Punjab News: ਜ਼ਿਲ੍ਹਾ ਬਟਾਲਾ ਅਧੀਨ ਪੈਂਦੇ ਪਿੰਡ ਮੰਗੀਆਂ ਦੇ 24 ਸਾਲਾ ਫ਼ੌਜੀ ਨੌਜਵਾਨ ਗੁਰਪ੍ਰੀਤ ਸਿੰਘ ਦੀ ਲਾਸ਼ ਬੀਤੀ ਦੇਰ ਸ਼ਾਮ ਪਿੰਡ ਸ਼ਾਹਪੁਰ ਜਾਜਨ ਦੀ ਸਿੱਕੀ ਨਹਿਰ ਵਿੱਚੋਂ ਮਿਲੀ ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।


ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਰੀਬ 5 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਤੇ ਲਖਨਊ ਵਿੱਚ 11 ਸਿੱਖ ਰੈਜੀਮੈਂਟ ਵਿੱਚ ਸਿਪਾਹੀ ਵਜੋਂ ਕੰਮ ਕਰਦਾ ਸੀ। ਉਹ ਦੋ ਮਹੀਨੇ ਪਹਿਲਾਂ ਛੁੱਟੀ 'ਤੇ ਘਰ ਆਇਆ ਸੀ। ਉਸ ਨੇ 29 ਜੂਨ ਨੂੰ ਆਪਣੀ ਯੂਨਿਟ ਵਿੱਚ ਰਿਪੋਰਟ ਕਰਨੀ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ 26 ਜੂਨ ਨੂੰ ਉਹ ਆਪਣੇ ਪਿੰਡ ਦੇ ਇੱਕ ਨੌਜਵਾਨ ਨਾਲ ਕਿਸੇ ਕੰਮ ਲਈ ਬਾਹਰ ਗਿਆ ਸੀ ਪਰ 26 ਜੂਨ ਦੀ ਸ਼ਾਮ ਤੱਕ ਘਰ ਵਾਪਸ ਨਹੀਂ ਆਇਆ।


ਉਨ੍ਹਾਂ ਚੌਕੀ ਧਰਮਕੋਟ ਰੰਧਾਵਾ ਵਿਖੇ ਗੁਰਪ੍ਰੀਤ ਦੇ ਗੁੰਮ ਹੋਣ ਦੀ ਰਿਪੋਰਟ ਦਰਜ ਕਰਵਾਈ। ਉਸ ਨੇ ਦੱਸਿਆ ਕਿ ਉਹ ਪਿੰਡ ਦੇ ਲੋਕਾਂ ਦੀ ਮਦਦ ਨਾਲ ਸ਼ਾਹਪੁਰ ਜਾਜਨ ਵਿੱਚ ਗੁਰਪ੍ਰੀਤ ਦੀ ਭਾਲ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਰਪ੍ਰੀਤ ਦੀ ਲਾਸ਼ ਡਰੇਨ ਵਿੱਚੋਂ ਮਿਲੀ। ਪਰਿਵਾਰ ਦਾ ਦੋਸ਼ ਹੈ ਕਿ ਜਿਸ ਨੌਜਵਾਨ ਨਾਲ ਉਹ ਘਰੋਂ ਗਿਆ ਸੀ, ਉਸ ਨੇ ਕੋਈ ਸੰਗੀਨ ਵਾਰਦਾਤ ਕੀਤੀ ਹੈ। ਪਰਿਵਾਰ ਨੇ ਦੱਸਿਆ ਕਿ ਇਸ ਸਬੰਧੀ ਫੌਜ ਦੇ ਅਧਿਕਾਰੀਆਂ ਅਤੇ ਥਾਣਾ ਡੇਰਾ ਬਾਬਾ ਨਾਨਕ ਨੂੰ ਸੂਚਿਤ ਕਰ ਦਿੱਤਾ ਗਿਆ ਹੈ।


ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਪਰਿਵਾਰ ਨੇ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਕੇ ਇਨਸਾਫ਼ ਦਿੱਤਾ ਜਾਵੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।