Punjab News: ਲੰਘੇ ਦਿਨ 31,538 ਇੰਤਕਾਲ ਹੋਏ ਦਰਜ, 15 ਜਨਵਰੀ ਨੂੰ ਮੁੜ ਸੂਬੇ ਭਰ ਵਿੱਚ ਲਾਏ ਜਾਣਗੇ ਵਿਸ਼ੇਸ਼ ਕੈਂਪ, CM ਮਾਨ ਦਾ ਐਲਾਨ
ਆਉਣ ਵਾਲੇ ਦਿਨਾਂ ਵਿੱਚ ਮਾਲ ਮੰਤਰੀ ਤਹਿਸੀਲ ਦਫ਼ਤਰਾਂ ਦਾ ਅਚਨਚੇਤ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲੈਣਗੇ, ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹੁਸ਼ਿਆਰਪੁਰ ਤਹਿਸੀਲ ਦਾ ਦੌਰਾ ਕੀਤਾ ਸੀ
Punjab News: ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਪੂਰੇ ਸੂਬੇ ਵਿੱਚ ਇੱਕ ਹੋਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਲਗਾਇਆ ਗਿਆ ਕੈਂਪ ਪੂਰੀ ਤਰ੍ਹਾਂ ਸਫਲ ਰਿਹਾ। ਇਸ ਵਿੱਚ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ 'ਚ ਮਾਲ ਮੰਤਰੀ ਪੰਜਾਬ ਅਤੇ ਸਾਰੀਆਂ ਤਹਿਸੀਲਾਂ ਦਾ ਦੌਰਾ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲੈਣਗੇ।
ਜ਼ਿਕਰ ਕਰ ਦਈਏ ਕਿ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਦੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਲੰਬਿਤ ਇੰਤਕਾਲ ਦੇ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਮੇਂ ਦੌਰਾਨ 31,538 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ। ਇੱਕ ਦਿਨ ਵਿੱਚ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕੀਤਾ ਅਤੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ।
ਦੱਸ ਦਈਏ ਕਿ ਆਉਣ ਵਾਲੇ ਦਿਨਾਂ ਵਿੱਚ ਮਾਲ ਮੰਤਰੀ ਤਹਿਸੀਲ ਦਫ਼ਤਰਾਂ ਦਾ ਅਚਨਚੇਤ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲੈਣਗੇ, ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹੁਸ਼ਿਆਰਪੁਰ ਤਹਿਸੀਲ ਦਾ ਦੌਰਾ ਕੀਤਾ ਸੀ ਅਤੇ ਲੋਕਾਂ ਨੂੰ ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਸੇਵਾਵਾਂ ਦੇਣ ਦੀ ਆਪਣੀ ਵਚਨਬੱਧਤਾ ਦੁਹਰਾਈ ਸੀ।
ਲੋਕਾਂ ਤੋਂ ਮੰਗਿਆ ਭ੍ਰਿਸ਼ਟਾਚਾਰ ਖ਼ਤਮ ਕਰਨ ਲਈ ਸਾਥ
ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਅਤੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕਿਸੇ ਵੀ ਜਾਇਜ਼ ਕੰਮ ਲਈ ਰਿਸ਼ਵਤ ਨਾ ਦਿੱਤੀ ਜਾਵੇ। ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ ਕਿਸੇ ਕੰਮ ਦੇ ਬਦਲੇ ਪੈਸੇ ਮੰਗਦਾ ਹੈ ਤਾਂ ਬਿਨਾਂ ਝਿਜਕ ਉਸ ਦੀ ਸ਼ਿਕਾਇਤ ਕਰਨੀ ਚਾਹੀਦੀ ਹੈ। ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਵਟਸਐਪ ਰਾਹੀਂ ਇਸ ਹੈਲਪਲਾਈਨ ਨੰਬਰ 8184900002 'ਤੇ ਸ਼ਿਕਾਇਤ ਭੇਜੀ ਜਾ ਸਕਦੀ ਹੈ। ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ ਨੰਬਰ 9464100168 'ਤੇ ਭੇਜ ਸਕਦੇ ਹਨ।