ਜਲੰਧਰ: ਆਏ ਦਿਨ ਸੂਬੇ ਦੇ ਕਿਸੇ ਨਾ ਕਿਸੇ ਜ਼ਿਲ੍ਹੇ ਵਿੱਚ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾ ਰਹੇ ਹਨ ਪਰ ਇਸ ਦੇ ਪਿੱਛੇ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦਾ ਹੱਥ ਦੱਸਿਆ ਜਾ ਰਿਹਾ ਹੈ। ਜਲੰਧਰ ਫੇਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਦੋਂ ਵੋਲਵੋ ਬੱਸਾਂ ਨੂੰ ਹਰੀ ਝੰਡੀ ਦੇਣ ਆਏ ਸਨ ਤਾਂ ਉਦੋਂ ਵੀ ਇਹ ਸਲੋਗਨ ਸ੍ਰੀਦੇਵੀ ਤਲਾਬ ਮੰਦਰ ਦੇ ਸਾਹਮਣੇ ਕੰਧ ਉੱਤੇ ਲਿਖੇ ਦਿਖਾਈ ਦਿੱਤੇ।

ਹੁਣ ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ, ਜਿੱਥੇ ਪੀਏਪੀ ਕੰਪਲੈਕਸ ਦੇ ਬਾਹਰ ਦੀਆਂ ਕੰਧ ਉੱਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਨਜ਼ਰ ਆਏ। ਇਹ ਨਾਅਰੇ ਕਰੀਬ ਅੱਧੀ ਰਾਤ ਨੂੰ ਲਿਖੇ ਗਏ ਸਨ, ਜਿਸ ਵਿੱਚ ਸਿੱਖ ਫਾਰ ਜਸਟਿਸ ਦੇ ਮੁਖੀ ਨੇ ਇੱਕ ਵੀਡੀਓ ਜਾਰੀ ਕਰ ਖਾਲਿਸਤਾਨ ਰੈਫਰੈਂਡਮ ਦੀ ਵੋਟਿੰਗ ਬਾਰੇ ਵੀ ਜ਼ਿਕਰ ਕੀਤਾ ਹੈ ।

ਆਪਣੇ ਵੱਲੋਂ ਲਾਅ ਐਂਡ ਆਰਡਰ ਦੀ ਸਥਿਤੀ ਬਰਕਰਾਰ ਰੱਖਣ ਅਤੇ ਕਰਾਈਮ 'ਤੇ ਠੱਲ੍ਹ ਪਾਉਣ ਦੀ ਨੀਤੀ ਦੀ ਗੱਲ ਕਹਿਣ ਵਾਲੀ ਪੰਜਾਬ ਪੁਲਿਸ ਸਵਾਲਾਂ ਦੇ ਘੇਰੇ 'ਚ ਆਉਂਦੀ ਨਜ਼ਰ ਆ ਰਹੀ ਹੈ। ਜਿੱਥੇ ਹੁਣ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਪੀਏਪੀ ਦੀਆਂ ਕੰਧਾਂ ਉਤੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖ ਕੇ ਸਵਾਲਾਂ ਦੇ ਘੇਰੇ ਵਿੱਚ ਲਿਆ ਖੜ੍ਹਾ ਕੀਤਾ।

ਲਾਅ ਐਂਡ ਆਰਡਰ ਦੇ ਡੀਸੀਪੀ ਜਗਮੋਹਨ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ,ਜਿਹਨਾਂ ਨੇ ਪੀਏਪੀ ਦੀਆਂ ਕੰਧਾਂ ਉੱਤੇ ਇਹ ਸਲੋਗਨ ਲਿਖੇ ਸਨ ,ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਸੰਗਰੂਰ 'ਚ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਮੁੜ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਕੱਲ੍ਹ ਸੰਗਰੂਰ ਲੋਕ ਸਭਾ ਚੋਣ ਦੇ ਨਤੀਜੇ ਆ ਗਏ ਸਨ ਅਤੇ 26 ਜੂਨ ਦੀ ਰਾਤ ਨੂੰ ਸੰਗਰੂਰ ਦੇ ਸਰਕਾਰੀ ਦਫ਼ਤਰਾਂ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਮੁੜ ਲਿਖੇ ਗਏ ਸਨ।