Punjab News: ਬੀਤੀ ਰਾਤ ਗੁਰਦਾਸਪੁਰ ਜ਼ਿਲ੍ਹੇ ਦੇ ਧਾਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋ ਗਏ ਸਨ ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਆਈ ਸੰਗਤ ਤੇ ਪ੍ਰਬੰਧਕਾਂ ਤੋਂ ਸਾਰੇ ਹਲਾਤਾਂ ਦੀ ਜਾਣਕਾਰੀ ਲਈ ਹੈ।

ਇਸ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੰਗਤ ਤੋਂ ਮਿਲੀ ਜਾਣਕਾਰੀ ਮੁਤਾਬਕ, ਇਹ ਘਟਨਾ ਬਿਜਲੀ ਦਾ ਸ਼ਾਰਟ ਸਕਰਟ ਹੋਣ ਕਰਕੇ ਵਾਪਰੀ ਹੈ ਜਿਸ ਤੋਂ ਬਾਅਦ ਸੰਗਤ ਅਤੇ ਪ੍ਰਬੰਧਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਆਦੇਸ਼ ਤੋਂ ਜਾਣੂ ਕਰਵਾਇਆ ਕਿ ਸੰਗਤਾਂ, ਪ੍ਰਬੰਧਕਾਂ, ਗੁਰੂ ਘਰ ਦੇ ਗ੍ਰੰਥੀ ਸਿੰਘਾਂ ਸਮੇਤ ਸਭ ਦਾ ਫ਼ਰਜ਼ ਬਣਦਾ ਹੈ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਵਾਸਤੇ ਠੋਸ ਪ੍ਰਬੰਧ ਕੀਤੇ ਜਾਣ।

ਇਸ ਮੌਕੇ ਜਥੇਦਾਰ ਨੇ ਕਿਹਾ ਕਿ ਜੇ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਵਾਪਰੀ ਤਾਂ ਉਸਦਾ ਸਿੱਧੇ ਤੌਰ 'ਤੇ ਜਿੰਮੇਵਾਰ ਗੁਰੂ ਘਰ ਦਾ ਗ੍ਰੰਥੀ ਸਿੰਘ ਤੇ ਪ੍ਰਬੰਧਕ ਹੋਣਗੇ ਨਾਲ ਹੀ ਗੁਰੂ ਘਰ 'ਚ 24 ਘੰਟੇ ਪਹਿਰੇਦਾਰੀ ਦੇ ਪ੍ਰਬੰਧ ਕਰਨ ਦੇ ਹੁਕਮ ਵੀ ਕੀਤੇ ਗਏ। ਜੇ ਅਜਿਹਾ ਨਹੀਂ ਹੁੰਦਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਜਥੇਦਾਰ ਨੇ ਪਿੰਡ ਵਾਸੀਆਂ ਤੇ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਾਂਭ-ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹਿਦਾਇਤਾਂ ਬਾਰੇ ਜਾਣੂ ਕਰਵਾਇਆ ਤੇ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। 

ਜ਼ਿਕਰ ਕਰ ਦਈਏ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੇ ਸੰਗਤਾਂ ਨੂੰ ਵਾਰ ਵਾਰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗ਼ੈਰ ਹਾਜ਼ਰੀ ਵਿੱਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ।

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇੱਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।