ਚੰਡੀਗੜ੍ਹ - ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹੜ੍ਹ ਪੀੜਤਾਂ ਲਈ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਇਮਾਨਦਾਰੀ 'ਤੇ ਅਵਿਸ਼ਵਾਸ ਜ਼ਾਹਿਰ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਕਿ 'ਆਪ' ਸਰਕਾਰ ਨੂੰ ਬਹਾਨੇ ਬਣਾਉਣਾ ਬੰਦ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਮੁਆਵਜ਼ੇ ਨੂੰ ਦੁੱਗਣਾ ਕਰਨ ਲਈ ਨਿਯਮਾਂ ਵਿੱਚ ਤਬਦੀਲੀ ਦੀ ਮੰਗ ਕਰ ਰਹੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਅਪੀਲ ਕੀਤੀ ਹੈ ਕਿ ਜਾਨਾਂ ਦੇ ਨੁਕਸਾਨ ਲਈ ਮੁਆਵਜ਼ੇ ਦੀ ਰਾਸ਼ੀ 4 ਲੱਖ ਰੁਪਏ ਤੋਂ ਦੁੱਗਣੀ ਕਰ ਕੇ 8 ਲੱਖ ਰੁਪਏ, ਫ਼ਸਲਾਂ ਦੇ ਨੁਕਸਾਨ ਲਈ 17,000 ਰੁਪਏ ਤੋਂ ਵਧਾ ਕੇ 34,000 ਰੁਪਏ, ਦੁਧਾਰੂ ਪਸ਼ੂਆਂ ਲਈ 37,500 ਰੁਪਏ ਤੋਂ 75,000 ਰੁਪਏ ਅਤੇ ਨੁਕਸਾਨੇ ਗਏ ਘਰਾਂ ਲਈ 1.20 ਲੱਖ ਰੁਪਏ ਤੋਂ 2.40 ਲੱਖ ਰੁਪਏ ਕੀਤੀ ਜਾਵੇ।
ਇਸ ਤੋਂ ਪਹਿਲਾਂ ਆਪਣੇ ਹੰਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੰਜਾਬ ਸੂਬੇ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਕੇਂਦਰ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਭੀਖ ਨਹੀਂ ਮੰਗੇਗਾ। ਉਹ (ਮਾਨ) ਇਹ ਵੀ ਕਹਿੰਦੇ ਸਨ ਕਿ ਨੁਕਸਾਨ ਦਾ ਮੁਲਾਂਕਣ ਕਰਨ ਲਈ ਗਿਰਦਾਵਰੀ ਮੁਆਵਜ਼ਾ ਦੇਣ ਤੋਂ ਬਾਅਦ ਕੀਤੀ ਜਾ ਸਕਦੀ ਹੈ ਜਿਵੇਂ ਕਿ ਦਿੱਲੀ ਦੀ 'ਆਪ' ਸਰਕਾਰ ਕਰ ਰਹੀ ਹੈ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੀ ਅਗਿਆਨਤਾ ਨੂੰ ਇੱਕ ਪਾਸੇ ਰੱਖ ਕੇ ਇਹ ਸਮਝਣਾ ਚਾਹੀਦਾ ਹੈ ਕਿ ਕੇਂਦਰ ਤੋਂ ਵਿੱਤੀ ਸਹਾਇਤਾ ਲੈਣਾ ਸੂਬਿਆਂ ਦਾ ਜਾਇਜ਼ ਅਧਿਕਾਰ ਹੈ। ਇਹ ਕਦੋਂ ਤੋਂ "ਭੀਖ ਮੰਗਣਾ" ਬਣ ਗਿਆ ਹੈ?
ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੁਣ ਤੱਕ 6 ਲੱਖ ਏਕੜ ਤੋਂ ਵੱਧ ਫ਼ਸਲ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ 54 ਮਨੁੱਖਾਂ ਅਤੇ 27 ਹਜ਼ਾਰ ਦੁਧਾਰੂ ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। ਫਿਰ ਵੀ ਮੁੱਖ ਮੰਤਰੀ ਮਾਨ ਪੀੜਤਾਂ ਨੂੰ ਰਾਹਤ ਦੇਣ ਲਈ ਬਹਾਨੇ ਬਣਾ ਰਹੇ ਹਨ। ਬਾਜਵਾ ਨੇ ਕਿਹਾ ਕਿ ਮੋਟੀ ਚਮੜੀ ਵਾਲਾ ਸਿਆਸਤਦਾਨ ਅਜਿਹਾ ਵਿਵਹਾਰ ਕਰਦਾ ਹੈ।
ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਉਨ੍ਹਾਂ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਰਾਹਤ ਦੇਣ ਦਾ ਐਲਾਨ ਕਰਨਾ ਚਾਹੀਦਾ ਹੈ, ਜਿਨ੍ਹਾਂ ਦੀ ਫ਼ਸਲ ਖ਼ਰਾਬ ਹੋ ਗਈ ਹੈ। ਮਜ਼ਦੂਰ ਵਰਗ ਅਤੇ ਹੋਰ ਪਰਿਵਾਰ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ, ਨੂੰ ਤੁਰੰਤ ਪ੍ਰਭਾਵ ਨਾਲ ਘੱਟੋ ਘੱਟ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। 50,000 ਰੁਪਏ ਉਸ ਮਾਲਕ ਨੂੰ ਵੀ ਦਿੱਤੇ ਜਾਣੇ ਚਾਹੀਦੇ ਹਨ, ਜਿਸ ਦੇ ਪਸ਼ੂਆਂ ਦੀ ਇਸ ਕੁਦਰਤੀ ਆਫ਼ਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕਾਂ ਨੂੰ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੀ ਦਿੱਤੀ ਜਾਵੇ।