ਚੰਡੀਗੜ੍ਹ: ਜਿਣਸੀ ਸੋਸ਼ਣ ਦੇ ਦੋਸ਼ਾਂ ਤਹਿਤ ਮਾਰਕਫੈਡ ਦੇ ਅੰਮ੍ਰਿਤਸਰ ਤੋਂ ਜ਼ਿਲ੍ਹਾ ਮੈਨੇਜਰ ਕੁਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਲਈ ਮਾਰਕਫੈਡ ਵੱਲੋਂ ਗਠਿਤ ਕਮੇਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕਾਰਵਾਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਕੀਤੀ ਗਈ ਹੈ।
ਕੁਲਵਿੰਦਰ ਸਿੰਘ ’ਤੇ ਵਿਭਾਗ ਦੀ ਹੀ ਮਹਿਲਾ ਮੁਲਾਜ਼ਮ ਵੱਲੋਂ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲਾਏ ਗਏ ਸਨ ਜਿਸ ਦੇ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ਤਹਿਤ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਮੈਨੇਜਰ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦਾ ਹੈੱਡ ਕੁਆਟਰ ਮਾਰਕਫੈਡ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਹੋਵੇਗਾ।
ਮਾਰਕਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜ਼ਮ ਨੇ ਦੱਸਿਆ ਕਿ ਜਿਣਸੀ ਸ਼ੋਸ਼ਣ ਦੇ ਮਾਮਲਿਆਂ ਲਈ ਪਹਿਲਾਂ ਹੀ ਬਣੀ ਹੋਈ ਕਮੇਟੀ ਨੇ ਪੜਤਾਲ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਕਮੇਟੀ ਜਲਦੀ ਰਿਪੋਰਟ ਪੇਸ਼ ਕਰੇਗੀ। ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅੱਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਦੋਸ਼ੀ ਪਾਏ ਜਾਣ ਵਾਲਿਆਂ ਖਿਲ਼ਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।