Punjab News: ਐਚ.ਆਈ.ਵੀ./ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸੰਕਰਮਿਤ ਲੋਕਾਂ ਨੂੰ ਢੁਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ, ਫੇਜ਼-6, ਮੋਹਾਲੀ ਤੋਂ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਇੱਕ ਮਹੀਨਾ ਚੱਲਣ ਵਾਲੀ ਇਸ ਐਚ.ਆਈ.ਵੀ./ਏਡਜ਼ ਜਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਇਹਨਾਂ ਆਈ.ਈ.ਸੀ. (ਸੂਚਨਾ, ਸਿੱਖਿਆ ਅਤੇ ਸੰਚਾਰ) ਜਾਗਰੂਕਤਾ ਵੈਨਾਂ ਜ਼ਰੀਏ ਲੋਕਾਂ ਨੂੰ ਐਲ.ਈ.ਡੀ. ਨਾਲ ਲੈਸ ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਪ੍ਰਦਰਸ਼ਿਤ ਕਰਨ ਦੇ ਨਾਲ-ਨਾਲ ਪ੍ਰਿੰਟ ਸਮੱਗਰੀ ਵੀ ਵੰਡੀ ਜਾਵੇਗੀ। ਇਨ੍ਹਾਂ ਵੈਨਾਂ ਨਾਲ ਲੈਬ ਟੈਕਨੀਸ਼ੀਅਨ ਅਤੇ ਕਾਉਂਸਲਰ ਵਿਸ਼ੇਸ਼ ਤੌਰ 'ਤੇ ਤਾਇਨਾਤ ਕੀਤੇ ਗਏ ਹਨ, ਜੋ ਘਰ-ਘਰ ਜਾ ਕੇ ਲੋਕਾਂ ਦਾ ਮੁਫ਼ਤ ਐੱਚਆਈਵੀ/ਏਡਜ਼ ਟੈਸਟ ਕਰਨਗੇ।
ਹੋਰ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਨੇ ਦੱਸਿਆ ਕਿ ਇਹ 11 ਵਿਸ਼ੇਸ਼ ਜਾਗਰੂਕਤਾ ਵੈਨਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਾਰੂ ਬਿਮਾਰੀ ਬਾਰੇ ਜਾਗਰੂਕ ਕਰਨਗੀਆਂ ਕਿਉਂਕਿ ਇਸ ਦੀ ਰੋਕਥਾਮਯੋਗ ਤਾਂ ਕੀਤੀ ਜਾ ਸਕਦੀ ਹੈ ਪਰ ਇਸ ਦਾ ਇਲਾਜ ਸੰਭਵ ਨਹੀਂ ਹੈ। ਹਰੇਕ ਵੈਨ ਰੋਜ਼ਾਨਾ 4-5 ਪਿੰਡਾਂ ਨੂੰ ਕਵਰ ਕਰੇਗੀ ਅਤੇ ਇਹ ਵੈਨਾਂ ਇੱਕ ਮਹੀਨੇ ਵਿੱਚ 1650 ਪਿੰਡਾਂ ਨੂੰ ਕਵਰ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਟੈਸਟ ਕਰਵਾਉਣ, ਆਡੀਓ-ਵਿਜ਼ੂਅਲ ਜਾਗਰੂਕਤਾ ਫਿਲਮਾਂ ਦਿਖਾਉਣ ਅਤੇ ਪ੍ਰਿੰਟਿਡ ਸਮੱਗਰੀ ਵੰਡਣ ਤੋਂ ਇਲਾਵਾ ਥੀਏਟਰ ਕਲਾਕਾਰ ਪਿੰਡਾਂ ਵਿੱਚ ਨੁੱਕੜ ਨਾਟਕ ਵੀ ਪੇਸ਼ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਜਾਗਰੂਕ ਰਹਿ ਕੇ ਅਤੇ ਕੁਝ ਸਾਵਧਾਨੀਆਂ ਵਰਤ ਕੇ ਐੱਚ.ਆਈ.ਵੀ./ਏਡਜ਼ ਤੋਂ ਬਚਿਆ ਜਾ ਸਕਦਾ ਹੈ ਅਤੇ ਜਾਣਕਾਰੀ ਦੀ ਘਾਟ ਕਾਰਨ ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।
ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਵੈਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਐੱਚ.ਆਈ.ਵੀ. ਬਾਰੇ ਪਤਾ ਲਗਾਉਣ ਲਈ ਆਪਣਾ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।