Punjab News: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਰਾਜ ਪੱਧਰੀ ਮੁਫ਼ਤ ਟੀਕਾਕਰਨ ਮੁਹਿੰਮ 15 ਫ਼ਰਵਰੀ, 2023 ਨੂੰ ਐਸ.ਏ.ਐਸ. ਨਗਰ (ਮੋਹਾਲੀ) ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਾਲ ਦੌਰਾਨ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਪੰਜਾਬ ਰਾਜ ਵਿੱਚ 25 ਲੱਖ ਗਾਵਾਂ ਨੂੰ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਦੇ ਟੀਕਾਕਰਨ ਕਰਨ ਦਾ ਟੀਚਾ ਮਿਥਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਦੂਜੇ ਸੂਬਿਆਂ ਰਾਹੀਂ ਪੰਜਾਬ ਅੰਦਰ ਫੈਲੀ ਇਸ ਬੀਮਾਰੀ ਨਾਲ ਪਸ਼ੂ-ਧਨ ਦਾ ਬਹੁਤ ਨੁਕਸਾਨ ਹੋਇਆ ਸੀ। ਇਹ ਬੀਮਾਰੀ ਮੁੜ ਸੂਬੇ ਵਿੱਚ ਕਿਰਸਾਨੀ, ਪਸ਼ੂ-ਧਨ ਅਤੇ ਸਬੰਧਤ ਕਿੱਤਿਆਂ ਦਾ ਨੁਕਸਾਨ ਨਾ ਕਰ ਸਕੇ, ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿਉਂਤਬੰਦੀ ਕੀਤੀ ਹੈ।


ਉਨ੍ਹਾਂ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਅਤੇ ਭਵਿੱਖੀ ਰਣਨੀਤੀ ਉਲੀਕਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ 15 ਫ਼ਰਵਰੀ, 2023 ਤੋਂ ਰਾਜ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਰੀਬ 75 ਦਿਨ ਤਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਦੌਰਾਨ 30 ਅਪ੍ਰੈਲ, 2023 ਤੱਕ ਸੂਬੇ ਦੇ ਸਮੁੱਚੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।


ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਦੇ ਸਰਕਾਰੀ “ਸਟੇਟ ਵੈਟਰਨਰੀ ਬਾਇਉਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ” ਤੋਂ 25 ਲੱਖ ਖ਼ੁਰਾਕਾਂ ਖ਼ਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਨਰੀ ਵੈਕਸੀਨ ਸੰਸਥਾ ਵਿਖੇ ਵਿਗਿਆਨਕ ਤਰੀਕੇ ਨਾਲ ਸੁਰੱਖਿਅਤ ਸਟੋਰ ਕੀਤੀਆਂ ਗਈਆਂ ਹਨ, ਜਿਥੋਂ ਇਨ੍ਹਾਂ ਖ਼ੁਰਾਕਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਹੈ।
ਮੈਗਾ ਟੀਕਾਕਰਨ ਮੁਹਿੰਮ ਲਈ ਕੀਤੇ ਗਏ ਪ੍ਰਬੰਧ


ਜ਼ਿਕਰਯੋਗ ਹੈ ਕਿ ਵਿਸ਼ਾਣੂਆਂ ਤੋਂ ਹੋਣ ਵਾਲੀ ਲੰਪੀ ਸਕਿਨ ਬੀਮਾਰੀ ਨੇ ਜੁਲਾਈ 2022 ਵਿੱਚ ਸੂਬੇ ਦੇ ਗਊਧਨ ਨੂੰ ਵੱਡੀ ਪੱਧਰ ‘ਤੇ ਆਪਣੀ ਲਪੇਟ ਵਿੱਚ ਲੈ ਲਿਆ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕਰੀਬ 1.75 ਲੱਖ ਗਊਧਨ ਪ੍ਰਭਾਵਤ ਹੋਇਆ ਸੀ ਅਤੇ ਇਸ ਸਮੇਂ ਦੌਰਾਨ ਲਗਭਗ 18 ਹਜ਼ਾਰ ਗਊਧਨ ਦੀ ਮੌਤ ਹੋਈ ਸੀ।


ਸਰਕਾਰ ਵੱਲੋਂ ਪਿਛਲੇ ਵਰ੍ਹੇ ਅਚਾਨਕ ਇਹ ਮਹਾਂਮਾਰੀ ਫੈਲਣ ‘ਤੇ ਤੁਰੰਤ ਕਦਮ ਚੁੱਕਦਿਆਂ 1.54 ਕਰੋੜ ਰੁਪਏ ਦੀ ਲਾਗਤ ਨਾਲ 10.16 ਲੱਖ ਖ਼ੁਰਾਕਾਂ ਤੇਲੰਗਾਨਾ ਰਾਜ ਤੋਂ ਏਅਰ-ਲਿਫਟ ਕੀਤੀਆਂ ਗਈਆਂ ਅਤੇ ਸੂਬੇ ਦੇ 9.2 ਲੱਖ ਯੋਗ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਗਿਆ ਜਿਸ ਦੇ ਸਿਟੇ ਵੱਜੋਂ ਪਸ਼ੂਧਨ ਦਾ ਵੱਡਾ ਬਚਾਅ ਸੰਭਵ ਹੋ ਸਕਿਆ।