ਚੰਡੀਗੜ੍ਹ: ਪੰਜਾਬ ਵਿੱਚ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅੱਜ ਤੋਂ ਦੋ ਦਿਨਾਂ ਦਾ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸੈਸ਼ਨ ’ਚ ਨਵੇਂ ਖੇਤੀ ਕਾਨੂੰਨਾਂ ਉੱਤੇ ਚਰਚਾ ਤੋਂ ਬਾਅਦ ਸਰਕਾਰ ਇਸ ਨੂੰ ਰੋਕਣ ਲਈ ਬਿੱਲ ਪੇਸ਼ ਕਰੇਗੀ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਪੰਜਾਬ ਦੀ ਖੇਤੀ ਤੇ ਕਿਸਾਨ ਦੇ ਹਿੱਤਾਂ ਦੀ ਰਾਖੀ ਲਈ ਚਰਚਾ ਕੀਤੀ ਜਾਵੇਗੀ। ਵਿਰੋਧੀ ਧਿਰ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਸੈਸ਼ਨ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਉੱਤਰ ਆਏ ਹਨ।

ਕੈਪਟਨ ਅਮਰਿੰਦਰ ਦਾ ਸੰਦੇਸ਼

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ,‘ਅੱਜ ਤੋਂ ਸ਼ੁਰੂ ਹੋ ਰਹੇ ਅਹਿਮ ਵਿਸ਼ੇਸ਼ ਸੈਸ਼ਨ ਲਈ ਵਿਧਾਨ ਸਭਾ ਪੁੱਜ ਗਿਆ ਹਾਂ। ਅਸੀਂ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਪੰਜਾਬ ਦੀ ਖੇਤੀ ਨੂੰ ਬਚਾਉਣ ਤੇ ਆਪਣੇ ਹਿੱਤਾਂ ਦੀ ਰਾਖੀ ਲਈ ਚਰਚਾ ਤੇ ਬਹਿਸ ਕਰਨ ਲਈ ਮਿਲ ਰਹੇ ਹਾਂ।’ ਵਿਧਾਨ ਸਭਾ ਦੇ ਇਸ ਸੈਸ਼ਨ ਵਿੱਚ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਵੀ ਪੁੱਜੇ ਹਨ।

ਮਜੀਠੀਆ ਟਰੈਕਟਰ ਲੈ ਪਹੁੰਚੇ

ਵਿਰੋਧੀ ਪਾਰਟੀਆਂ ਵਿਸ਼ੇਸ਼ ਸੈਸ਼ਨ ਦਾ ਵਿਰੋਧ ਕਰ ਰਹੀਆਂ ਹਨ। ਅਕਾਲੀ ਦਲ ਨੇ ਟਰੈਕਟਰ ਉੱਤੇ ਚੜ੍ਹ ਕੇ ਵਿਰੋਧ ਪ੍ਰਦਰਸ਼ਨ ਕੀਤਾ। ਅਕਾਲੀ ਦਲ ਦੇ ਆਗੂ ਵਿਕਰਮ ਮਜੀਠੀਆ ਨੇ ਕਿਹਾ,‘ਪੰਜਾਬ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁੱਧ ਪਹਿਲਾਂ ਦੇ ਪ੍ਰਸਤਾਵ ਕੇਂਦਰ ਨੂੰ ਨਹੀਂ ਭੇਜੇ। ਉਹ ਲੋਕ ਕੇਂਦਰ ਨਾਲ ਮਿਲ ਕੇ ਫ਼ਿਕਸ ਮੈਚ ਖੇਡ ਰਹੇ ਹਨ।’

'ਆਪ' ਵਿਧਾਇਕਾਂ ਪਾਏ ਕਾਲੇ ਕੱਪੜੇ

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਵੀ ਕਾਲੇ ਕੱਪੜੇ ਪਾ ਕੇ ਪੰਜਾਬ ਸਰਕਾਰ ਦਾ ਵਿਰੋਧ ਕੀਤਾ। ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨਾਂ ਵਿਰੁੱਧ ਪ੍ਰਸਤਾਵ ਪਾਸ ਕਰਨ ਦੀ ਮੰਗ ਕੀਤੀ। ‘ਆਪ’ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ,‘ਪੰਜਾਬ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ। ਆਮ ਆਦਮੀ ਪਾਰਟੀ ਦਾ ਇਸ ਦਾ ਖ਼ੁਲਾਸਾ ਕਰੇਗੀ ਕਿ ਕਿਵੇਂ ਪੰਜਾਬ ਨੇ ਕੇਂਦਰ ਨਾਲ ਕਾਨੂੰਨ ਬਾਰੇ ਗੱਠਜੋੜ ਕੀਤਾ ਹੈ।’

ਸੀਐਮ ਬੋਲੇ, ਸੁਪਰੀਮ ਕੋਰਟ ਤੱਕ ਲਿਜਾਵਾਂਗੇ ਲੜਾਈ

ਇਸ ਤੋਂ ਪਹਿਲਾਂ ਪੰਜਾਬ ਕੈਬਨਿਟ ਨੇ ਕਿਹਾ ਸੀ ਕਿ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਖੇਤੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਕਾਂਗਰਸ ਵਿਧਾਇਕ ਪਾਰਟੀ ਦੀ ਮੀਟਿੰਗ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਜੰਗ ਜਾਰੀ ਰਹੇਗੀ ਤੇ ਅਸੀਂ ਇਸ ਨੂੰ ਸੁਪਰੀਮ ਕੋਰਟ ਤੱਕ ਲਿਜਾਵਾਂਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ,‘ਕਾਂਗਰਸ ਲਈ ਇਹ ਲੜਾਈ ਕੋਈ ਰਾਜਨੀਤੀ ਨਹੀਂ, ਸਗੋਂ ਪੰਜਾਬ ਦੀ ਖੇਤੀ ਤੇ ਕਿਸਾਨਾਂ ਨੂੰ ਬਚਾਉਣ ਦਾ ਜਤਨ ਹੈ। ਇਸ ਬਾਰੇ ਜੋ ਵੀ ਫ਼ੈਸਲਾ ਹੋਵੇਗਾ, ਉਹ ਕਿਸਾਨਾਂ ਦੇ ਹਿਤਾਂ ਨੂੰ ਧਿਆਨ ’ਚ ਰੱਖ ਕੇ ਹੀ ਕੀਤਾ ਜਾਵੇਗਾ।’