ਚੰਡੀਗੜ੍ਹ: ਪੀਐਮ ਨਰਿੰਦਰ ਮੋਦੀ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਤੋਂ ਦੋ ਸਾਲਾਂ ਲਈ 50 ਹਜ਼ਾਰ ਕਰੋੜ ਦੇ ਦੋ ਪੈਕੇਜ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਪੰਜਾਬ 'ਚ ਸਿਆਸਤ ਭਖਦੀ ਨਜ਼ਰ ਆ ਰਹੀ ਹੈ। ਵਿਰੋਧੀਆਂ ਨੂੰ ਮਾਨ ਸਰਕਾਰ ਖਿਲਾਫ ਸਵਾਲ ਚੁੱਕਣ ਦਾ ਮੌਕਾ ਮਿਲ ਗਿਆ ਹੈ। ਵਿਰੋਧੀਆਂ ਵੱਲੋਂ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਕੀਤੇ ਵਾਅਦਿਆਂ ਦੀ ਵੀਡੀਓ ਨੂੰ ਲੈ ਕੇ 'ਆਪ' ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ।
ਪਾਰਟੀ ਕਨਵੀਨਰ ਦੀ ਪੁਰਾਣੀ ਵੀਡੀਓ ਜਾਰੀ ਕਰ ਨਿਸ਼ਾਨਾ
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਚੋਣ ਮੁਹਿੰਮ ਦੀ ਵੀਡੀਓ ਜਾਰੀ ਕਰ ਕਿਹਾ ਕਿ ਅਰਵਿੰਦ ਕੇਜਰੀਵਾਲ ਜੀ ਨੇ 54 ਹਜ਼ਾਰ ਕਰੋੜ ਦਾ ਇੰਤਜ਼ਾਮ ਕੀਤਾ ਹੈ। ਫਿਰ ਅਸੀਂ ਕੇਂਦਰ ਸਰਕਾਰ ਤੋਂ ਕਿਉਂ ਪੁੱਛ ਰਹੇ ਹਾਂ।
ਭਾਜਪਾ ਲੀਡਰ ਮਨਜਿੰਦਰ ਸਿਰਸਾ ਨੇ ਵੀ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ 'ਆਪ' ਨੇ ਕਿਹਾ ਸੀ ਕਿ ਮਾਫੀਆ ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਕਰੋੜਾਂ ਰੁਪਏ ਇਕੱਠੇ ਕਰਨਗੇ। ਜੇਕਰ ਸਰਕਾਰ ਬਣੀ ਹੈ ਤਾਂ ਜਨਤਾ ਨੂੰ ਸਭ ਮੁਫਤ ਦੇਵਾਂਗੇ ਇਸ ਤਰ੍ਹਾਂ ਹਰ ਰਾਜ ਦੀ ਸਰਕਾਰ ਮੁਫਤ ਵਿੱਚ ਵਾਅਦੇ ਕਰਨਗੀਆਂ ਤੇ ਬਾਅਦ ਵਿਚ ਵਾਅਦੇ ਪੂਰੇ ਕਰਨ ਲਈ ਕੇਂਦਰ ਕੋਲ ਪਹੁੰਚਦੀਆਂ ਹਨ।
ਇਸ ਦੌਰਾਨ ਕਾਂਗਰਸ ਦੇ ਲੀਡਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਇਕੱਲੇ ਆਪਣੀਆਂ ਗਾਰੰਟੀਆਂ ਪੂਰੀਆਂ ਨਹੀਂ ਕਰ ਸਕਦੀ।
ਦਸ ਦਈਏ ਕਿ ਸੀਐੱਮ ਮਾਨ ਨੇ ਪੀਐੱਮ ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਸੀ ਕਿ ਅਸੀਂ ਦਿਨ ਰਾਤ ਮਿਹਨਤ ਕਰ ਰਹੇ ਹਾਂ। ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣ ਗਈ ਹੈ। ਜੇਕਰ ਸਾਨੂੰ ਘੱਟੋ-ਘੱਟ 2 ਸਾਲਾਂ ਲਈ ਵਿਸ਼ੇਸ਼ ਪੈਕੇਜ ਮਿਲੇਗਾ, ਉਦੋਂ ਤੱਕ ਅਸੀਂ ਆਪਣੀ ਵਿੱਤੀ ਸਥਿਤੀ ਨੂੰ ਸੰਭਾਲ ਲਵਾਂਗੇ। ਪੰਜਾਬ ਆਪਣੇ ਪੈਰਾਂ 'ਤੇ ਖੜ੍ਹਾ ਹੋਵੇਗਾ। ਉਹਨਾਂ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਆਪਣਾ ਪੂਰਾ ਸਹਿਯੋਗ ਦੇਣਗੇ।