ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੁਦਰਤੀ ਸੋਮਿਆਂ ਦੀ ਵਰਤੋਂ ਦੇ ਰੁਝਾਨ ਵਿਚ ਵਾਧਾ ਕਰਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਇਸ ਤਹਿਤ ਪਹਿਲਾਂ ਹੀ ਕਈ ਗੁਰਦੁਆਰਾ ਸਾਹਿਬਾਨ ’ਚ ਸੋਲਰ ਸਿਸਟਮ ਸਥਾਪਿਤ ਕੀਤੇ ਜਾ ਚੁੱਕੇ ਹਨ।


ਹੁਣ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਪਲਾਂਟ ਲਗਾਇਆ ਜਾਵੇਗਾ ਅਤੇ ਭਵਿੱਖ ਵਿਚ ਹੋਰ ਗੁਰੂ ਘਰਾਂ ਵਿਚ ਵੀ ਇਸ ਦਾ ਵਿਸਥਾਰ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ਾਲ ਪਾਰਕਿੰਗ ਅਤੇ ਸਰਾਵਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਸਬੰਧ ਵਿਚ ਅਕਾਲੀ ਬਾਗ ਵਾਲੇ ਸਥਾਨ ’ਤੇ ਬਹੁਮੰਜ਼ਿਲਾ ਇਮਾਰਤ ਉਸਾਰੀ ਜਾਵੇਗੀ। ਕਰੀਬ 7 ਏਕੜ ਰਕਬੇ ਵਾਲੇ ਇਸ ਸਥਾਨ ’ਤੇ ਨਿਰਮਾਣ ਕਾਰਜਾਂ ਲਈ ਆਉਂਦੀਆਂ ਮੁਸ਼ਕਲਾਂ ਦਾ ਸਰਲੀਕਰਨ ਹੋ ਚੁੱਕਾ ਹੈ ਅਤੇ ਉਸਾਰੀ ਕਾਰਜ ਜਲਦ ਆਰੰਭ ਕੀਤੇ ਜਾਣਗੇ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜਾਰੀ ਹਨ ਅਤੇ ਪਾਕਿਸਤਾਨ ਵਿਖੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਕਮੇਟੀ ਵਫ਼ਦ ਜਲਦ ਜਾਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨਾਲ ਲਿਖਾ ਪੜ੍ਹੀ ਜਾਰੀ ਹੈ ਅਤੇ ਆਸ ਹੈ ਕਿ ਇਸੇ ਮਹੀਨੇ ਵਿਚ ਵਫ਼ਦ ਪਾਕਿਸਤਾਨ ਜਾਵੇਗਾ।


ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਦੀਦਾਰ ਸਿੰਘ ਬੈਂਸ ਅਮਰੀਕਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਗੁਰਿੰਦਰਪਾਲ ਸਿੰਘ ਰਈਆ ਤੇ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਸ਼ਰਧਾਜਲੀ ਦਿੱਤੀ ਗਈ।


 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।