Punjab News: ਖਾਲਿਸਤਾਨੀ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮੁਸੀਬਤ ਲਗਾਤਾਰ ਵਧਦੀ ਜਾ ਰਹੀ ਹੈ। ਜਦਕਿ ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਹੈ। ਇਸ ਨਾਲ ਹੀ ਉਸ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਵਿੱਚ ਦੱਸਿਆ ਹੈ ਕਿ ਅੰਮ੍ਰਿਤਪਾਲ ਦੇ ਸਾਥੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੌਰਾਨ ਉਨ੍ਹਾਂ ਕੋਲੋਂ ਨਾਜਾਇਜ਼ ਤੌਰ ’ਤੇ ਰੱਖੇ ਹਥਿਆਰ ਵੀ ਬਰਾਮਦ ਹੋਏ ਹਨ। 12 ਬੋਰ ਦੇ 193 ਕਾਰਤੂਸ, 315 ਬੋਰ ਦਾ ਅਸਲਾ, 57 ਜਿੰਦਾ ਕਾਰਤੂਸ ਸਮੇਤ ਇੱਕ ਸਾਈਬਰ ਵੀ ਬਰਾਮਦ ਕੀਤਾ ਗਿਆ ਹੈ। ਐਸਐਸਪੀ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਉਸ ਦੀ ਗ੍ਰਿਫਤਾਰੀ ਲਈ ਤਲਾਸ਼ੀ ਮੁਹਿੰਮ 'ਚ ਲੱਗੀ ਹੋਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।



ਅਜਨਾਲਾ ਹਿੰਸਾ ਦੇ 7 ਦੋਸ਼ੀ ਗ੍ਰਿਫਤਾਰ



ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਥਾਣਾ ਅਜਨਾਲਾ ਵਿੱਚ ਹਿੰਸਾ ਦੇ ਦੋਸ਼ਾਂ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸੱਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐਸਐਸਪੀ ਨੇ ਕਿਹਾ ਕਿ ਅਸੀਂ ਗ੍ਰਿਫ਼ਤਾਰ ਮੁਲਜ਼ਮਾਂ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕਰਾਂਗੇ ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਐਸਐਸਪੀ ਸਤਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੂਰੇ ਸੂਬੇ ਵਿੱਚ ਅਮਨ-ਕਾਨੂੰਨ ਬਰਕਰਾਰ ਹੈ ਤੇ ਜਲਦੀ ਹੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਜਾਵੇਗਾ।



ਪੁਲਿਸ 4 ਸਾਥੀਆਂ ਨੂੰ ਡਿਬਰੂਗੜ੍ਹ ਲੈ ਗਈ



ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਕਰੀਬੀਆਂ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ। ਤਲਾਸ਼ੀ ਮੁਹਿੰਮ ਦੌਰਾਨ ਜਿੱਥੇ ਪਹਿਲਾਂ 78 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸੇ ਪੁਲਿਸ ਨੇ ਅੰਮ੍ਰਿਤਪਾਲ ਦੇ ਚਾਰ ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐਸਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਇੱਕ ਟੀਮ ਚਾਰ ਸ਼ੱਕੀਆਂ ਨੂੰ ਆਸਾਮ ਦੇ ਡਿਬਰੂਗੜ੍ਹ ਲੈ ਗਈ ਹੈ। ਇਨ੍ਹਾਂ ਸ਼ੱਕੀਆਂ ਦੇ ਨਾਵਾਂ ਦਾ ਅਜੇ ਤੱਕ ਖੁਲਾਸਾ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 20 ਮਾਰਚ ਤੱਕ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ।