Statues of martyrs : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਆਪ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਚੱਲਣ ਵਾਲੀ ਸਰਕਾਰ ਦਾ ਦਾਅਵਾ ਕਰਦੀ ਹੈ। ਇਸੇ ਤਹਿਤ ਹੁਣ ਪੰਜਾਬ ਸਰਕਾਰ ਨੇ ਸ਼ਹੀਦਾਂ ਦੇ ਸਨਮਾਨ ਲਈ ਇੱਕ ਹੁਕਮ ਜਾਰੀ ਕੀਤਾ ਹੈ। ਜਿਸ 'ਤੇ ਤੁਰੰਤ ਕੰਮ ਕਰਨ ਲਈ ਕਿਹਾ ਗਿਆ ਹੈ।
ਮਾਨ ਸਰਕਾਰ ਵੱਲੋਂ ਸੂਬੇ ਦੀ ਹੱਦ ਨਾਲ ਲੱਗਦੀਆਂ ਮੁੱਖ ਸੜਕਾਂ 'ਤੇ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ। ਸਰਕਾਰ ਨੇ ਲੋਕ ਨਿਰਮਾਣ ਵਿਭਾਗ ਨੂੰ ਇਹ ਕੰਮ ਸੌਂਪਿਆ ਹੈ। ਮੁੱਢਲੇ ਪੜਾਅ 'ਤੇ ਪਾਇਲਟ ਪ੍ਰਾਜੈਕਟ ਵਜੋਂ ਇੱਕ-ਦੋ ਮੁੱਖ ਮਾਰਗਾਂ ਦੀ ਚੋਣ ਕੀਤੀ ਜਾਵੇਗੀ ਜਿਨ੍ਹਾਂ ਦੇ ਦੋਵੇਂ ਪਾਸੇ ਸ਼ਹੀਦਾਂ ਦੇ ਬੁੱਤ ਤੇ ਤਸਵੀਰਾਂ ਲਗਾਈਆਂ ਜਾਣਗੀਆਂ।
ਇਸ ਦੌਰਾਨ ਲਏ ਫ਼ੈਸਲਿਆਂ 'ਤੇ ਅਮਲ ਹੁਣ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਅੰਤਰਰਾਜੀ ਹੱਦ ਨਾਲ ਲੱਗਦੀਆਂ ਮੁੱਖ ਸੜਕਾਂ 'ਤੇ ਦੋਵੇਂ ਪਾਸੇ ਸ਼ਹੀਦਾਂ ਦੇ ਬੁੱਤ ਜਾਂ ਤਸਵੀਰਾਂ ਲਾਏ ਜਾਣ। ਲੋਕ ਨਿਰਮਾਣ ਵਿਭਾਗ ਵੱਲੋਂ ਇਸ ਪ੍ਰਾਜੈਕਟ ਨੂੰ ਤਿਆਰ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਨਾਲ ਲੱਗਦੇ ਮੁੱਖ ਮਾਰਗਾਂ ਲਈ ਇਹ ਪ੍ਰਾਜੈਕਟ ਬਣ ਰਿਹਾ ਹੈ।
ਇਸੇ ਤਰ੍ਹਾਂ ਸਰਕਾਰੀ ਦਫ਼ਤਰਾਂ ਵਿਚ 'ਬਦਲਾਅ ਦਾ ਮਾਹੌਲ ਬਣਾਉਣ ਅਤੇ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਲੋਕਾਂ ਵੱਲੋਂ ਮੁੱਖ ਮੰਤਰੀ ਦੇ ਨਾਮ 'ਤੇ ਆਈਆਂ ਸ਼ਿਕਾਇਤਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ। ਲੋਕਾਂ ਨੂੰ ਉਨ੍ਹਾਂ ਦੀ ਸ਼ਿਕਾਇਤ ਦੇ ਨਿਪਟਾਰੇ ਬਾਰੇ ਵੀ ਜਾਣੂ ਕਰਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ 17 ਜੂਨ ਨੂੰ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਸੀ।
ਡਿਪਟੀ ਕਮਿਸ਼ਨਰਾਂ ਨੂੰ ਦਿਨ ਭਰ ਵਿਚ ਕਿੰਨੇ ਆਮ ਲੋਕ ਮਿਲੇ ਅਤੇ ਉਨ੍ਹਾਂ ਦੀ ਸ਼ਿਕਾਇਤ ਕੀ ਸੀ ਅਤੇ ਉਸ ਦਾ ਨਿਪਟਾਰਾ ਕਦੋਂ ਹੋਇਆ, ਇਸ ਸਭ 'ਤੇ ਨਜ਼ਰ ਰੱਖਣ ਲਈ ਸਾਫਟਵੇਅਰ ਤਿਆਰ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰਾਂ ਨੂੰ ਮਿਲਣ ਲਈ ਸਿਫ਼ਾਰਸ਼ ਨਹੀਂ ਚੱਲੇਗੀ ਅਤੇ ਆਮ ਲੋਕ ਵਾਰੀ ਸਿਰ ਡੀਸੀ ਨੂੰ ਮਿਲ ਸਕਣਗੇ।