Ferozepur News: ਪੰਜਾਬੀਆਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਿਰੋਜ਼ਪੁਰ ਡਾ: ਨਿਧੀ ਕੁੰਭੜ ਬੰਬਾ ਨੇ ਇੱਕ ਵਿਸ਼ੇਸ਼ ਹੁਕਮ ਜਾਰੀ ਕਰਦਿਆਂ ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਦਰਿਆ ਵਿੱਚ ਨਿੱਜੀ ਵਿਅਕਤੀਆਂ ਦੁਆਰਾ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਨੇ ਇਕ ਵਿਸ਼ੇਸ਼ ਹੁਕਮ ਜਾਰੀ ਕਰਕੇ ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਅੰਤਰਰਾਸ਼ਟਰੀ ਸਰਹੱਦ ਤੋਂ 25 ਕਿਲੋਮੀਟਰ ਦੇ ਖੇਤਰ ਵਿਚ ਵੱਖ-ਵੱਖ ਥਾਵਾਂ 'ਤੇ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾ ਦਿੱਤੀ ਹੈ।


ਉਨ੍ਹਾਂ ਕਿਹਾ ਕਿ ਡਰੋਨ ਦੀ ਵਰਤੋਂ ਕਰਨ ਲਈ ਕਿਸੇ ਵੀ ਵਿਭਾਗ/ਆਮ ਆਦਮੀ ਵੱਲੋਂ ਸਮਰੱਥ ਪ੍ਰਣਾਲੀ ਰਾਹੀਂ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਇਸੇ ਤਰ੍ਹਾਂ ਜ਼ਿਲ੍ਹੇ ਅੰਦਰ ਜੇਲ੍ਹ ਦੇ 500 ਮੀਟਰ ਦੇ ਘੇਰੇ ਵਿੱਚ ਡਰੋਨ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਅਗਲੇ ਹੁਕਮ ਜਾਰੀ ਕਰਦਿਆਂ ਪਸ਼ੂਆਂ ਨੂੰ ਜਨਤਕ ਥਾਵਾਂ ਅਤੇ ਸੜਕਾਂ 'ਤੇ ਛੱਡਣ ਅਤੇ ਖੁੱਲ੍ਹੇ 'ਚ ਕੂੜਾ ਕਰਕਟ ਆਦਿ ਸਾੜਨ 'ਤੇ ਪਾਬੰਦੀ ਲਗਾ ਦਿੱਤੀ ਹੈ। ਜੋ ਕਿ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹੀ ਕੀਤਾ ਗਿਆ ਹੈ।