ਚੰਡੀਗੜ੍ਹ: ਕੈਪਟਨ ਸਰਕਾਰ ਨੇ ਪੰਥਕ ਸਿਆਸਤ 'ਚ ਇੱਕ ਹੋਰ ਮਾਅਰਕਾ ਮਾਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬਲਾਉਣ ਦਾ ਐਲਾਨ ਕੀਤਾ ਹੈ। ਇਸ ਵਿਸ਼ੇਸ਼ ਸੈਸ਼ਨ ਵਿੱਚ ਦੇਸ਼ ਦੇ ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਵੀ ਸੱਦਿਆ ਜਾਵੇਗਾ। ਕੈਪਟਨ ਸਰਕਾਰ ਨੇ ਇਹ ਫੈਸਲਾ ਮੰਗਲਵਾਰ ਨੂੰ ਸੁਲਤਾਨਪੁਰ ਲੋਧੀ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ। ਉਂਝ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਕੈਬਨਿਟ ਮੀਟਿੰਗ ਕਰਕੇ ਵੀ ਕਾਂਗਰਸ ਸਰਕਾਰ ਨੇ ਇਤਿਹਾਸ ਰਚਿਆ ਹੈ।


ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ। ਅਕਾਲੀ ਦਲ ਸ਼੍ਰੋਮਣੀ ਕਮੇਟੀ ਜ਼ਰੀਏ ਇਨ੍ਹਾਂ ਸਮਾਗਮਾਂ 'ਤੇ ਕੰਟਰੋਲ ਕਰਕੇ ਵਾਹਵਾਹ ਖੱਟਣਾ ਚਾਹੁੰਦਾ ਹੈ। ਦੂਜੇ ਪਾਸੇ ਕਾਂਗਰਸ ਆਪਣੀ ਸਰਕਾਰ ਜ਼ਰੀਏ ਇਸ ਇਤਿਹਾਸਕ ਮੌਕੇ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਦੋਵੇਂ ਧਿਰਾਂ ਇੱਕ-ਦੂਜੇ ਖਿਲਾਫ ਤਿੱਖੀ ਬਿਆਨਬਾਜ਼ੀ ਵੀ ਕਰ ਰਹੀਆਂ ਹਨ।

ਇਸ ਲਈ ਹੀ ਕੈਪਟਨ ਨੇ ਸਭ ਤੋਂ ਪਹਿਲਾਂ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਸੁਲਤਾਨਪੁਰ ਲੋਧੀ ਵਿੱਚ ਕੀਤੀ। ਇਸ ਮੌਕੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਈ ਐਲਾਨ ਕੀਤੇ। ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਅਗਲੇ ਮਹੀਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬਲਾਉਣ ਦਾ ਐਲਾਨ ਵੀ ਕੀਤਾ। ਪ੍ਰਕਾਸ਼ ਪੁਰਬ ਨਾਲ ਸਬੰਧਤ ਚੱਲਦੇ ਕੰਮਾਂ ਦੀ ਸਮੀਖਿਆ ਕਰਨ ਲਈ ਮੁੜ 10 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿੱਚ ਹੀ ਕਰਨ ਦਾ ਫੈਸਲਾ ਲਿਆ ਗਿਆ।

ਕੈਪਟਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਪੱਧਰ ’ਤੇ ਵੀ ਮਨਾਉਣ ਵਾਸਤੇ ਪਾਰਲੀਮੈਂਟ ਦੇ ਦੋਹਾਂ ਸਦਨਾਂ ਦਾ ਸਾਂਝਾ ਸ਼ੈਸ਼ਨ ਬੁਲਾਉਣ ਬਾਰੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ। ਮੰਗ ਕੀਤੀ ਜਾਵੇਗੀ ਕਿ ਪਾਰਲੀਮੈਂਟ ਦੇ ਸਾਂਝੇ ਸੈਸ਼ਨ ਵਿੱਚ ਵੀ ਦੇਸ਼ ਦੀਆਂ ਕੌਮੀ ਸ਼ਖ਼ਸੀਅਤਾਂ ਤੇ ਸਿੱਖ ਸ਼ਖ਼ਸੀਅਤਾਂ ਨੂੰ ਸੱਦਿਆ ਜਾਵੇ ਤੇ ਇਸ ਸ਼ੈਸ਼ਨ ਨੂੰ ਦੇਸ਼ ਦੇ ਰਾਸ਼ਟਰਪਤੀ ਸੰਬੋਧਨ ਕਰਨ।