ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ – CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ।
Punjab news: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਸਨਅਤਕਾਰਾਂ ਨੂੰ ਪ੍ਰੇਸ਼ਾਨ ਕਰਨ ਦਾ ਦੌਰ ਖ਼ਤਮ ਹੋ ਚੁੱਕਾ ਹੈ ਅਤੇ ਸੂਬਾ ਸਰਕਾਰ ਹੁਣ ਸਨਅਤੀ ਖੇਤਰ ਦੇ ਸਹਿਯੋਗੀ ਵਜੋਂ ਕੰਮ ਕਰੇਗੀ। ਕੋਈ ਵੀ ਸਨਅਤਕਾਰਾਂ ਨੂੰ ਤੰਗ-ਪ੍ਰੇਸ਼ਾਨ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਸਨਅਤ ਦੀ ਤਰੱਕੀ ਤੇ ਵਿਕਾਸ ਲਈ ਹਰੇਕ ਸੰਭਵ ਕੋਸ਼ਿਸ਼ ਕਰੇਗੀ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਨਅਤਾਂ ਦੀ ਸਹੂਲਤ ਲਈ ਪਹਿਲਾਂ ਹੀ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕਰ ਕੇ ਆਪਣੇ ਵੱਲੋਂ ਸਹਿਯੋਗ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਨਅਤੀ ਖੇਤਰ ਦਾ ਵਿਆਪਕ ਵਿਕਾਸ ਯਕੀਨੀ ਬਣਾਉਣ ਲਈ ਸਿੰਗਲ ਵਿੰਡੋ ਪ੍ਰਣਾਲੀ ਨੂੰ ਪੂਰੇ ਉਤਸ਼ਾਹ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਸਨਅਤੀ ਇਕਾਈਆਂ ਦੀ ਸੁਰੱਖਿਆ, ਤਰੱਕੀ ਤੇ ਵਿਸਤਾਰ ਲਈ ਸਾਰਥਿਕ ਕੋਸ਼ਿਸ਼ਾਂ ਕਰੇਗੀ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਨਅਤਕਾਰਾਂ ਨੇ ਦੁਨੀਆ ਭਰ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਕੋਸ਼ਿਸ਼ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਨਅਤੀ ਇਕਾਈਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਹੋਰ ਸਨਅਤਾਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਅਜਿਹੇ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮਕਸਦ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਸਨਅਤ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਵਿਸ਼ਵ ਨੂੰ ਸੂਬੇ ਦੀ ਵਿਆਪਕ ਸਮਰੱਥਾ ਦਿਖਾਉਣ ਲਈ ਸਥਾਨਕ ਸਨਅਤ ਦੀ ਭਾਗੀਦਾਰੀ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਦੁਨੀਆ ਭਰ ਵਿੱਚ ਪੰਜਾਬ ਨੂੰ ਸਨਅਤੀ ਹੱਬ ਵਜੋਂ ਉਭਾਰਨ ਲਈ ਸਥਾਨਕ ਸਨਅਤ ਨੂੰ ਸੂਬੇ ਦਾ ਬਰਾਂਡ ਅੰਬੈਸਡਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਲਈ ਬਹੁਤ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ ਸਨਅਤੀ ਵਿਕਾਸ ਦੇ ਸਿਖਰਲੇ ਪੰਧ ਉਤੇ ਪਾਉਣ ਲਈ ਕੋਸ਼ਿਸ਼ਾ ਕਰਨੀਆਂ ਚਾਹੀਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੇ ਵਿਕਾਸ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਬੂਹੇ ਖੁੱਲ੍ਹਣ ਦੇ ਨਾਲ-ਨਾਲ ਸਨਅਤੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।
ਭਗਵੰਤ ਮਾਨ ਨੇ ਕਿਹਾ ਕਿ ਸਨਅਤ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਹਵਾਈ ਉਡਾਣਾਂ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਸੂਬੇ ਦੇ ਵਿਕਾਸ ਵਿੱਚ ਵੀ ਵੱਡਾ ਯੋਗਦਾਨ ਪਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਗਤੀ ਦੇਣ ਲਈ ਹਰੇਕ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੂਬੇ ਭਰ ਵਿੱਚ 20 ਸਮਰਪਿਤ ਪੇਂਡੂ ਸਨਅਤੀ ਹੱਬ ਸਥਾਪਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਹਾਲ ਹੀ ਵਿੱਚ ਚੇਨਈ, ਹੈਦਰਾਬਾਦ ਤੇ ਮੁੰਬਈ ਦਾ ਦੌਰਾ ਕਰ ਕੇ ਆਏ ਹਨ ਅਤੇ ਉੱਥੋਂ ਦੇ ਸਨਅਤਕਾਰਾਂ ਨੂੰ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਂਨਗਰਾਂ ਦੇ ਕਾਰੋਬਾਰੀ ਇਸ ਗੱਲੋਂ ਹੈਰਾਨ ਸਨ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਦੀਆਂ ਇੰਨੀਆਂ ਸੰਭਾਵਨਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਹ ਕਾਰੋਬਾਰੀ ਹੁਣ ਪੰਜਾਬ ਵਿੱਚ ਨਿਵੇਸ਼ ਲਈ ਤਿਆਰ ਹਨ।
ਇਹ ਵੀ ਪੜ੍ਹੋ: Punjab News: ਕੈਬਨਿਟ ਮੰਤਰੀ ਬੈਂਸ ਨੇ ਐਸਡੀਐਮ ਦਫ਼ਤਰ 'ਚ ਮਾਰਿਆ ਛਾਪਾ ,ਗੈਰ ਹਾਜ਼ਰ ਮੁਲਾਜ਼ਮ ਕੀਤੇ ਮੁਅੱਤਲ
ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਤੇ ਵਣਜ ਨੂੰ ਹੋਰ ਗਤੀ ਦੇਣ ਲਈ ਸੂਬਾ ਸਰਕਾਰ ਨੇ ਪੰਜਾਬ ਲਈ ਨਵੀਂ ਸਨਅਤੀ ਨੀਤੀ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਨਅਤਕਾਰਾਂ ਤੇ ਹੋਰ ਸਾਰੇ ਭਾਈਵਾਲਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਬਣਾਈ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਨਅਤੀ ਵਿਕਾਸ ਲਈ ਇਸ ਸਬੰਧੀ ਸਨਅਤਕਾਰਾਂ ਦੇ ਹੋਰ ਸੁਝਾਵਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਵੇਗਾ।