Amritpal Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਹਾਲਾਤ ਉੱਪਰ ਗੰਭੀਰ ਚਿੰਤਾ ਜਾਹਿਰ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।


ਜਥੇਦਾਰ ਨੇ ਕਿਹਾ ਕਿ ਜਮਹੂਰੀਅਤ ਵਿੱਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨਾਂ ਨਾਲ ਸਰਕਾਰੀ ਜ਼ਬਰ ਤੇ ਨਾਜਾਇਜ਼ ਹਿਰਾਸਤ ਦਾ ਅਮਲ ਅਪਣਾਉਣ ਤੋਂ ਸਰਕਾਰਾਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਹੰਢਾਇਆ ਹੈ ਤੇ ਹੁਣ ਚੰਗੇ ਭਵਿੱਖ ਵੱਲ ਤੁਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਵੱਡੀਆਂ ਤਾਕਤਾਂ ਹਰ ਵੇਲੇ ਸਿੱਖ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਬਲੀ ਦਾ ਬੱਕਰਾ ਬਣਾਉਣ ਦੀ ਤਾਕ ਵਿੱਚ ਰਹਿੰਦੀਆਂ ਹਨ।


ਜਥੇਦਾਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਟਕਰਾਅ ਦਾ ਰਾਹ ਅਪਣਾਉਣ ਦੀ ਥਾਂ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ- ਕਲਪ ਕਰਨ ਵਾਲੇ ਰਾਹ ’ਤੇ ਚੱਲਣ। ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਸਿੱਖਾਂ ਨੂੰ ਧਾਰਮਿਕ ਤੇ ਸਿਆਸੀ ਤੌਰ ’ਤੇ ਕਮਜ਼ੋਰ ਕਰਨ ਦੀਆਂ ਨੀਤੀਆਂ ਸੂਬੇ ਲਈ ਦਮਨਕਾਰੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸਤ ਤੇ ਸੱਤਾ ਦੇ ਹਿੱਤਾਂ  ਨੂੰ ਪੂਰਨ ਵਾਸਤੇ ਸਰਕਾਰਾਂ ਨੂੰ ਘੱਟ ਗਿਣਤੀ ਨੌਜਵਾਨਾਂ ਵਿੱਚ ਦਹਿਸ਼ਤ, ਡਰ ਤੇ ਬੇਗਾਨਗੀ ਦਾ ਅਹਿਸਾਸ ਭਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।


ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਪੰਜਾਬ ਵਿੱਚ ਬੇਲੋੜਾ ਤਣਾਅ ਵਾਲਾ ਮਾਹੌਲ ਨਾ ਬਣਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਗ੍ਰਿਫ਼ਤਾਰ ਕਰਨਾ ਹੈ ਤਾਂ ਉਸ ਲਈ ਕਾਨੂੰਨ ਮੁਤਾਬਕ ਨਿਯਮ ਹਨ, ਪਰ ਸਰਕਾਰ ਵੱਲੋਂ ਇਸ ਸਬੰਧ ਵਿੱਚ ਕਾਰਵਾਈ ਕਰਨ ਵੇਲੇ ਸੂਬੇ ਵਿੱਚ ਇੰਟਰਨੈਟ ਤੇ ਬੱਸ ਸੇਵਾ ਬੰਦ ਕਰਨ ਤੇ ਧਾਰਾ 144 ਲਾਉਣਾ ਮਾਹੌਲ ਨੂੰ ਤਣਾਅਪੂਰਨ ਬਣਾ ਰਿਹਾ ਹੈ।


ਇਹ ਵੀ ਪੜ੍ਹੋ: Amrit pal Singh Updates: ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 114 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਦੇ ਜਲੰਧਰ 'ਚ ਲੁਕੇ ਹੋਣ ਦਾ ਸ਼ੱਕ


ਉਨ੍ਹਾਂ ਕਿਹਾ ਕਿ ਆਪਣੀਆਂ ਅਸਫ਼ਲਤਾਵਾਂ ਨੂੰ ਲੁਕਾਉਣ ਲਈ ਸਰਕਾਰਾਂ ਅਜਿਹੇ ਹੱਥਕੰਡੇ ਵਰਤਦੀਆਂ ਹਨ, ਜਿਸ ਨਾਲ ਬੇਲੋੜਾ ਤਣਾਅ ਪੈਦਾ ਹੁੰਦਾ ਹੈ ਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਵਸਨੀਕਾਂ ਨੂੰ ਝੱਲਣਾ ਪੈ ਰਿਹਾ ਹੈ।


ਇਹ ਵੀ ਪੜ੍ਹੋ: WhatsApp New Feature: ਵਟਸਐਪ ਦਾ ਨਵਾਂ ਫੀਚਰ ਹੈ ਕਮਾਲ, ਫੋਟੋ ਤੋਂ ਹੀ ਕਾਪੀ ਹੋ ਜਾਵੇਗਾ ਟੈਕਸਟ, ਕੀ ਤੁਸੀਂ ਇਸ ਦੀ ਕੋਸ਼ਿਸ਼ ਕੀਤੀ ਹੈ?