ਜਲੰਧਰ : ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜਬੂਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਤੂਰ ਵੱਲੋਂ ਸ਼ਹਿਰ ਵਿੱਚ ਸਪੈਸ਼ਲ ਆਪਰੇਸ਼ਨ ਗਰੁੱਪ (ਐਸ.ਓ.ਜੀ.) ਦੀ ਕੰਪਨੀ ਨੂੰ ਤਾਇਨਾਤ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਕੰਪਨੀ ਤਾਇਨਾਤ ਕਰਨ ਦਾ ਮੁੱਖ ਮੰਤਵ ਸ਼ਹਿਰ ਵਿੱਚ ਹਰ ਕੀਮਤ ’ਤੇ ਜੁਰਮਾਂ ’ਤੇ ਕਾਬੂ ਪਾ ਕੇ ਅਮਨ ਕਾਨੂੰਨ ਨੂੰ ਬਣਾਈ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਵਚਨਬੱਧ ਹੈ,ਜਿਸ ਕਰਕੇ ਸ਼ਹਿਰ ਵਿੱਚ ਵਿਸ਼ੇਸ਼ ਤੌਰ ’ਤੇ ਸਿੱਖਿਅਤ ਅਤੇ ਹਾਈਟੈਕ ਕਮਾਂਡੋ ਤਾਇਨਾਤ ਕੀਤੇ ਗਏ ਹਨ, ਜੋ ਸ਼ਹਿਰ ਵਿੱਚ ਨਿਯਮਤ ਤੌਰ ’ਤੇ ਸੰਵੇਦਨਸ਼ੀਲ ਇਲਾਕਿਆਂ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਅਪਣੇ ਹੱਥਾਂ ਵਿੱਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੁਰੱਖਿਆ ਬਲਾਂ ਵਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਨੂੰ ਬਹਾਲ ਰੱਖਣ ਲਈ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਅਧਿਕਾਰੀਆਂ ਨੂੰ ਦੱਸ ਦਿੱਤਾ ਗਿਆ ਹੈ ਕਿ ਅਮਨ-ਕਾਨੂੰਨ ਨੂੰ ਬਹਾਲ ਰੱਖਣ ਲਈ ਕਿਸੇ ਅਣਗਹਿਲੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹੈ ਇਸ ਲਈ ਸਾਰੇ ਅਧਿਕਾਰੀਆਂ ਅਤੇ ਕਰਮੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ,ਸਮਰਪਨ ਭਾਵਨਾ ਅਤੇ ਪੇਸ਼ੇਵਾਰਾਨਾ ਢੰਗ ਨਾਲ ਨਿਭਾਉਣੀ ਚਾਹੀਦੀ ਹੈ।

 
ਪੁਲਿਸ ਕਮਿਸ਼ਨਰ ਨੇ ਦੁਹਰਾਇਆ ਕਿ ਸ਼ਹਿਰ ਵਿੱਚ ਨਾਕਾਬੰਦੀ ਅਤੇ ਪੁਲਿਸ ਗਸ਼ਤ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਪਹਿਲਾਂ ਹੀ ਕਮਿਸ਼ਨਰੇਟ ਦਫ਼ਤਰਾਂ ਅਤੇ ਪੁਲਿਸ ਲਾਈਨ ਤੋਂ ਵਾਧੂ ਸੁਰੱਖਿਆ ਅਮਲੇ ਨੂੰ ਤਾਇਨਾਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਮਿਸ਼ਨਰੇਟ ਦੇ ਗਜ਼ਟਿਡ ਅਫ਼ਸਰਾਂ(ਜੀ.ਓਜ) ਨੂੰ ਸ਼ਹਿਰੀ ਖੇਤਰ ਵਿੱਚ ਰਾਤ 10 ਵਜੇ ਤੱਕ ਰਹਿਣ ਦੇ ਆਦੇਸ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੈਰ ਸਮਾਜਿਕ ਗਤੀਵਿਧੀਆਂ ’ਤੇ ਕਾਬੂ ਪਾਉਣ ਲਈ ਦੇਰ ਸ਼ਾਮ ਅਤੇ ਰਾਤ ਦੀਆਂ ਡਿਊਟੀਆਂ ਨੂੰ ਪਹਿਲਾਂ ਹੀ ਮਜ਼ਬੂਤੀ ਨਾਲ ਲਗਾਇਆ ਜਾ ਰਿਹਾ ਹੈ ਅਤੇ ਪੁਲਿਸ ਕਰਮੀਆਂ ਵਲੋਂ ਪਹਿਲਾਂ ਹੀ ਆਪਣੀਆਂ ਡਿਊਟੀਆਂ ਪੂਰੀ ਮੁਸ਼ਤੈਦੀ ਨਾਲ ਨਿਭਾਈਆਂ ਜਾ ਰਹੀਆਂ ਹਨ।

 
ਸ਼ਹਿਰ ਵਾਸੀਆਂ ਨੂੰ ਪੂਰਨ ਸਹਿਯੋਗ ਦੀ ਅਪੀਲ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹੈ, ਪਰ ਲੋਕਾਂ ਦੇ ਵੱਡਮੁੱਲੇ ਸਹਿਯੋਗ ਤੋਂ ਬਿਨਾਂ ਜੁਰਮ ਰਹਿਤ ਸਮਾਜ ਦੀ ਸਥਾਪਨਾ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਲੋਕਾਂ ਨੂੰ ਇਸ ਨੇਕ ਕਾਜ ਵਿੱਚ ਪੁਲਿਸ ਦਾ ਸਹਿਯੋਗ ਕਰਨ ਲਈ ਅਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਭਰੋਸਾ ਦੁਆਇਆ ਕਿ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜਲੰਧਰ ਨੂੰ ਸੁਰੱਖਿਅਤ ਅਤੇ ਜੁਰਮ ਮੁਕਤ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਵਲੋਂ ਸ਼ਹਿਰ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ ਗਿਆ।