ਚੰਡੀਗੜ੍ਹ: ਆਪਣੀ ਹੀ ਸਰਕਾਰ ਖਿਲਾਫ ਆਵਾਜ਼ ਉਠਾ ਰਹੇ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਈ ਛੇ ਬਾਗੀਆਂ ਨੂੰ ਕੈਬਨਿਟ ਰੈਂਕ ਬਖਸ਼ੇ ਹਨ। ਰਾਜਪਾਲ ਨੇ ਨਵੀਂ ਨਿਯੁਕਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਸਰਕਾਰ ਦੇ ਖ਼ਜ਼ਾਨੇ 'ਤੇ ਵੱਡਾ ਬੋਝ ਪਏਗਾ। ਉਂਝ ਕੈਪਟਨ ਨੇ ਪਹਿਲਾਂ ਹੀ ਸਲਾਹਕਾਰਾਂ ਨੂੰ ਕੈਬਨਿਟ ਰੈਂਕ ਦੇ ਵੱਡੀ ਫੌਜ ਤਿਆਰ ਕੀਤੀ ਹੋਈ ਹੈ। ਇਸ ਦੀ ਅਕਸਰ ਅਲੋਚਨਾ ਵੀ ਹੁੰਦੀ ਰਹਿੰਦੀ ਹੈ ਪਰ ਕੈਪਟਨ ਨੇ ਕੋਈ ਪ੍ਰਵਾਹ ਨਾ ਕਰਦਿਆਂ ਹੋਰ ਵਿਧਾਇਕਾਂ ਨੂੰ ਮੰਤਰੀਆਂ ਵਾਲੀਆਂ ਸਹੂਲਤਾਂ ਦੇਣ ਦਾ ਫੈਸਲਾ ਕਰ ਲਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਕਾਂਗਰਸੀ ਵਿਧਾਇਕਾਂ ਦੀਆਂ ਬਾਗੀ ਸੁਰਾਂ ਨੂੰ ਸ਼ਾਂਤ ਕਰਨ ਲਈ ਪੰਜ ਵਿਧਾਇਕਾਂ ਨੂੰ ਕੈਬਨਿਟ ਰੈਂਕ ਤੇ ਇੱਕ ਨੂੰ ਰਾਜ ਮੰਤਰੀ ਦੇ ਰੈਂਕ ਨਾਲ ਨਿਵਾਜਿਆ ਗਿਆ ਹੈ। ਇਨ੍ਹਾਂ ਵਿਧਾਇਕਾਂ ਵਿੱਚ ਸਰਹਿੰਦ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ (ਯੋਜਨਾ), ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਫਰੀਦਕੋਟ ਤੋਂ ਕੁਸ਼ਲਦੀਪ ਸਿੰਘ ਢਿੱਲੋਂ, ਟਾਂਡਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਇੰਦਰਬੀਰ ਸਿੰਘ ਬੁਲਾਰੀਆ ਨੂੰ ਕੈਬਨਿਟ ਰੈਂਕ ਤੇ ਵਿਧਾਇਕ ਤਰਸੇਮ ਡੀਸੀ (ਯੋਜਨਾ) ਸ਼ਾਮਲ ਹਨ। ਡੀਸੀ ਨੂੰ ਰਾਜ ਮੰਤਰੀ ਦਾ ਰੈਂਕ ਦਿੱਤਾ ਗਿਆ ਹੈ।

ਇਹ ਵਿਧਾਇਕ ਪਿਛਲੇ ਲੰਮੇ ਸਮੇਂ ਤੋਂ ਸਰਕਾਰ ਦੀ ਕਾਰਜਸ਼ੈਲੀ 'ਤੇ ਸਵਾਲ ਉਠਾਉਂਦੇ ਆ ਰਹੇ ਹਨ। ਉਨ੍ਹਾਂ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਰਾਤਰੀ ਭੋਜ ਲਈ ਸੱਦੀ ਮੀਟਿੰਗ ਵਿੱਚ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਸਰਕਾਰ ਦੇ ਕੰਮਕਾਜ ਬਾਰੇ ਤਿੱਖੀਆਂ ਟਿੱਪਣੀਆਂ ਕਰਦਿਆਂ ਕੈਪਟਨ ਨੂੰ ਸਪਸ਼ਟ ਕੀਤਾ ਸੀ ਕਿ ਜਨਤਾ ਉਨ੍ਹਾਂ ਨੂੰ ਸਵਾਲ ਕਰ ਰਹੀ ਹੈ।