ ਸਾਰੇ ਏਆਈਜੀ ਅਤੇ ਐਸਐਸਪੀਜ਼ ਨੂੰ ਹਦਾਇਤ ਕੀਤੀ ਹੈ ਕਿ ਲੋੜ ਪੈਣ ‘ਤੇ ਉਹ ਉਕਤ ਐਸਆਈਟੀ ਨੂੰ ਸਹਿਯੋਗ ਦੇਣ। 

 


 

ਇਹ ਟੀਮ ਕੰਪਨੀ ਦੀ ਜਾਇਦਾਦ ਨਾਲ ਜੁੜੀ ਜਾਣਕਾਰੀ ਵੀ ਇਕੱਠੀ ਕਰੇਗੀ। ਟੀਮ ਇਹ ਪਤਾ ਕਰੇਗੀ ਕਿ ਪਰਲ ਕੰਪਨੀ ਨੇ ਕਿਹੜੇ-ਕਿਹੜੇ ਜ਼ਿਲ੍ਹਿਆਂ ਵਿਚ ਕਿੰਨੇ ਲੋਕਾਂ ਨਾਲ ਠੱਗੀ ਮਾਰੀ ਹੈ। ਵਿਜੀਲੈਂਸ ਨੂੰ ਜਾਂਚ ਸੌਂਪਣ ਤੋਂ ਪਹਿਲਾਂ ਪਰਲ ਗਰੁੱਪ ਖ਼ਿਲਾਫ਼ ਪਹਿਲਾਂ ਫਿਰੋਜ਼ਪੁਰ ਦੇ ਜ਼ੀਰਾ ਥਾਣੇ ਵਿਚ ਧੋਖਾਧੜੀ, ਜਾਅਲੀ ਦਸਤਾਵੇਜ਼ ਤਿਆਰ ਕਰਨ, ਕਰੋੜਾਂ ਰੁਪਏ ਦੇ ਲੈਣ-ਦੇਣ ਲਈ ਜਾਅਲੀ ਦਸਤਾਵੇਜ਼ ਤਿਆਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।  

 

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਪਰਲਜ਼ ਗਰੁੱਪ ਦੀ ਧੋਖਾਧੜੀ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਵੇਚ ਕੇ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਪੰਜ ਦਿਨ ਪਹਿਲਾਂ ਬੀਓਆਈ ਨੇ ਪਰਲ ਘੁਟਾਲੇ ਸਬੰਧੀ ਫਿਰੋਜ਼ਪੁਰ ਜ਼ਿਲ੍ਹੇ ਦੇ ਜੀਰਾ ਥਾਣੇ ਵਿੱਚ ਦਰਜ ਐਫਆਈਆਰ ਨੰਬਰ 79 (2020) ਅਤੇ ਸਟੇਟ ਕ੍ਰਾਈਮ ਪੁਲੀਸ ਸਟੇਸ਼ਨ, ਮੁਹਾਲੀ ਵਿੱਚ ਦਰਜ ਐਫਆਈਆਰ ਨੰਬਰ 1/2023 ਦੀ ਜਾਂਚ ਵਿਜੀਲੈਂਸ ਨੂੰ ਸੌਂਪੀ ਸੀ।


 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।