Punjab News: ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ (ਸੀ.ਏ.ਕਿਊ.ਐਮ.) ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਵਾ ਪ੍ਰਦੂਸ਼ਣ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਚੇਅਰਪਰਸਨ ਡਾ. ਐਮ.ਐਮ. ਕੁੱਟੀ ਦੀ ਪ੍ਰਧਾਨਗੀ ਹੇਠ ਸੂਬੇ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਮੀਟਿੰਗ ਦੌਰਾਨ ਪੰਜਾਬ ਵਿੱਚ ਆਗਾਮੀ ਸਾਉਣੀ ਦੇ ਵਾਢੀ ਸੀਜ਼ਨ ਸਬੰਧੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਯੋਜਨਾ 'ਤੇ ਚਰਚਾ ਕੀਤੀ ਗਈ।
ਡਿਪਟੀ ਕਮਿਸ਼ਨਰਾਂ ਨੇ ਚੇਅਰਪਰਸਨ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣੂ ਕਰਵਾਇਆ। ਡਾ. ਐਮ.ਐਮ. ਕੁੱਟੀ ਨੇ ਪੰਜਾਬ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ‘ਤੇ ਸੰਤੁਸ਼ਟੀ ਪ੍ਰਗਟਾਈ ਅਤੇ ਇਨ੍ਹਾਂ ਘਟਨਾਵਾਂ ਵਿੱਚ 30 ਫ਼ੀਸਦੀ ਕਮੀ ਆਉਣ 'ਤੇ ਸੂਬੇ ਨੂੰ ਵਧਾਈ ਦਿੱਤੀ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ 2023 ਲਈ ਅਗਾਊਂ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਸਬੰਧੀ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਸਬੰਧਤ ਜ਼ਿਲ੍ਹਿਆਂ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਲੁਧਿਆਣਾ ਤੇ ਮਾਲੇਰਕੋਟਲਾ ਦੀ ਸ਼ਲਾਘਾ ਕੀਤੀ।
ਮੁੱਖ ਸਕੱਤਰ ਜੰਜੂਆ ਨੇ ਪਰਾਲੀ ਪ੍ਰਬੰਧਨ ਲਈ ਸੂਬੇ ਸਰਕਾਰ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਜਿਸ ਵਿੱਚ ਐਕਸ-ਸੀਟੂ ਉਦਯੋਗਾਂ ਦੇ ਮੁੱਦਿਆਂ ਨੂੰ ਹੱਲ ਕਰਨਾ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨਾ ਅਤੇ ਪਰਾਲੀ ਦੇ ਮੌਕੇ ‘ਤੇ ਪ੍ਰਬੰਧਨ ਲਈ ਢੁੱਕਵੀਂਆਂ ਮਸ਼ੀਨਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬਾ ਸਰਕਾਰ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ, ਕਪਾਹ ਦੀ ਫ਼ਸਲ ਅਤੇ ਝੋਨੇ ਦੀ ਘੱਟ ਸਮੇਂ ਵਾਲੀ ਕਿਸਮ ਦੀ ਬਿਜਾਈ ਨੂੰ ਉਤਸ਼ਾਹਤ ਕਰਨ ਲਈ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਇਸ ਮੁੱਦੇ ਨੂੰ ਹੱਲ ਕਰਨ ਲਈ ਸਮਰੱਥ ਹਨ ਅਤੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਂਦੇ ਮਾੜੇ ਪ੍ਰਭਾਵ ਅਤੇ ਵਿਸ਼ੇਸ਼ ਤੌਰ 'ਤੇ ਜ਼ਮੀਨ ਦੀ ਉਪਜਾਊ ਸ਼ਕਤੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਮੀਟਿੰਗ ਦੌਰਾਨ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਦੇ ਮੈਂਬਰ ਸਕੱਤਰ ਅਰਵਿੰਦ ਨੌਟਿਆਲ ਨੇ ਝੋਨੇ ਦੀ ਪਰਾਲੀ ਦੇ ਇਨ ਸੀਟੂ ਤੇ ਐਕਸ ਸੀਟੂ ਪ੍ਰਬੰਧਨ ਬਾਰੇ ਪੇਸ਼ਕਾਰੀ ਦਿੱਤੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਬੋਰਡ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਖੇਤੀਬਾੜੀ ਤੇ ਵਾਤਾਵਰਣ ਸੁਮੇਰ ਸਿੰਘ ਗੁਰਜਰ, ਬੋਰਡ ਦੇ ਮੈਂਬਰ ਸਕੱਤਰ ਜੀ.ਐਸ. ਮਜੀਠੀਆ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।
ਇਸ ਮੌਕੇ ਮੁੱਖ ਸਕੱਤਰ ਸ੍ਰੀ ਜੰਜੂਆ ਵੱਲੋਂ ਡਾ ਕੁੱਟੀ ਤੇ ਸ੍ਰੀ ਨੌਟਿਆਲ ਦਾ ਸਨਮਾਨ ਕੀਤਾ ਗਿਆ
ਸੂਬੇ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ 50 ਫ਼ੀਸਦ ਤੱਕ ਘੱਟ ਕੀਤਾ ਜਾਵੇਗਾ: ਜੰਜੂਆ
ਏਬੀਪੀ ਸਾਂਝਾ
Updated at:
07 Feb 2023 05:46 PM (IST)
Edited By: sanjhadigital
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਹਵਾ ਗੁਣਵਤਾ ਪ੍ਰਬੰਧਨ ਬਾਰੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਹੈ ਕਿ ਸੂਬੇ ਵੱਲੋਂ 2022 ਦੇ ਮੁਕਾਬਲੇ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 50 ਫ਼ੀਸਦੀ ਕਮੀ ਲਿਆਂਦੀ ਜਾਵੇਗੀ।
PUNJAB NEWS
NEXT
PREV
Published at:
07 Feb 2023 05:46 PM (IST)
- - - - - - - - - Advertisement - - - - - - - - -