ਰਾਹੁਲ ਗਾਂਧੀ ਦੀ ਮੋਗਾ ਰੈਲੀ ਮਗਰੋਂ 'ਆਪ' ਦੀ ਕੈਪਟਨ 'ਤੇ ਚੜ੍ਹਾਈ
ਏਬੀਪੀ ਸਾਂਝਾ | 07 Mar 2019 06:37 PM (IST)
ਚੰਡੀਗੜ੍ਹ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਮੋਗਾ ਰੈਲੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ 'ਤੇ ਹੱਲਾ ਬੋਲਿਆ ਹੈ। 'ਆਪ' ਨੇ ਕਿਹਾ ਹੈ ਕਿ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਸੈਂਕੜੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਆਤਮ ਹੱਤਿਆ ਕਰਨਾ ਇਹ ਸਿੱਧ ਕਰਦਾ ਹੈ ਕਿ ਸਰਕਾਰ ਇਨ੍ਹਾਂ ਦੇ ਮੁੱਦਿਆਂ ਦਾ ਹੱਲ ਲੱਭਣ ਵਿੱਚ ਅਸਫਲ ਸਾਬਤ ਹੋਈ ਹੈ। ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਤੇ ਕਿਸਾਨ ਵਿੰਗ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੌਜੂਦਾ ਤੇ ਪਿਛਲੀਆਂ ਸਰਕਾਰਾਂ ਦੀ ਕਿਸਾਨਾਂ ਪ੍ਰਤੀ ਮਾੜੀ ਸੋਚ ਕਾਰਨ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਦੇ ਮੁੱਦਿਆਂ ਪ੍ਰਤੀ ਗੰਭੀਰ ਨਹੀਂ ਹੁੰਦੀਆਂ, ਉਦੋਂ ਤੱਕ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਦੁੱਖ ਸਹਿਣੇ ਪੈਂਦੇ ਰਹਿਣਗੇ। ਸੰਧਵਾਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਸਹੀ ਮੁੱਲ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਆਪਣੀਆਂ ਫ਼ਸਲਾਂ ਨੂੰ ਸੜਕਾਂ ਤੇ ਸੁੱਟਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸ਼ਹਿ 'ਤੇ ਪਣਪ ਰਹੇ ਵਿਚੋਲੀਏ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹੱਕਾਂ ਉੱਤੇ ਡਾਕਾ ਮਾਰ ਰਹੇ ਹਨ। ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਮੁੱਦਿਆਂ ਉੱਤੇ ਰਾਜਨੀਤੀ ਤੋਂ ਗੁਰੇਜ਼ ਕਰਦਿਆਂ ਉਨ੍ਹਾਂ ਦਾ ਕਰਜ਼ਾ ਮੁਆਫ਼ ਕਰਨ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਉੱਤੇ ਜ਼ੋਰ ਦੇਣ ਦੀ ਗੱਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਅਖ਼ਬਾਰਾਂ ਤੇ ਮੀਡੀਆ ਸਾਹਮਣੇ 'ਸਭ ਕੁੱਝ ਅੱਛਾ ਹੈ' ਵਿਖਾਉਣ ਦੀ ਥਾਂ ਸਰਕਾਰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜੇ। ਸੰਧਵਾਂ ਨੇ ਕਿਹਾ ਕਿ ਸੂਬੇ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈਂਦਿਆਂ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਉੱਤੇ ਜ਼ੋਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਵੀ ਮੁੱਕਰਨ ਦੀ ਥਾਂ ਜਲਦ ਕਰਜ਼ ਮੁਆਫ਼ੀ ਦਾ ਐਲਾਨ ਕਰਨ।