Punjab News: ਸਿਹਤ ਵਿਭਾਗ ਨੇ ਹੁਣ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਤਾਇਨਾਤੀ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਸਾਰੇ ਡਾਕਟਰਾਂ ਅਤੇ ਕਰਮਚਾਰੀਆਂ ਦੇ ਨਾਲ-ਨਾਲ ਅਧਿਕਾਰੀਆਂ ਦੀਆਂ ਛੁੱਟੀਆਂ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।
ਨਵ-ਨਿਯੁਕਤ ਸਿਵਲ ਸਰਜਨ ਡਾ. ਸਵਰਨਜੀਤ ਧਵਨ ਨੇ ਅਧਿਕਾਰੀਆਂ ਨੂੰ ਦਿਨ-ਰਾਤ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ।
ਜਾਣਕਾਰੀ ਅਨੁਸਾਰ ਪਹਿਲਾਂ ਮੈਡੀਕਲ ਅਫ਼ਸਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੈਡੀਕਲ ਕੈਂਪਾਂ ਵਿੱਚ ਮਰੀਜ਼ਾਂ ਦੀ ਜਾਂਚ ਕਰਦੇ ਸਨ, ਪਰ ਹੁਣ ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ ਫੀਲਡ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸਵਰਣਜੀਤ ਧਵਨ ਨੇ ਅੱਜ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਕਿਸੇ ਵੀ ਕਰਮਚਾਰੀ ਜਾਂ ਡਾਕਟਰ ਨੂੰ ਛੁੱਟੀ ਨਾ ਦਿੱਤੀ ਜਾਵੇ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਭਾਵਿਤ ਇਲਾਕਿਆਂ ਵਿੱਚ ਸੁਪਰ ਸਪੈਸ਼ਲਿਸਟ ਡਾਕਟਰਾਂ ਨੂੰ ਵੀ ਤਾਇਨਾਤ ਕਰ ਰਹੀ ਹੈ। ਸੁਪਰ ਸਪੈਸ਼ਲਿਸਟ ਡਾਕਟਰਾਂ ਵਿੱਚੋਂ, ਹਰੇਕ ਬਿਮਾਰੀ ਨਾਲ ਸਬੰਧਤ ਇੱਕ ਡਾਕਟਰ ਫੀਲਡ ਵਿੱਚ ਕੰਮ ਕਰੇਗਾ। ਇਸ ਤੋਂ ਇਲਾਵਾ, ਫੀਲਡ ਵਿੱਚ ਲਗਾਏ ਗਏ 16 ਮੈਡੀਕਲ ਕੈਂਪਾਂ ਵਿੱਚ 48 ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ, ਰਾਮਦਾਸ ਲੋਪੋਕੇ, ਅਜਨਾਲਾ ਆਦਿ ਸਟੇਸ਼ਨਾਂ 'ਤੇ 108 ਐਂਬੂਲੈਂਸਾਂ ਨੂੰ ਸਥਾਈ ਤੌਰ 'ਤੇ ਤਾਇਨਾਤ ਕੀਤਾ ਗਿਆ ਹੈ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਆਏ ਹੜ੍ਹ ਨੇ ਕਈ ਪਿੰਡਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਹੈ, ਜਿਸ ਕਰਕੇ ਕਈ ਮੌਤਾਂ ਵੀ ਹੋਈਆਂ ਹਨ, ਕਈਆਂ ਦਾ ਭਾਰੀ ਨੁਕਸਾਨ ਵੀ ਹੋਇਆ ਹੈ, ਕਈਆਂ ਦੇ ਘਰ ਰੁੜ੍ਹ ਗਏ ਹਨ, ਲੋਕਾਂ ਦੇ ਘਰਾਂ ਵਿੱਚ ਕਿੰਨਾ-ਕਿੰਨਾ ਪਾਣੀ ਭਰ ਗਿਆ ਹੈ। ਉੱਥੇ ਹੀ ਲੋਕਾਂ ਨੂੰ ਬਿਮਾਰੀਆਂ ਦਾ ਖਤਰਾ ਵੀ ਵੱਧ ਗਿਆ ਹੈ ਜਿਸ ਲਈ ਸਿਹਤ ਵਿਭਾਗ ਵਲੋਂ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਸਮੇਂ ਸਿਰ ਦਵਾਈ ਮਿਲ ਸਕੇ ਅਤੇ ਉਹ ਠੀਕ ਹੋ ਸਕਣ। ਇਸ ਕਰਕੇ ਉਨ੍ਹਾਂ ਨੇ ਲੋਕਾਂ ਦੀ ਮਦਦ ਲਈ ਪੂਰਾ ਪ੍ਰਬੰਧ ਕੀਤਾ ਹੋਇਆ ਹੈ।