(Source: ECI/ABP News/ABP Majha)
Punjab Assembly Session: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ, ਕਾਂਗਰਸ-ਅਕਾਲੀ ਦਲ ਆਹਮੋ-ਸਾਹਮਣੇ, ਹੰਗਾਮੇ ਦੇ ਪੂਰੇ ਆਸਾਰ
Punjab Assembly session: ਸੋਮਵਾਰ ਨੂੰ ਹੋਣ ਵਾਲੇ ਸੈਸ਼ਨ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਖ ਵਿਰੋਧੀ ਦੰਗਿਆਂ ਦੀ ਨਿੰਦਾ ਕਰਨ ਅਤੇ ਗਾਂਧੀ ਪਰਿਵਾਰ ਵਿਰੁੱਧ ਕਾਰਵਾਈ ਕਰਨ ਲਈ ਮਤਾ ਵੀ ਲਿਆਂਦਾ ਜਾਣਾ ਚਾਹੀਦਾ ਹੈ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਬੀਐਸਐਫ ਦੇ ਅਧਿਕਾਰ ਖੇਤਰ ਬਾਰੇ ਮਤਾ ਲਿਆਉਣ ਲਈ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਸੋਮਵਾਰ ਨੂੰ ਹੋਣ ਵਾਲੇ ਇਸ ਸੈਸ਼ਨ 'ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਸੀਐਮ ਚਰਨਜੀਤ ਸਿੰਘ ਚੰਨੀ ਦੇ ਸੀਐਮ ਬਣਮ ਤੋਂ ਬਾਅਦ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਸੈਸ਼ਨ ਹੋਣ ਜਾ ਰਿਹਾ ਹੈ। ਸਦਨ ਦੀ ਕਾਰਵਾਈ ਸਵੇਰੇ 10 ਵਜੇ ਸ਼ੁਰੂ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਸ ਤੋਂ ਬਾਅਦ ਬੀਐਸਐਫ ਦੇ ਅਧਿਕਾਰ ਖੇਤਰ ਵਧਾਏ ਜਾਣ ਖਿਲਾਫ ਪ੍ਰਸਤਾਅ ਲਿਆਂਦਾ ਜਾਵੇਗਾ। ਇਸ ਨੂੰ ਲੈ ਕੇ ਹੰਗਾਮਾ ਹੋਣ ਦੀ ਪੂਰੀ ਉਮੀਦ ਹੈ।
ਨਾਲ ਹੀ ਸੈਸ਼ਨ 'ਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪ੍ਰਸਤਾਵ ਲਿਆਂਦਾ ਜਾਵੇਗਾ। ਹਾਲਾਂਕਿ, ਪੰਜਾਬ ਵਿੱਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਸੱਤਾਧਾਰੀ ਕਾਂਗਰਸ ਵਿੱਚ ਪਹਿਲਾਂ ਹੀ ਸਿੱਖ ਵਿਰੋਧੀ ਦੰਗਿਆਂ ਅਤੇ ਬੇਅਦਬੀ ਦੇ ਮੁੱਦਿਆਂ ਨੂੰ ਲੈ ਕੇ ਟਕਰਾਅ ਚੱਲ ਰਿਹਾ ਹੈ।
ਸੋਮਵਾਰ ਦੇ ਸੈਸ਼ਨ ਤੋਂ ਪਹਿਲਾਂ, ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸਿੱਖ ਵਿਰੋਧੀ ਦੰਗਿਆਂ ਦੀ ਨਿੰਦਾ ਕਰਨ ਅਤੇ ਗਾਂਧੀ ਪਰਿਵਾਰ ਵਿਰੁੱਧ ਕਾਰਵਾਈ ਕਰਨ ਲਈ ਮਤਾ ਵੀ ਲਿਆਂਦਾ ਜਾਣਾ ਚਾਹੀਦਾ ਹੈ। ਅਕਾਲੀ ਦਲ ਦੇ ਸੁਪਰੀਮੋ ਸੁਖਬੀਰ ਬਾਦਲ ਨੇ ਦੰਗਿਆਂ ਲਈ ਕਥਿਤ ਤੌਰ 'ਤੇ ਜ਼ਿੰਮੇਵਾਰ ਗਾਂਧੀ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਵਿੱਚ ਹੋਰਨਾਂ ਪਾਰਟੀਆਂ ਤੋਂ ਵੀ ਸਹਿਯੋਗ ਮੰਗਿਆ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ 1984 ਵਿੱਚ ਸਿੱਖਾਂ ਦੀ ਨਸਲਕੁਸ਼ੀ ਦੀ ਸਖ਼ਤ ਨਿਖੇਧੀ ਕਰਦੇ ਹਾਂ। ਉਨ੍ਹਾਂ ਦੋਸ਼ ਲਾਇਆ ਕਿ ਅਜਿਹਾ ਗਾਂਧੀ ਪਰਿਵਾਰ ਦੇ ਕਹਿਣ ’ਤੇ ਕੀਤਾ ਗਿਆ। ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਜਾਵੇ। ਨਾਲ ਹੀ ਉਨ੍ਹਾਂ ਨੂੰ ਹੋਰ ਦੋਸ਼ੀਆਂ ਸਮੇਤ ਸਲਾਖਾਂ ਪਿੱਛੇ ਡੱਕਿਆ ਜਾਵੇ। ਇਸ ਦੇ ਲਈ ਵੀ ਪ੍ਰਸਤਾਵ ਲਿਆਂਦਾ ਜਾਣਾ ਚਾਹੀਦਾ ਹੈ।
ਸੁਖਬੀਰ ਬਾਦਲ ਦੇ ਬਿਆਨ 'ਤੇ ਕਾਂਗਰਸ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਸੱਤਾਧਾਰੀ ਧਿਰ ਵੱਲੋਂ ਕਿਹਾ ਗਿਆ ਕਿ ਜੇਕਰ ਅਜਿਹੀ ਕੋਈ ਤਜਵੀਜ਼ ਮੰਗੀ ਜਾ ਰਹੀ ਹੈ ਤਾਂ ਅਕਾਲੀ-ਭਾਜਪਾ ਕਾਰਜਕਾਲ ਦੌਰਾਨ ਬਹਿਬਲ ਕਲਾਂ ਵਿਖੇ ਬੇਅਦਬੀ, ਬਰਗਾੜੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਬਾਰੇ ਵੀ ਮਤਾ ਲਿਆਂਦਾ ਜਾਵੇ।
ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਵਿਰੋਧੀ ਧਿਰ 'ਤੇ ਵਰ੍ਹਦਿਆਂ ਕਿਹਾ ਕਿ ਬਰਗਾੜੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੀਆਂ ਘਟਨਾਵਾਂ 'ਤੇ ਕਦੇ ਮਤਾ ਕਿਉਂ ਨਹੀਂ ਲਿਆਂਦਾ ਗਿਆ। ਪਰ ਹੁਣ ਅਕਾਲੀ ਦਲ ਦੇ ਆਗੂ ਚਿੰਤਤ ਹਨ, ਕਿਉਂਕਿ ਇਨ੍ਹਾਂ ਘਟਨਾਵਾਂ ਨਾਲ ਸਬੰਧਤ ਮਾਮਲੇ ਖੁੱਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਸਬੰਧੀ ਫਾਈਲਾਂ ਖੁੱਲ੍ਹਣ 'ਤੇ ਸੁਖਬੀਰ ਬਾਦਲ, ਬਿਕਰਮ ਮਜੀਠੀਆ ਕਿਉਂ ਬੇਚੈਨ ਹਨ।
ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਢੇ ਪੰਜ ਸਾਲ ਕੁਝ ਨਹੀਂ ਕੀਤਾ। ਜਿਸ ਕਾਰਨ ਉਹ ਚਰਚਾ ਤੋਂ ਭੱਜ ਰਹੇ ਹਨ। ਪੰਜਾਬ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਵੀ ਲੰਬਿਤ ਹੈ। ਉਨ੍ਹਾਂ ਇਹ ਇਜਲਾਸ 10 ਤੋਂ 15 ਦਿਨਾਂ ਲਈ ਕਰਨ ਲਈ ਕਿਹਾ ਹੈ, ਤਾਂ ਜੋ ਹਰ ਵਿਧਾਇਕ ਆਪਣੇ ਇਲਾਕੇ ਦੀ ਸਮੱਸਿਆ ਉਠਾ ਸਕੇ।
ਇਹ ਵੀ ਪੜ੍ਹੋ: ਭਾਰਤ 'ਚ 33 ਲੱਖ ਤੋਂ ਵੱਧ ਬੱਚੇ ਕੁਪੋਸ਼ਿਤ, 17.7 ਲੱਖ ਗੰਭੀਰ ਕੁਪੋਸ਼ਿਤ: ਸਰਕਾਰੀ ਅੰਕੜੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: